ਪੱਤਰ ਪ੍ਰੇਰਕ
ਨਵੀਂ ਦਿੱਲੀ, 31 ਮਈ
ਕਾਂਗਰਸ ਤੇ ਭਾਜਪਾ ਵੱਲੋਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਹੋਣ ਮਗਰੋਂ ਕੇਜਰੀਵਾਲ ਸਰਕਾਰ ਉਪਰ ਹੱਲੇ ਬੋਲੇ ਗਏ ਤੇ ਜੈਨ ਨੂੰ ਮੰਤਰੀ ਮੰਡਲ ਵਿੱਚੋਂ ਹਟਾਉਣ ਦੀ ਮੰਗ ਕੀਤੀ ਗਈ।
ਕਾਂਗਰਸ ਦੇ ਪ੍ਰਧਾਨ ਅਨਿਲ ਕੁਮਾਰ ਨੇ ਕਿਹਾ ਕਿ 7 ਸਾਲਾਂ ਦੀ ਪੁੱਛਗਿੱਛ ਤੋਂ ਬਾਅਦ ਈਡੀ ਵੱਲੋਂ ਸਿਹਤ ਮੰਤਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਇਨਸਾਫ਼ ਦੀ ਜਿੱਤ ਹੈ। ਜੈਨ ਦੀ ਦੇਰ ਨਾਲ ਹੋਈ ਗ੍ਰਿਫਤਾਰੀ ’ਤੇ ਉਨ੍ਹਾਂ ਕਿਹਾ, ‘‘ਸੱਚ ਨੂੰ ਦਬਾਇਆ ਜਾ ਸਕਦਾ ਹੈ, ਨਸ਼ਟ ਨਹੀਂ ਕੀਤਾ ਜਾ ਸਕਦਾ।’’ ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਵਿੱਚ ਸਤੇਂਦਰ ਜੈਨ ਸਮੇਤ 80 ਫੀਸਦੀ ਮੰਤਰੀ ਅਪਰਾਧਾਂ ਵਿੱਚ ਸ਼ਾਮਲ ਹਨ ਜਿਨ੍ਹਾਂ ਵਿੱਚੋਂ ਬਹੁਤੇ ਜੇਲ੍ਹ ਜਾ ਚੁੱਕੇ ਹਨ। ਸੂਬਾ ਦਫ਼ਤਰ ਵਿੱਚ ਕੀਤੀ ਗਈ ਪ੍ਰੈੱਸ ਕਾਨਫਰੰਸ ਵਿੱਚ ਅਨਿਲ ਕੁਮਾਰ ਨੇ ਕੇਜਰੀਵਾਲ ਤੋਂ ਮੰਗ ਕੀਤੀ ਕਿ ਸਤਿੰਦਰ ਜੈਨ ਨੂੰ ਵਿਧਾਨ ਸਭਾ ਅਤੇ ਪਾਰਟੀ ਵਿੱਚੋਂ ਤੁਰੰਤ ਪ੍ਰਭਾਵ ਤੋਂ ਬਰਖਾਸਤ ਕਰਨਾ ਚਾਹੀਦਾ ਹੈ, ਜਦਕਿ ਕੇਜਰੀਵਾਲ ਨੇ ਐਲਾਨ ਕੀਤਾ ਸੀ ਕਿ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਵਿਅਕਤੀ ਦੇਸ਼ਧ੍ਰੋਹੀ ਹੋਵੇਗਾ। ਉਨ੍ਹਾਂ ਕਿਹਾ ਕਿ ਸਤਿੰਦਰ ਜੈਨ ਨੂੰ ਬਚਾਉਣ ਲਈ ਕੇਜਰੀਵਾਲ ਨੇ ਉਨ੍ਹਾਂ ਨੂੰ ਹਿਮਾਚਲ ਪ੍ਰਦੇਸ਼ ਦਾ ਇੰਚਾਰਜ ਬਣਾਇਆ ਸੀ ਅਤੇ ਹੁਣ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ ਹਿਮਾਚਲ ਦੀ ਰਾਜਨੀਤੀ ਨਾਲ ਜੋੜ ਕੇ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਤੇਂਦਰ ਜੈਨ, ਜਤਿੰਦਰ ਤੋਮਰ, ਸੋਮਨਾਥ ਭਾਰਤੀ ਸੰਦੀਪ ਸਿੰਘ ਤੇ ਵਿਜੇ ਸਿੰਗਲਾ ਸਮੇਤ ਪੰਜ ਮੰਤਰੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਅਤੇ ਅਪਰਾਧਿਕ ਮਾਮਲੇ ਦੇ ਦੋਸ਼ੀ ਸਾਬਤ ਹੋ ਚੁੱਕੇ ਹਨ।
ਭਾਜਪਾ ਵੱਲੋਂ ਮੁੱਖ ਮੰਤਰੀ ਨਿਵਾਸ ਅੱਗੇ ਧਰਨਾ
ਸਤੇਂਦਰ ਜੈਨ ਨੂੰ ਪਾਰਟੀ ਵਿੱਚੋਂ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਅੱਜ ਮੁੱਖ ਮੰਤਰੀ ਨਿਵਾਸ ਦੇ ਬਾਹਰ ਦਿੱਤੇ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਈਡੀ ਦੀ ਜਾਂਚ ਤੋਂ ਸਾਫ਼ ਹੈ ਕਿ ਸਤੇਂਦਰ ਜੈਨ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹਨ ਅਤੇ ਕੇਜਰੀਵਾਲ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਜੇਕਰ ਕੇਜਰੀਵਾਲ ਇੰਨੇ ਹੀ ਇਮਾਨਦਾਰ ਹਨ ਤਾਂ ਉਨ੍ਹਾਂ ਨੂੰ ਸਤੇਂਦਰ ਜੈਨ ਨੂੰ ਤੁਰੰਤ ਪਾਰਟੀ ਤੋਂ ਬਰਖਾਸਤ ਕਰ ਦੇਣਾ ਚਾਹੀਦਾ ਹੈ। ਆਦੇਸ਼ ਗੁਪਤਾ ਨੇ ਕਿਹਾ ਕਿ ਕੇਜਰੀਵਾਲ ਦੇ ਮੰਤਰੀ ਰਾਸ਼ਨ ਕਾਰਡ ਦੇ ਨਾਂ ’ਤੇ ਔਰਤਾਂ ਨਾਲ ਦੁਰਵਿਵਹਾਰ ਕਰਦੇ ਹਨ, ਪਤਨੀ ’ਤੇ ਤਸ਼ੱਦਦ ਕਰਦੇ ਹਨ, ਜਾਅਲੀ ਡਿਗਰੀਆਂ ਰੱਖਣ ਦੇ ਦੋਸ਼ ਸਾਬਤ ਹੁੰਦੇ ਹਨ। ਇਹ ਸਾਰੇ ਕਾਰਨਾਮੇ ਆਮ ਆਦਮੀ ਪਾਰਟੀ ਦੇ ਸੱਤ ਸਾਲਾਂ ਦੀ ਕਹਾਣੀ ਚੰਗੀ ਤਰ੍ਹਾਂ ਬਿਆਨ ਕਰਦੇ ਹਨ। ਇਸ ਸਭ ਦੇ ਬਾਅਦ ਵੀ ਕੇਜਰੀਵਾਲ ਮਗਰਮੱਛ ਦੇ ਹੰਝੂ ਵਹਾਉਂਦੇ ਹੋਏ ਕੱਟੜਪੰਥੀ ਇਮਾਨਦਾਰੀ ਦੀਆਂ ਗੱਲਾਂ ਕਰ ਰਹੇ ਹਨ।