ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਅਪਰੈਲ
ਦਿੱਲੀ ਦੇ ਵੱਖ-ਵੱਖ ਹਸਪਤਾਲਾਂ ਵਿੱਚ ਸਿਹਤ ਕਰਮਚਾਰੀਆਂ ਦੀ ਛਾਂਟੀ ਨੂੰ ਲੈ ਕੇ ਲੋਕਾਂ ਵਿੱਚ ਰੋਸ ਹੈ ਕਿ ਪਹਿਲਾਂ ਕੇਂਦਰ ਸਰਕਾਰ ਨੇ ‘ਕੋਵਿਡ ਯੋਧਿਆਂ’ ‘ਤੇ ਅਸਮਾਨ ਤੋਂ ਫੁੱਲਾਂ ਦੀ ਵਰਖਾ ਕੀਤੀ ਸੀ ਤੇ ਹੁਣ ਨੌਕਰੀ ਤੋਂ ਕੱਢ ਦਿੱਤਾ। ਨੌਕਰੀ ਤੋਂ ਕੱਢੇ ਜਾਣ ਤੋਂ ਦੁਖੀ ਮੁਲਾਜ਼ਮਾਂ ਨੇ ਰੋਸ ਵਜੋਂ ਅੱਜ ਜੰਤਰ-ਮੰਤਰ ਵਿੱਚ ਕੇਂਦਰ ਸਰਕਾਰ ਨੂੰ ‘ਫੁੱਲ’ ਮੋੜ ਕੇ ਮੰਗ ਕੀਤੀ ਕਿ ਉਨ੍ਹਾਂ ਦੀਆਂ ਨੌਕਰੀਆਂ ਵਾਪਸ ਦਿੱਤੀਆਂ ਜਾਣ। ਲੇਡੀ ਹਾਰਡਿੰਗ ਮੈਡੀਕਲ ਕਾਲਜ, ਡਾ. ਰਾਮ ਮਨੋਹਰ ਲੋਹੀਆ ਹਸਪਤਾਲ, ਕਲਾਵਤੀ ਸਰਨ ਚਿਲਡਰਨਜ਼ ਹਸਪਤਾਲ, ਰਾਜਕੁਮਾਰੀ ਅੰਮ੍ਰਿਤ ਕੌਰ ਕਾਲਜ ਆਫ਼ ਨਰਸਿੰਗ ਆਦਿ ਸੰਸਥਾਵਾਂ ਤੋਂ ਤਿਆਰ ਕੋਵਿਡ ਯੋਧਿਆਂ ਨੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਆਲ ਇੰਡੀਆ ਸੈਂਟਰਲ ਕੌਂਸਲ ਆਫ ਟਰੇਡ ਯੂਨੀਅਨ ਸੂਬਾ ਸਕੱਤਰ ਸੂਰਿਆ ਪ੍ਰਕਾਸ਼ ਨੇ ਕੋਵਿਡ ਯੋਧਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਨੇ ਸਾਡੇ ‘ਤੇ ਫੁੱਲਾਂ ਦੀ ਵਰਖਾ ਕਰਕੇ ਸਾਡੀਆਂ ਨੌਕਰੀਆਂ ਖੋਹ ਲਈਆਂ ਹਨ। ਇਹ ਮੋਦੀ ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤਾ ਗਿਆ ਬਹੁਤ ਹੀ ਘਟੀਆ ਮਜ਼ਾਕ ਹੈ। ਰਾਮ ਮਨੋਹਰ ਲੋਹੀਆ ਹਸਪਤਾਲ ਦੇ ਅੰਦਰ 12 ਤੋਂ 17 ਸਾਲ ਕੰਮ ਕਰਨ ਤੋਂ ਬਾਅਦ ਨੌਕਰੀ ਤੋਂ ਕੱਢੇ ਗਏ ਮੁਲਾਜ਼ਮਾਂ ਵਿੱਚੋਂ ਇੱਕ ਪੁਸ਼ਪਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ ਤੋਂ ਸਟੇਅ ਆਰਡਰ ਮਿਲਣ ਦੇ ਬਾਵਜੂਦ ਕੰਮ ਤੋਂ ਹਟਾ ਦਿੱਤਾ ਗਿਆ ਹੈ। ਕੋਵਿਡ ਦੌਰਾਨ ਲੇਡੀ ਹਾਰਡਿੰਗ ਮੈਡੀਕਲ ਕਾਲਜ ਵਿੱਚ ਖਤਰੇ ਵਿੱਚ ਪਏ ਮਰੀਜ਼ਾਂ ਦੀ ਸੇਵਾ ਕਰਨ ਵਾਲੀ ਮੰਜੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਡਿਊਟੀ ਕਰਦੇ ਹੋਏ ਹਜ਼ਾਰਾਂ ਜਾਨਾਂ ਬਚਾਈਆਂ ਹਨ। ਅੱਜ ਉਸ ਨੂੰ ਆਪਣੀ ਸੇਵਾ ਲਈ ਬਰਖਾਸਤ ਕਰ ਦਿੱਤਾ ਗਿਆ ਹੈ। ਦਿੱਲੀ ਸਰਕਾਰ ਦੇ ਅਧੀਨ ਲੋਕਨਾਇਕ ਜੈਪ੍ਰਕਾਸ਼ ਨਰਾਇਣ ਹਸਪਤਾਲ ਤੋਂ ਬਾਹਰ ਕੱਢੇ ਗਏ ਕੋਵਿਡ ਯੋਧਿਆਂ ਨੇ ਵੀ ਅੱਜ ਦੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ। ਏ.ਸੀ.ਟੀ.ਯੂ ਦੇ ਪ੍ਰਧਾਨ ਸੰਤੋਸ਼ ਰਾਏ ਨੇ ਧਰਨਾ ਸਮਾਪਤ ਕਰਨ ਦਾ ਐਲਾਨ ਕਰਦਿਆਂ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਗੱਲ ਕਹੀ।