ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਜੁਲਾਈ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉਪਰ ਕਾਬਜ਼ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵੱਲੋਂ ‘ਟੋਕਰੀ’ ਲੋਗੋ ਜਾਰੀ ਕੀਤਾ ਗਿਆ, ਜਿਸ ਨਾਲ ਸਿੱਖ ਕੌਮ ਦੀ ਸੇਵਾ ਦੇ ਟੀਚੇ ਨੂੰ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਗਈ। ਦਿੱਲੀ ਦੇ ਤਾਲਕਟੋਰਾ ਸਟੇਡੀਅਮ ’ਚ ਮੀਂਹ ਤੋਂ ਪ੍ਰਭਾਵਿਤ ਹੋਏ ਸਮਾਗਮ ਦੌਰਾਨ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਨੂੰ ਰੱਜ ਕੇ ਰਗੜੇ ਲਾਏ। ਸ਼੍ਰੋਮਣੀ ਅਕਾਲੀ ਦਲ (ਦਿੱਲੀ ਸਟੇਟ) ਦੇ ਪ੍ਰਧਾਨ ਐੱਮਪੀਐੱਸ ਚੱਢਾ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਸਮੇਤ ਹੋਰ ਸਿੱਖ ਆਗੂਆਂ ਦੀ ਹਾਜ਼ਰੀ ਵਿੱਚ ‘ਟੋਕਰੀ’ ਲੋਗੋ ਜਾਰੀ ਕੀਤਾ ਗਿਆ। ਇਸ ਮੌਕੇ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਸਮੇਤ ਹੋਰ ਮੈਂਬਰ ਵੀ ਹਾਜ਼ਰ ਸਨ। ਸਾਬਕਾ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ’ਚੋਂ ਜਦੋਂ ਤੱਕ ਸੁਖਬੀਰ ਸਿੰਘ ਬਾਦਲ ਪਾਸੇ ਨਹੀਂ ਹੁੰਦੇ, ਉਦੋਂ ਤੱਕ ਪੰਥ ਦਾ ਸਿਆਸਤ ਉਪਰ ਕੁੰਡਾ ਨਹੀਂ ਹੋਵੇਗਾ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪੰਥਕ ਅਕੀਦਾ ਕਾਇਮ ਰੱਖਣਾ ਤੇ ਸਿਰਫ਼ ਸਿਆਸੀ ਹੀ ਹੋਣਾ ਨਹੀਂ, ਸਗੋਂ ਧਾਰਮਿਕ ਤੇ ਸਿਆਸੀ ਚੋਣਾਂ ਵੀ ਲੜੀਆਂ ਜਾਣ। ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੂੰਮਾ ਨੇ ਕਿਹਾ ਕਿ ਪੰਥਕ ਭਾਵਨਾਵਾਂ ’ਤੇ ਪਹਿਰਾ ਦੇਣ ਦੀ ਲੋੜ ਹੈ। ਸਾਬਕਾ ਰਾਜ ਸਭਾ ਮੈਂਬਰ ਤਰਲੋਚਨ ਸਿੰਘ, ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।