ਪੱਤਰ ਪ੍ਰੇਰਕ
ਨਵੀਂ ਦਿੱਲੀ 10 ਸਤੰਬਰ
ਕੇਂਦਰ ਸਰਕਾਰ ਵੱਲੋਂ ਪਾਸ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ-2020 ਅਤੇ ਪਰਾਲੀ ਸਾੜਨ ਸਬੰਧੀ ਆਰਡੀਨੈਂਸ ਨੂੰ ਰੱਦ ਕਰਵਾਉਣ ਅਤੇ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ ‘ਤੇ ਖਰੀਦ ਦੀ ਗਾਰੰਟੀ ਵਾਲਾ ਕਾਨੂੰਨ ਬਣਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ 8 ਮਹੀਨਿਆਂ ਤੋਂ ਦਿੱਲੀ ਦੇ ਸਿੰਘੂ, ਟਿਕਰੀ ਤੇ ਗਾਜ਼ੀਪੁਰ ਬਾਰਡਰ ’ਤੇ ਚੱਲ ਰਹੇ ਕਿਸਾਨ ਮੋਰਚਿਆਂ ਨੂੰ ਮਜ਼ਬੂਤ ਕਰਨ ਅਤੇ 27 ਸਤੰਬਰ ਦੇ ਭਾਰਤ-ਬੰਦ ਨੂੰ ਸਫ਼ਲ ਬਣਾਉਣ ਲਈ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੀ ਅਹਿਮ ਮੀਟਿੰਗ ਟੀਕਰੀ ਮੋਰਚੇ ‘ਤੇ ਹੋਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ 600 ਤੋਂ ਉੱਪਰ ਕਿਸਾਨਾਂ ਦੇ ਸ਼ਹੀਦ ਹੋ ਜਾਣ ਦੇ ਬਾਵਜੂਦ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਤਾਨਾਸ਼ਾਹੀ ਰਵੱਈਆ ਬਰਕਰਾਰ ਹੈ ਤੇ ਪੰਜਾਬ ਤੋਂ ਸ਼ੁਰੂ ਹੋਇਆ ਕਿਸਾਨ-ਸੰਘਰਸ਼ ਦੇਸ਼ ਭਰ ‘ਚ ਫੈਲ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਸੰਘਰਸ਼ ਹੀ ਹੁਣ ਮੋਦੀ ਸਰਕਾਰ ਦੇ ਪਤਨ ਦਾ ਕਾਰਨ ਬਣੇਗਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਮੁਜ਼ੱਫਰਨਗਰ-ਉੱਤਰ ਪ੍ਰਦੇਸ਼ ‘ਚ ਹੋਈ ਮਹਾਪੰਚਾਇਤ ਨੇ ਭਾਜਪਾ ਨੂੰ ਭਾਜੜਾਂ ਪਾ ਦਿੱਤੀਆਂਂ ਹਨ ਤੇ ਭਾਜਪਾ ਆਗੂ ਬੁਖਲਾਹਟ ਵਿੱਚ ਆ ਕੇ ਪੁੱਠੇ ਸਿੱਧੇ ਬਿਆਨ ਦੇ ਰਹੇ ਹਨ।
ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨ ਆਪਣਾ ਸੰਘਰਸ਼ ਲਗਾਤਾਰ ਜਾਰੀ ਰੱਖਣਗੇ ਅਤੇ ਕੇਂਦਰ-ਸਰਕਾਰ ਨੂੰ ਖੇਤੀ-ਕਾਨੂੰਨ ਹਰ ਹੀਲੇ ਵਾਪਸ ਲੈਣੇ ਪੈਣਗੇ। ਇਸ ਦੌਰਾਨ ਸੂਬਾ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ, ਮੀਤ ਪ੍ਰਧਾਨ ਗੁਰਮੀਤ ਸਿੰਘ ਭੱਟੀਵਾਲ, ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ, ਲੁਧਿਆਣਾ ਜ਼ਿਲ੍ਹੇ ਦੇ ਆਗੂ ਮਹਿੰਦਰ ਸਿੰਘ ਕਮਾਲਪੁਰਾ, ਇੰਦਰਜੀਤ ਸਿੰਘ ਧਾਲੀਵਾਲ, ਹਰਪ੍ਰੀਤ ਸਿੰਘ ਅਖਾੜਾ, ਗੁਰਪ੍ਰੀਤ ਸਿੰਘ ਸਿੱਧਵਾਂ ਕਲਾਂ, ਰਣਧੀਰ ਸਿੰਘ ਬੱਸੀਆਂ ਸਮੇਤ ਦੋ ਦਰਜਨ ਆਗੂ ਹਾਜ਼ਰ ਸਨ।