ਨਵੀਂ ਦਿੱਲੀ (ਪੱਤਰ ਪ੍ਰੇਰਕ): ਇੱਥੇ ਦਵਾਰਕਾ ਦੇ ਉੱਤਮ ਨਗਰ ਇਲਾਕੇ ਵਿੱਚ 18 ਸਾਲਾ ਲੜਕੇ ਦੀ ਲੁੱਟ ਦੀ ਕੋਸ਼ਿਸ਼ ਵਿੱਚ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨੌਜਵਾਨ ਦੀ ਪਛਾਣ ਉੱਤਰ ਪ੍ਰਦੇਸ਼ ਦੇ ਮੇਰਠ ਦੇ ਰਹਿਣ ਵਾਲੇ ਮੋਨੂੰ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਰਾਤ 11.15 ਵਜੇ ਉੱਤਮ ਨਗਰ ਪੁਲੀਸ ਸਟੇਸ਼ਨ ਵਿੱਚ ਇਸ ਸਬੰਧੀ ਕਾਲ ਆਈ। ਪੁਲੀਸ ਨੇ ਦੱਸਿਆ ਕਿ ਕਥਿਤ ਘਟਨਾ ਦੇ ਸਮੇਂ ਮੋਨੂੰ ਅਤੇ ਉਸ ਦਾ ਦੋਸਤ ਮੋਨੂੰ ਕੁਮਾਰ ਰਾਤ ਦੇ ਖਾਣੇ ਲਈ ਜਾ ਰਹੇ ਸਨ। ਉਨ੍ਹਾਂ ਨੂੰ ਮੈਟਰੋ ਦੇ ਖੰਭੇ ਕੋਲ ਚਾਰ-ਪੰਜ ਵਿਅਕਤੀਆਂ ਨੇ ਰੋਕ ਲਿਆ। ਮੁਲਜ਼ਮਾਂ ਨੇ ਉਨ੍ਹਾਂ ਨੂੰ ਲੁੱਟਣ ਦੀ ਕੋਸ਼ਿਸ਼ ਕੀਤੀ। ਅਧਿਕਾਰੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਲੁੱਟ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਵਿੱਚੋਂ ਇਕ ਨੇ ਮੋਨੂੰ ਦੀ ਪਿੱਠ ’ਤੇ ਚਾਕੂ ਮਾਰ ਦਿੱਤਾ ਅਤੇ ਫ਼ਰਾਰ ਹੋ ਗਿਆ। ਜ਼ਖ਼ਮੀ ਨੂੰ ਸਫਦਰਜੰਗ ਹਸਪਤਾਲ ਲਿਜਾਣ ਤੋਂ ਪਹਿਲਾਂ ਦੀਨ ਦਿਆਲ ਉਪਾਧਿਆਏ ਹਸਪਤਾਲ ਲਿਜਾਇਆ ਗਿਆ। ਅਧਿਕਾਰੀ ਨੇ ਦੱਸਿਆ ਕਿ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਨੇ ਕੇਸ ਦਰਜ ਕਰ ਲਿਆ ਹੈ।