ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 29 ਅਕਤੂਬਰ
ਇਥੇ ‘ਆਇਸਾ, ਕ੍ਰਾਂਤੀਕਾਰੀ ਯੁਵਾ ਸੰਗਠਨ ਤੇ ਹੋਰ ਵਿਦਿਆਰਥੀ, ਅਧਿਆਪਕ ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਦਿੱਲੀ ਯੂਨੀਵਰਸਿਟੀ (ਡੀਯੂ) ਨੂੰ ਮੁੜ ਖੁੱਲ੍ਹਵਾਉਣ ਲਈ ਬੀਤੇ ਦਿਨਾਂ ਤੋਂ ਕੀਤੀ ਜਾ ਰਹੀ ਭੁੱਖ ਹੜਤਾਲ ਅੱਜ ‘ਡੀਯੂ’ ਦੇ ਅਧਿਕਾਰੀਆਂ ਵੱਲੋਂ ਇਸ ਅਹਿਮ ’ਵਰਸਿਟੀ ਨੂੰ ਮੁੜ ਖੋਲ੍ਹਣ ਦੇ ਵਾਅਦੇ ਨਾਲ ਖਤਮ ਹੋ ਗਈ। ਦਿੱਲੀ ਯੂਨੀਵਰਸਿਟੀ ਵਿੱਚ ਪਿਛਲੇ 5 ਦਿਨਾਂ ਤੋਂ ਚੱਲ ਰਹੀ ਭੁੱਖ ਹੜਤਾਲ ਅੱਜ ਖ਼ਤਮ ਹੋ ਗਈ ਤੇ ਡੀਯੂ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਦੀਵਾਲੀ ਤੋਂ ਬਾਅਦ ਯੂਨੀਵਰਸਿਟੀ ਖੋਲ੍ਹਣ ਦਾ ਭਰੋਸਾ ਦਿੱਤਾ। ਦੱਸਣਯੋਗ ਹੈ ਕਿ ਕਾਲਜਾਂ ਨੂੰ ਮੁੜ ਖੋਲ੍ਹਣ ਦੀ ਮੰਗ ਨੂੰ ਲੈ ਕੇ ‘ਆਇਸਾ, ਕ੍ਰਾਂਤੀਕਾਰੀ ਯੁਵਾ ਸੰਗਠਨ ਤੇ ਹੋਰ ਵਿਿਦਆਰਥੀ, ਅਧਿਆਪਕ ਜਥੇਬੰਦੀਆਂ ਨੇ ਮਿਲ ਕੇ ਦਿੱਲੀ ਯੂਨੀਵਰਸਿਟੀ ਦੀ ਆਰਟਸ ਫੈਕਲਟੀ ਵਿੱਚ ਭੁੱਖ ਹੜਤਾਲ ਕੀਤੀ ਸੀ। ਕਾਰਕੁਨਾਂ ਦਾ ਇੱਕ ਵਫ਼ਦ ਡੀਯੂ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮਿਲਿਆ, ਜਿਨ੍ਹਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਦੀਵਾਲੀ ਤੋਂ ਬਾਅਦ ਯੂਨੀਵਰਸਿਟੀ ਖੋਲ੍ਹ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਅਧਿਕਾਰੀ ਵਿਦਿਆਰਥੀਆਂ ਨੂੰ ਮਿਲਣ ਲਈ ਬਾਹਰ ਆਏ ਤੇ ਭੁੱਖ ਹੜਤਾਲ ‘ਤੇ ਬੈਠੇ ਵਿਦਿਆਰਥੀਆਂ ਦੀ ਭੁੱਖ ਹੜਤਾਲ ਅੱਜ ਖ਼ਤਮ ਕਰਵਾ ਦਿੱਤੀ। ਵਿਦਿਆਰਥੀਆਂ ਨੇ ਭਰੋਸੇ ਦੇ ਉਲਟ ਆਉਣ ਵਾਲੇ ਦਿਨਾਂ ਵਿੱਚ ਜੇਕਰ ਯੂਨੀਵਰਸਿਟੀ ਨੂੰ ਤੁਰੰਤ ਨਾ ਖੋਲ੍ਹਿਆ ਗਿਆ ਤਾਂ ਆਪਣਾ ਅੰਦੋਲਨ ਹੋਰ ਤੇਜ਼ ਕਰਨ ਦਾ ਐਲਾਨ ਕੀਤਾ। ਨਾਲ ਹੀ ਵਿਦਿਆਰਥੀ ਜਥੇਬੰਦੀਆਂ ਨੇ ਮੰਗ ਕੀਤੀ ਕਿ ਸਾਰੇ ਅਧਿਆਪਕਾਂ, ਵਿਦਿਆਰਥੀਆਂ ਤੇ ਹੋਰ ਸਟਾਫ ਲਈ ਪੂਰੀ ਟੀਕਾਕਰਨ ਸਹੂਲਤਾਂ ਉਪਲਬਧ ਕਰਵਾਈਆਂ ਜਾਣ।
ਡੀਯੂ ਵਿੱਚ ਅਧਿਆਪਨ ਦਾ ਕੰਮ ਅਜੇ ਵੀ ਆਨਲਾਈਨ ਢੰਗ ਨਾਲ ਕੀਤਾ ਜਾ ਰਿਹਾ ਹੈ ਜਦੋਂ ਕਿ ਬਾਕੀ ਸਾਰੇ ਪ੍ਰਸ਼ਾਸਨਿਕ ਕੰਮ ਔਫਲਾਈਨ ਕੀਤੇ ਗਏ ਹਨ। ਯੂਨੀਵਰਸਿਟੀ ਬੰਦ ਹੋਣ ਕਾਰਨ ਵਿਦਿਆਰਥੀਆਂ ਨੂੰ ਕਲਾਸਾਂ, ਅਧਿਐਨ ਸਮੱਗਰੀ ਆਦਿ ਲੈਣ ਵਿੱਚ ਦਿੱਕਤ ਆ ਰਹੀ ਹੈ। ਇਸ ਦੇ ਬਾਵਜੂਦ ਦਿੱਲੀ ਯੂਨੀਵਰਸਿਟੀ ਵਿਦਿਆਰਥੀਆਂ ਦੀਆਂ ਚਿੰਤਾਵਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਕਰੋਨਾ ਕਾਲ ਦੌਰਾਨ ਵਰਸਿਟੀ ਬੰਦ ਕੀਤੀ ਹੋਈ ਹੈ।