ਪੱਤਰ ਪ੍ਰੇਰਕ
ਨਵੀਂ ਦਿੱਲੀ, 14 ਮਾਰਚ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵੱਲੋਂ ਕੇਸ ਸੰਭਾਲ ਪ੍ਰਚਾਰ ਸੰਸਥਾ ਦੇ ਸਹਿਯੋਗ ਨਾਲ ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਵਿੱਚ ਕੌਮਾਂਤਰੀ ਦਸਤਾਰ ਮੁਕਾਬਲਾ ਕਰਵਾਇਆ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਕਮੇਟੀ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਮੁਕਾਬਲੇ ਵਿਚ 10 ਸਾਲ ਤੋਂ ਲੈ ਕੇ 25 ਸਾਲ ਤਕ ਦੀ ਉਮਰ ਦੇ 100 ਤੋਂ ਵੱਧ ਬੱਚਿਆਂ ਸ਼ਿਰਕਤ ਕੀਤੀ। ਮੁਕਾਬਲੇ ਦੀ ਵਿਸ਼ੇਸ਼ਤਾ ਇਹ ਰਹੀ ਕਿ ਬੱਚਿਆਂ ਨੂੰ ਆਨਲਾਈਨ ਸੁਵਿਧਾ ਵੀ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਮਾਤਾ ਪਿਤਾ ਨੂੰ ਚਾਹੀਦਾ ਹੈ ਕਿ ਬੱਚਿਆਂ ਨੂੰ ਸਿੱਖ ਇਤਿਹਾਸ ਦੀ ਜਾਣਕਾਰੀ ਦੇਣ। ਇਸ ਲਈ ਸਮੇਂ ਦੀ ਮੰਗ ਨੂੰ ਮੁੱਖ ਰੱਖਦਿਆਂ ਸਾਨੂੰ ਸਾਰਿਆਂ ਨੂੰ ਮਿਲ ਕੇ ਫ਼ੈਸ਼ਨ ਪ੍ਰਸਤ ਹੋ ਰਹੀ ਪੀੜ੍ਹੀ ਨੂੰ ਸਿੱਖੀ ਨਾਲ ਜੋੜਨਾ ਚਾਹੀਦਾ ਹੈ ਅਤੇ ਇਸ ਵਿਚ ਬੱਚਿਆਂ ਦੇ ਮਾਤਾ-ਪਿਤਾ ਅਹਿਮ ਰੋਲ ਅਦਾ ਕਰ ਸਕਦੇ ਹਨ। ਮਗਰੋਂ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ ਗਏ।