ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਅਕਤੂਬਰ
ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨਾਲ ਲਖੀਮਪੁਰ ਖੀਰੀ ਵਿਚ ਦਿੱਲੀ ਪ੍ਰਦੇਸ਼ ਕਾਂਗਰਸ ਦੇ ਆਗੂ ਵੀ ਪੁੱਜੇ। ਉਨ੍ਹਾਂ ਨੇ ਕਿਸਾਨਾਂ ਨੂੰ ਕੁੱਚਲ ਕੇ ਮਾਰਨ ਦੀ ਘਟਨਾ ਦੀ ਨਿਖੇਧੀ ਕੀਤੀ ਹੈ। ਦਿੱਲੀ ਪ੍ਰਦੇਸ਼ ਕਾਂਗਰਸ ਦੇ ਸੂਬਾ ਪ੍ਰਧਾਨ ਅਨਿਲ ਕੁਮਾਰ ਸਣੇ ਹੋਰ ਸਥਾਨਕ ਆਗੂਆਂ ਨੇ ਰਾਹੁਲ ਗਾਂਧੀ ਦਾ ਸਾਥ ਦਿੱਤਾ।
ਇਸ ਸਬੰਧੀ ਅਨਿਲ ਕੁਮਾਰ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਕੁਚਲਣ ਵਾਲੇ ਮੰਤਰੀ ਦੇ ਪੁੱਤਰ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤੇ ਕੇਂਦਰੀ ਰਾਜ ਮੰਤਰੀ ਤੁਰੰਤ ਅਸਤੀਫ਼ਾ ਦੇਣ। ਉਨ੍ਹਾਂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਪੁਲਿਸ ਨੇ ਰਾਹੁਲ ਗਾਂਧੀ ਤੇ ਪ੍ਰਿਯੰਕਾ ਗਾਂਧੀ ਸਣੇ ਸਿਰਫ਼ ਪੰਜ ਲੋਕਾਂ ਨੂੰ ਲਖੀਮਪੁਰ ਖੀਰੀ ਆਉਣ ਦੀ ਇਜਾਜ਼ਤ ਨਾ ਦੇਣੀ ਇਹ ਦਰਸਾਉਂਦੀ ਹੈ ਕਿ ਮੋਦੀ ਸਰਕਾਰ ਦੀਆਂ ਜੜ੍ਹਾਂ ਹਿੱਲ ਗਈਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਪਣੇ ਤਾਨਾਸ਼ਾਹੀ ਰਵੱਈਏ ਤਹਿਤ ਯੋਜਨਾਬੱਧ ਢੰਗ ਨਾਲ ਦੇਸ਼ ਭਰ ਦੇ ਕਿਸਾਨਾਂ ’ਤੇ ਹਮਲੇ ਕਰ ਰਹੀ ਹੈ ਜਦਕਿ ਕਿਸਾਨ ਪਿਛਲੇ 10 ਮਹੀਨਿਆਂ ਤੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਿਸਾਨਾਂ ਲਈ ਮਗਰਮੱਛ ਦੇ ਹੰਝੂ ਵਹਾ ਰਹੇ ਹਨ ਜਦੋਂਕਿ ਉਨ੍ਹਾਂ ਨੇ ਕਿਸਾਨਾਂ ਦੇ ਅੰਦੋਲਨ ਨੂੰ ਦਬਾਉਣ ਵਿੱਚ ਮੋਦੀ ਸਰਕਾਰ ਨਾਲ ਦੋਹਰੀ ਭੂਮਿਕਾ ਨਿਭਾਈ ਹੈ। ਕੇਜਰੀਵਾਲ ਸ਼ੁਰੂ ਤੋਂ ਹੀ ਕਿਸਾਨ ਅੰਦੋਲਨ ਪ੍ਰਤੀ ਰਾਜਨੀਤੀ ਕਰ ਰਿਹਾ ਹੈ ਤੇ ਉੱਤਰ ਪ੍ਰਦੇਸ਼, ਉਤਰਾਖੰਡ ਸਣੇ ਹੋਰ ਰਾਜਾਂ ਵਿੱਚ ਕਿਸਾਨਾਂ ਦੀ ਲੜਾਈ ਲੜਨ ਦੀ ਗੱਲ ਕਰਨ ਦੇ ਬਾਵਜੂਦ, ਪੀੜਤ ਪਰਿਵਾਰ ਨੂੰ ਮਿਲਣ ਨਹੀਂ ਗਏ ਸਿਰਫ਼ ਬਿਆਨ ਦੇ ਰਹੇ ਹਨ।
ਸ੍ਰੀ ਕੁਮਾਰ ਨੇ ਕਿਹਾ ਕਿ ਉੱਤਰ ਪ੍ਰਦੇਸ਼ ਨੂੰ ਸੁਸ਼ਾਸਨ ਦੇਣ ਦੀ ਬਜਾਏ ਭਾਜਪਾ ਨੇ ਇਸ ਨੂੰ ਭ੍ਰਿਸ਼ਟਾਚਾਰ ਤੇ ਅਰਾਜਕਤਾ ਦਾ ਅੱਡਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਯੋਗੀ ਦੇ ਰਾਜ ਵਿੱਚ ਕੇਂਦਰੀ ਰਾਜ ਮੰਤਰੀ ਦਾ ਪੁੱਤਰ ਜਿਸ ਨੇ ਆਪਣੀ ਕਾਰ ਨਾਲ ਚਾਰ ਕਿਸਾਨਾਂ ਨੂੰ ਕੁਚਲ ਕੇ ਮਾਰ ਦਿੱਤਾ ਸੀ, ਖੁੱਲ੍ਹੇਆਮ ਘੁੰਮ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਯੋਗੀ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨਾਂ ਦਾ ਜੀਵਨ ਅਸੁਰੱਖਿਅਤ ਹੋ ਗਿਆ ਹੈ ਕਿਉਂਕਿ ਇਹ ਉੱਤਰ ਪ੍ਰਦੇਸ਼ ਦੀਆਂ ਹੱਦਾਂ ’ਤੇ ਕਿਸਾਨਾਂ ਨੂੰ ਧਰਨੇ ਵਾਲੀ ਥਾਂ ਤੋਂ ਬਾਹਰ ਕੱਢਣ ਲਈ ਕਈ ਤਰ੍ਹਾਂ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਤੇ ਯੋਗੀ ਸਰਕਾਰ ਤੋਂ ਡਰੇ ਬਿਨਾਂ ਕਿਸਾਨ ਧਰਨਾ ਦੇਣ ਲਈ ਦ੍ਰਿੜ ਹਨ, ਜਦੋਂ ਤੱਕ ਖੇਤੀ ਕਾਨੂੰਨ ਵਾਪਸ ਨਹੀਂ ਲਏ ਜਾਂਦੇ ਅੰਦੋਲਨ ਜਾਰੀ ਰਹੇਗਾ।