ਪੱਤਰ ਪ੍ਰੇਰਕ
ਨਵੀਂ ਦਿੱਲੀ, 24 ਜੁਲਾਈ
ਕਾਂਗਰਸ ਤੋਂ ਕੱਢੇ ਗਏ ਵਿਧਾਇਕ ਕੁਲਦੀਪ ਬਿਸ਼ਨੋਈ ਨੇ ਐਤਵਾਰ ਨੂੰ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ। ਬਿਸ਼ਨੋਈ ਨੂੰ ਪਿਛਲੇ ਮਹੀਨੇ ਰਾਜ ਸਭਾ ਚੋਣਾਂ ਵਿੱਚ ਕਰਾਸ ਵੋਟਿੰਗ ਲਈ ਕਾਂਗਰਸ ਤੋਂ ਕੱਢ ਦਿੱਤਾ ਗਿਆ ਸੀ। ਆਦਮਪੁਰ ਦੇ ਵਿਧਾਇਕ ਦੀ ਦੋ ਹਫ਼ਤਿਆਂ ਦੇ ਅੰਦਰ ਭਾਜਪਾ ਲੀਡਰਸ਼ਿਪ ਨਾਲ ਇਹ ਦੂਜੀ ਮੀਟਿੰਗ ਸੀ। ਬੀਤੀ 10 ਜੁਲਾਈ ਨੂੰ ਉਹ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਨੱਡਾ ਨੂੰ ਮਿਲੇ ਸਨ। ਬਿਸ਼ਨੋਈ ਨੇ ਟਵਿਟਰ ’ਤੇ ਨੱਢਾ ਅਤੇ ਖੱਟਰ ਦੀ ਦਿੱਲੀ ’ਚ ਮੁਲਾਕਾਤ ਤੋਂ ਬਾਅਦ ਉਨ੍ਹਾਂ ਦੀ ਤਾਰੀਫ ਕੀਤੀ, ਜਿੱਥੇ ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਿਆਸੀ ਮੁੱਦਿਆਂ ’ਤੇ ਚਰਚਾ ਕੀਤੀ ਗਈ। 53 ਸਾਲਾ ਵਿਧਾਇਕ ਨੂੰ ਕਾਂਗਰਸ ਨੇ ਪਿਛਲੇ ਮਹੀਨੇ ਪਾਰਟੀ ਤੋਂ ਕੱਢ ਦਿੱਤਾ ਸੀ। ਬਰਖਾਸਤਗੀ ਤੋਂ ਬਾਅਦ ਬਿਸ਼ਨੋਈ ਨੇ ਕਿਹਾ ਕਿ ਕਾਂਗਰਸ ਦੇ ਕੁਝ ਨੇਤਾਵਾਂ ਲਈ ਨਿਯਮ ਹਨ ਤੇ ਦੂਜਿਆਂ ਲਈ ਅਪਵਾਦ। ਨਿਯਮ ਚੋਣਵੇਂ ਰੂਪ ਵਿੱਚ ਲਾਗੂ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਆਪਣੀ ਆਤਮਾ ਦੀ ਗੱਲ ਸੁਣੀ ਅਤੇ ਆਪਣੇ ਨੈਤਿਕਤਾ ’ਤੇ ਕੰਮ ਕੀਤਾ। ਉਨ੍ਹਾਂ ਵੱਲੋਂ ਰਾਸ਼ਟਰਪਤੀ ਚੋਣਾਂ ਬਾਅਦ ਇੱਕ ਟਵੀਟ ਵਿੱਚ ਕਿਹਾ ਸੀ ਕਿ ਸੱਪਾਂ ਤੋਂ ਡਰ ਕੇ ਜੰਗਲ ਨਹੀਂ ਛੱਡਿਆ ਜਾਂਦਾ। ਅੱਜ ਉਹ ਜਦੋਂ ਹਰਿਆਣਾ ਦੇ ਮੁੱਖ ਮੰਤਰੀ ਨੂੰ ਮਿਲੇ ਤਾਂ ਉਹ ਬਹੁਤ ਖ਼ੁਸ਼ ਨਜ਼ਰ ਆ ਰਹੇ ਸਨ।
ਹਰਿਆਣਾ ਵਿੱਚ ਔਰਤਾਂ ਤੱਕ ਪਹੁੰਚ ਕਰੇਗਾ ਕੌਮੀ ਮਹਿਲਾ ਕਮਿਸ਼ਨ
ਨਵੀਂ ਦਿੱਲੀ ਵਿੱਚ ਹਰਿਆਣਾ ਭਵਨ ’ਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਨੇ ਕਿਹਾ ਕਿ ਹਰਿਆਣਾ ਪਹਿਲਾ ਅਜਿਹਾ ਰਾਜ ਹੋਵੇਗਾ, ਜਿੱਥੇ ਕੌਮੀ ਮਹਿਲਾ ਕਮਿਸ਼ਨ ਰਾਜ ਮਹਿਲਾ ਕਮਿਸ਼ਨ ਦੇ ਸਹਿਯੋਗ ਨਾਲ ਸਾਰੇ ਜ਼ਿਲ੍ਹਿਆਂ ਵਿੱਚ ਔਰਤਾਂ ਤੱਕ ਪਹੁੰਚ ਕਰੇਗਾ ਤਾਂ ਜੋ ਉਨ੍ਹਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਅਤੇ ਆਤਮ-ਨਿਰਭਰ ਬਣਾਇਆ ਜਾ ਸਕੇ। ਚੇਅਰਪਰਸਨ ਨੇ ਕਿਹਾ ਕਿ ਹਰਿਆਣਾ ਵਿੱਚ ਔਰਤਾਂ ਵੱਖ-ਵੱਖ ਖੇਤਰਾਂ ਵਿੱਚ ਆਪਣੀ ਮੌਜੂਦਗੀ ਦਰਜ ਕਰਵਾ ਰਹੀਆਂ ਹਨ। ਹਰਿਆਣਾ ਨੇ ਕੰਨਿਆ ਭਰੂਣ ਹੱਤਿਆ ਨੂੰ ਕਾਬੂ ਕਰਨ ਅਤੇ ਅਸੰਤੁਲਿਤ ਲਿੰਗ ਅਨੁਪਾਤ ਨੂੰ ਸੰਤੁਲਿਤ ਕਰਕੇ ਜ਼ਿਕਰਯੋਗ ਅਤੇ ਸ਼ਲਾਘਾਯੋਗ ਕੰਮ ਕੀਤਾ ਹੈ। ਮੁੱਖ ਮੰਤਰੀ ਨੇ ਕੌਮੀ ਮਹਿਲਾ ਕਮਿਸ਼ਨ ਨੂੰ ਹਰ ਸੰਭਵ ਦੇਣ ਦਾ ਭਰੋਸਾ ਦਿੱਤਾ ਹੈ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੀ 10ਵੀਂ ਜਮਾਤ ਦੀ ਪ੍ਰੀਖਿਆ ਵਿੱਚ 100 ਫੀਸਦੀ ਅੰਕ ਪ੍ਰਾਪਤ ਕਰਨ ਵਾਲੀ ਮਹਿੰਦਰਗੜ੍ਹ (ਹਰਿਆਣਾ) ਦੀ ਵਿਦਿਆਰਥਣ ਅੰਜਲੀ ਯਾਦਵ ਨੂੰ ਮੁੱਖ ਮੰਤਰੀ ਨੇ ਸ਼ੁਭਕਾਮਨਾਵਾਂ ਦਿੰਦੇ ਹੋਏ ਅਗਲੇ ਦੋ ਸਾਲ ਲਈ 20 ਹਜ਼ਾਰ ਰੁਪਏ ਪ੍ਰਤੀ ਮਹੀਨਾ ਵਜ਼ੀਫੇ ਵਜੋਂ ਦੇਣ ਦਾ ਐਲਾਨ ਕੀਤਾ। ਉਥੇ ਹੀ ਮਨੋਹਰ ਲਾਲ ਨੇ ਰਾਸ਼ਟਰਮੰਡਲ ਖੇਡਾਂ-2022 ਵਿਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਖੁਦ ਹਰਿਆਣਾ ਦੇ ਖਿਡਾਰੀਆਂ ਤੋਂ ਹਮੇਸ਼ਾ ਉੱਚ ਪ੍ਰਦਰਸ਼ਨ ਦੀ ਉਮੀਦ ਰੱਖਦੇ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ‘ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ’ ਦੇ ਚਾਂਦੀ ਤਮਗਾ ਜੇਤੂ ਨੀਰਜ ਚੋਪੜਾ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਦੇਸ਼ ਅਤੇ ਸੂਬੇ ਦਾ ਮਾਣ ਵਧਾਇਆ ਹੈ।