ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਫਰਵਰੀ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੇ ਅਹੁਦੇਦਾਰਾਂ ਨੇ ਪ੍ਰਧਾਨ ਹਰਮਨਜੀਤ ਸਿੰਘ ਸਮੇਤ ਨਿਗਮ ਦੇ ਕੌਂਸਲਰ ਕਰਨਲ ਵੀ ਕੇ ਓਬਰਾਏ ਨਾਲ ਮੁਲਾਕਾਤ ਕੀਤੀ। ਇਸ ਮੌਕੇ ਰਾਜੌਰੀ ਗਾਰਡਨ ਗੁਰਦੁਆਰੇ ਦੇ ਆਲੇ-ਦੁਆਲੇ ਦੀਆਂ ਸੜਕਾਂ ਦੀ ਮੁਰੰਮਤ ਤੇ ਗੁਰਦੁਆਰਾ ਸਾਹਿਬ ਦੇ ਨਾਲ ਲੱਗਦੇ ਪਾਰਕ ਦੇ ਸੁੰਦਰੀਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਨਿਗਮ ਦੇ ਅਧਿਕਾਰੀ ਵੀ ਹਾਜ਼ਰ ਸਨ।
ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਆਉਣ ਵਾਲੀ ਸੰਗਤ ਨੂੰ ਖਰਾਬ ਸੜਕਾਂ ਕਾਰਨ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਉਨ੍ਹਾਂ ਨਗਰ ਨਿਗਮ ਕਰਨਲ ਵੀ ਕੇ ਓਬਰਾਏ ਨੂੰ ਮਿਲ ਕੇ ਗੁਰਦੁਆਰਾ ਸਾਹਿਬ ਦੇ ਬਾਹਰ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਹੈ। ਇਸ ਸੜਕ ’ਤੇ ਹਰ ਸ਼ੁੱਕਰਵਾਰ ਨੂੰ ਲੱਗਣ ਵਾਲੇ ਹਫ਼ਤਾਵਾਰੀ ਬਾਜ਼ਾਰ ਕਾਰਨ ਵੀ ਸੰਗਤਾਂ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਦੇ ਹੱਲ ਲਈ ਨਾਲ ਲੱਗਦੇ ਪਾਰਕ ਦੇ ਸੁੰਦਰੀਕਰਨ ਦੀ ਮੰਗ ਕਰਨ ਦੇ ਨਾਲ-ਨਾਲ ਖੁੱਲ੍ਹੀ ਸੜਕ ‘ਤੇ ਬਾਜ਼ਾਰ ਲਗਾਉਣ ਦੀ ਮੰਗ ਵੀ ਕੀਤੀ ਗਈ| ਉਨ੍ਹਾਂ ਕਿਹਾ ਕਿ ਕਰਨਲ ਓਬਰਾਏ ਨੇ ਜਲਦੀ ਹੀ ਸਾਰੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿੱਤਾ ਹੈ। ਇਸ ਮੌਕੇ ਐੱਚ ਐੱਸ ਭਾਟੀਆ, ਹਰਿੰਦਰ ਸਿੰਘ, ਪ੍ਰੀਤ ਪ੍ਰਤਾਪ ਸਿੰਘ, ਰਾਜਾ ਬਖਸ਼ੀ ਤੇ ਹੋਰ ਪਤਵੰਤੇ ਹਾਜ਼ਰ ਸਨ।