ਪੱਤਰ ਪ੍ਰੇਰਕ
ਨਵੀਂ ਦਿੱਲੀ, 23 ਸਤੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਾਅਵਾ ਕੀਤਾ ਕਿ ਦਸਮੇਸ਼ ਸੇਵਾ ਸੁਸਾਇਟੀ ਦੇ ਮੁਖੀ ਇੰਦਰਮੋਹਨ ਸਿੰਘ ਸ਼੍ਰੋਮਣੀ ਅਕਾਲੀ ਦਲ (ਦਿੱਲੀ ਸਟੇਟ) ਵਿੱਚ ਸ਼ਾਮਲ ਹੋ ਗਏ ਹਨ ਜਦੋਂ ਕਿ ਇੰਦਰਮੋਹਨ ਸਿੰਘ ਨੇ ਕਿਹਾ ਕਿ ਉਹ ਸਿਰਫ਼ ਦਿੱਲੀ ਕਮੇਟੀ ਦੇ ਸਕੂਲਾਂ ਨਾਲ ਸਬੰਧਤ ਮੁੱਦਿਆਂ ਨੂੰ ਲੈ ਕੇ ਦਿੱਲੀ ਕਮੇਟੀ ਦੀ ਮਦਦ ਕਰਨਗੇ ਨਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਕਾਲਕਾ ਧੜੇ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਦਸਮੇਸ਼ ਸੇਵਾ ਸੁਸਾਇਟੀ ਦੇ ਪ੍ਰਧਾਨ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਇੰਦਰਮੋਹਨ ਸਿੰਘ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੱਲੋਂ ਕੀਤੇ ਜਾ ਰਹੇ ਪੰਥਕ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸ਼੍ਰੋਮਣੀ ਅਕਾਲੀ ਦਲ (ਦਿੱਲੀ ਸਟੇਟ) ਵਿੱਚ ਸ਼ਾਮਲ ਹੋ ਗਏ ਹਨ। ਡੀਐੱਸਜੀਐੱਮਸੀ ਦੇ ਪ੍ਰਧਾਨ ਕਾਲਕਾ ਤੇ ਜਨਰਲ ਸਕੱਤਰ ਕਾਹਲੋਂ ਨੇ ਇੰਦਰਮੋਹਨ ਸਿੰਘ ਨੂੰ ਸਿਰੋਪਾਓ ਤੇ ਨਿਯੁਕਤੀ ਪੱਤਰ ਦੇ ਕੇ ਆਪਣੀ ਟੀਮ ਵਿੱਚ ਸ਼ਾਮਲ ਕੀਤਾ ਹੈ। ਸ੍ਰੀ ਕਾਲਕਾ ਨੇ ਕਿਹਾ ਕਿ ਇੰਦਰਮੋਹਨ ਸਿੰਘ ਲੰਬੇ ਸਮੇਂ ਤੋਂ ਦਿੱਲੀ ਕਮੇਟੀ ਨਾਲ ਜੁੜੇ ਹੋਏ ਹਨ। ਸ੍ਰੀ ਕਾਹਲੋਂ ਨੇ ਕਿਹਾ ਕਿ ਇੰਦਰ ਮੋਹਨ ਨੂੰ ਕਾਨੂੰਨੀ ਤੇ ਪ੍ਰਸ਼ਾਸਨ ਨਾਲ ਸਬੰਧਤ ਕੰਮਾਂ ਦਾ ਲੰਮਾ ਤਜਰਬਾ ਹੈ ਤੇ ਉਹ ਹਮੇਸ਼ਾ ਚੰਗੀ ਸਲਾਹ ਦਿੰਦੇ ਹਨ। ਹੁਣ ਉਨ੍ਹਾਂ ਦੀਆਂ ਸੇਵਾਵਾਂ ਲੈ ਕੇ ਹੋਰ ਵੀ ਕਈ ਚੰਗੇ ਕੰਮ ਕੀਤੇ ਜਾਣਗੇ। ਇਸ ਮੌਕੇ ਐਮ.ਪੀ.ਐਸ. ਚੱਢਾ, ਵਿਕਰਮ ਸਿੰਘ ਰੋਹਿਣੀ ਆਦਿ ਹਾਜ਼ਰ ਸਨ।