ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਦਸੰਬਰ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਚਾਰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਗੁਰਦੁਆਰੇ ਦੇ ਬਾਹਰ ਖੁੱਲ੍ਹੇ ਪੰਡਾਲ ਵਿਚ ਮਨਾਇਆ ਗਿਆ। ਇਸ ਮੌਕੇ ਕੀਰਤਨ ਸਮਾਗਮ ਅਤੇ ਕਥਾ ਵਿਚਾਰਾਂ ਕੀਤੀਆਂ ਗਈਆਂ। ਪ੍ਰਬੰਧਕ ਹਰਮਨਜੀਤ ਸਿੰਘ ਨੇ ਕਿਹਾ ਕਿ ਜਿਸ ਤਰ੍ਹਾਂ ਛੋਟੇ ਸਾਹਿਬਜ਼ਾਦਿਆਂ ਜ਼ੋਰਾਵਰ ਸਿੰਘ ਅਤੇ ਫਤਹਿ ਸਿੰਘ ਨੇ ਮਾਤਾ ਗੁਜਰੀ ਨਾਲ ਠੰਢੇ ਬੁਰਜ ਵਿੱਚ ਰਾਤਾਂ ਕੱਟੀਆਂ, ਕਮੇਟੀ ਦੇ ਸਮੂਹ ਅਹੁਦੇਦਾਰਾਂ ਨੇ ਆਪਣੀ ਨੌਜਵਾਨ ਪੀੜ੍ਹੀ ਨੂੰ ਵੀ ਇਸੇ ਤਰ੍ਹਾਂ ਦਾ ਅਹਿਸਾਸ ਕਰਵਾਉਣ ਲਈ ਸਮਾਗਮ ਬਾਹਰ ਖੁੱਲ੍ਹੇ ਪੰਡਾਲ ਵਿੱਚ ਕਰਵਾਇਆ। ਤੇਜਿੰਦਰ ਸਿੰਘ ਗੋਆ ਅਤੇ ਦਲੀਪ ਸਿੰਘ ਸੇਠੀ ਨੇ ਸੰਗਤ ਨੂੰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੇ ਜੀਵਨ ਤੋਂ ਜਾਣੂੰ ਕਰਵਾਇਆ| ਹਰਮਨਜੀਤ ਸਿੰਘ ਨੇ ਦੱਸਿਆ ਕਿ ਪਹਿਲੀ ਵਾਰ ਰੈਣ ਸਬਾਈ ਕੀਰਤਨ ਦਰਬਾਰ ਕਰਵਾਇਆ ਗਿਆ ਹੈ, ਅਗਲੇ ਸਾਲ ਸ਼ਹੀਦੀ ਦਿਹਾੜੇ ’ਤੇ ਘੱਟੋ-ਘੱਟ ਦੋ ਦਿਨਾਂ ਦਾ ਪ੍ਰੋਗਰਾਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ-ਕੱਲ੍ਹ ਸਾਡੀ ਨੌਜਵਾਨ ਪੀੜ੍ਹੀ ਹੋਟਲਾਂ, ਕਲੱਬਾਂ ਅਤੇ ਪਾਰਟੀਆਂ ਵਿੱਚ ਜਾਂਦੀ ਹੈ ਪਰ ਜੇ ਉਨ੍ਹਾਂ ਨੂੰ ਆਪਣੇ ਗੌਰਵਮਈ ਇਤਿਹਾਸ ਬਾਰੇ ਸਹੀ ਜਾਣਕਾਰੀ ਮਿਲੇਗੀ ਤਾਂ ਉਹ ਯਕੀਨੀ ਤੌਰ ’ਤੇ ਗੁਰਦੁਆਰਾ ਸਾਹਿਬ ਆ ਕੇ ਇਹ ਦਿਹਾੜੇ ਮਨਾਏਗੀ।
ਦਿੱਲੀ ਸਿੱਖ ਗੁਰਦੁਆਰਾ ਕਮੇਟੀ ਵੱਲੋਂ ਗੁਰਮਤਿ ਸਮਾਗਮ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਦੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਮੁੱਖ ਗੁਰਮਤਿ ਸਮਾਗਮ ਗੁਰਦੁਆਰਾ ਮਾਤਾ ਸੁੰਦਰੀ ਵਿਖੇ ਹੋਇਆ ਜਦੋਂ ਕਿ ਕਮੇਟੀ ਦੇ ਅਧੀਨ ਗੁਰਦੁਆਰਾ ਸਾਹਿਬਾਨ ’ਚ ਵੀ ਗੁਰਮਤਿ ਸਮਾਗਮ ਕਰਵਾਏ ਗਏ। ਇਸ ਮੌਕੇ ਸੰਬੋਧਨ ਕਰਦਿਆਂ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਤੇ ਸਿੱਖ ਇਤਿਹਾਸ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਦੁਨੀਆਂ ਵਿਚ ਅਜਿਹੀ ਕੋਈ ਮਿਸਾਲ ਨਹੀਂ ਮਿਲਦੀ ਜਦੋਂ ਕਿਸੇ ਨੇ ਆਪਣੇ ਪੰਥ ਵਾਸਤੇ ਆਪਣਾ ਸਰਬੰਸ ਵਾਰਿਆ ਹੋਵੇ। ਉਨ੍ਹਾਂ ਕਿਹਾ ਕਿ ਸਾਨੂੰ ਨਵੀਂ ਪੀੜ੍ਹੀ ਨੂੰ ਇਤਿਹਾਸ ਬਾਰੇ ਜਾਣੂੰ ਕਰਵਾਉਣਾ ਚਾਹੀਦਾ ਹੈ।