ਪੱਤਰ ਪ੍ਰੇਰਕ
ਫਰੀਦਾਬਾਦ, 23 ਜੂਨ
ਦਿੱਲੀ-ਐੱਨਸੀਆਰ ਵਿੱਚ ਅੱਜ ਦੁਪਹਿਰ ਬਾਅਦ ਅਚਾਨਕ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਅੱਜ ਸਵੇਰ ਤੋਂ ਹੀ ਬੱਦਲਾਂ ਦੀ ਹਲਚਲ ਜਾਰੀ ਸੀ ਤੇ ਦੁਪਹਿਰ 2 ਵਜੇ ਤੋਂ ਬਾਅਦ ਦਿੱਲੀ ਸਣੇ ਗਾਜ਼ੀਆਬਾਦ, ਨੋਇਡਾ, ਫਰੀਦਾਬਾਦ, ਗੁਰੂਗ੍ਰਾਮ ’ਚ ਮੀਂਹ ਪੈਣਾ ਸ਼ੁਰੂ ਹੋ ਗਿਆ। ਕਈ ਥਾਵਾਂ ’ਤੇ ਭਾਰੀ ਮੀਂਹ ਪਿਆ। ਹਾਲਾਂਕਿ ਨਮੀ ਵਧਣ ਨਾਲ ਲੋਕਾਂ ਦੀਆਂ ਮੁਸ਼ਕਲਾਂ ਵੀ ਵਧੀਆਂ ਹਨ। ਦਿੱਲੀ-ਐੱਨਸੀਆਰ ਵਿੱਚ ਬੱਦਲਾਂ ਦਾ ਸਿਲਸਿਲਾ ਸ਼ਨਿਚਰਵਾਰ ਤੋਂ ਸ਼ੁਰੂ ਹੋ ਗਿਆ ਸੀ। ਐਤਵਾਰ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਤਾਪਮਾਨ 39.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂਕਿ ਘੱਟੋ-ਘੱਟ ਤਾਪਮਾਨ 29.6 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਪਹਿਲਾਂ 12 ਮਈ ਨੂੰ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 39.8 ਡਿਗਰੀ ਸੈਲਸੀਅਸ ਸੀ। 13 ਮਈ ਤੋਂ ਲਗਾਤਾਰ 40 ਦਿਨ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਰਿਹਾ।