ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਜੁਲਾਈ
ਕਾਂਗਰਸ ਛੱਡ ਕੇ ਬੀਤੇ ਦਿਨ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਵਿਧਾਇਕ ਤਰਵਿੰਦਰ ਸਿੰਘ ਮਰਵਾਹ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਕੋਲ ਸਿੱਖਾਂ ਨਾਲ ਸਬੰਧਿਤ ਮੁੱਦੇ ਉਠਾਏ। ਸ੍ਰੀ ਮਾਰਵਾਹ ਨੇ ਦੱਸਿਆ ਕਿ ਉਨ੍ਹਾਂ ਬੇਅਦਬੀਆਂ ਦੇ ਮਾਮਲੇ ਸਣੇ ਪੰਜਾਬ ਸਿਰ ਚੜ੍ਹੇ ਕਰਜ਼ੇ ਉੱਪਰ ਲੀਕ ਮਾਰਨ ਦੀ ਬੇਨਤੀ ਕੀਤੀ। ਉਨ੍ਹਾਂ ਨੇ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਕਰਨ ਦੀ ਮੰਗ ਵੀ ਰੱਖੀ। ਉਨ੍ਹਾਂ ਕਿਹਾ ਕਿ ਕਿਸਾਨੀ ਕਰਜ਼ ਮੁਆਫ਼ ਕੀਤੇ ਜਾਣ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਆਗੂਆਂ ਨੂੰ ਉੱਚ ਅਹੁਦਿਆਂ ਨਿਯੁਕਤ ਕੀਤਾ ਜਾਵੇ। ਸ੍ਰੀ ਮਰਵਾਹ ਨੇ ਕਿਹਾ ਕਿ ਬੇਅਦਬੀ ਕਾਂਡ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਾਹਮਣੇ ਲਿਆਂਦਾ ਜਾਵੇ। ਇਸੇ ਤਰ੍ਹਾਂ ਅਤਿਵਾਦ ਸਮੇਂ ਪੰਜਾਬ ਸਿਰ ਚੜ੍ਹੇ ਕਰਜ਼ੇ ਨੂੰ ਲਾਹਿਆ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਸਿੱਖਾਂ ਦੀਆਂ ਬਹੁਤ ਸਾਰੀਆਂ ਸਮੱਸਿਆਵਾਂ ਹਨ ਜਿਸ ਵੱਲ ‘ਆਪ’ ਸਰਕਾਰ ਨੇ ਤਵੱਜੋਂ ਨਹੀਂ ਦਿੱਤੀ।