ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਮਈ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰਿਆਣਾ ਵਿੱਚ ਜਾ ਕੇ ਇਹ ਕਹਿ ਕੇ ਰਹੇ ਹਨ ਕਿ ਉਨ੍ਹਾਂ ਨੇ ਦਿੱਲੀ ਵਿੱਚ 12 ਲੱਖ ਨੌਕਰੀਆਂ ਦਿੱਤੀਆਂ ਹਨ ਤੇ ਅਗਲੇ ਪੰਜ ਸਾਲਾਂ ਵਿੱਚ 20 ਲੱਖ ਨੌਕਰੀਆਂ ਦੇਣ ਦਾ ਕੰਮ ਚੱਲ ਰਿਹਾ ਹੈ। ਆਰਟੀਆਈ ਵਿੱਚ ਉਨ੍ਹਾਂ ਦੀ ਸਰਕਾਰ ਦਾ ਜਵਾਬ ਹੈ ਕਿ ਪਿਛਲੇ ਸੱਤ ਸਾਲਾਂ ਵਿੱਚ ਕੇਜਰੀਵਾਲ ਨੇ ਸਿਰਫ਼ 440 ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜਿਸ ਸਿੱਖਿਆ ਮਾਡਲ ਦੀ ਆਵਾਜ਼ ਆਲੇ-ਦੁਆਲੇ ਬੁਲੰਦ ਕਰ ਰਹੇ ਹਨ, ਉਨ੍ਹਾਂ ਨੂੰ ‘ਐਨਏਐਸ’ ਏਜੰਸੀ ਦੀ ਰਿਪੋਰਟ ਵੀ ਦੇਖਣੀ ਚਾਹੀਦੀ ਹੈ ਜਿਸ ਵਿਚ ਸਪੱਸ਼ਟ ਕਿਹਾ ਗਿਆ ਹੈ ਕਿ ਹਰਿਆਣਾ ਦੇ ਸਕੂਲ ਸਾਰੇ ਵਿਸ਼ਿਆਂ ਵਿਚ ਦਿੱਲੀ ਨਾਲੋਂ ਬਿਹਤਰ ਸਾਬਤ ਹੋਏ ਹਨ। ਕੇਜਰੀਵਾਲ ਦੇ ਅਜਿਹੇ 10 ਝੂਠੇ ਵਾਅਦਿਆਂ ਦੀ ਸੱਚਾਈ ਨੂੰ ਬੇਨਕਾਬ ਕਰਨ ਵਾਲੀ ਚੋਣ ਮੁਹਿੰਮ ਦੇ ਹਿੱਸੇ ਵਜੋਂ ਅੱਜ ਸ੍ਰੀ ਗੁਪਤਾ ਨੇ ਦਿੱਲੀ ਦੇ ਦਿਓਲੀ ਅਤੇ ਸੰਗਮ ਵਿਹਾਰ ਵਿਧਾਨ ਸਭਾ ਵਿੱਚ ਜਨ ਸੰਪਰਕ ਕੀਤਾ। ਉਨ੍ਹਾਂ ਕਿਹਾ ਕਿ ਗਾਇਕ ਸਿੱਧੂ ਮੂਸੇਵਾਲਾ ਦਾ ਦਿਨ-ਦਿਹਾੜੇ ਹੋਇਆ ਕਤਲ ਇਸ ਗੱਲ ਦਾ ਸਬੂਤ ਹੈ। ਇਸ ਤੋਂ ਪਹਿਲਾਂ ਵੀ ਅੰਤਰਰਾਸ਼ਟਰੀ ਖਿਡਾਰੀ ਦਾ ਕਤਲ ਹੋ ਚੁੱਕਾ ਹੈ। ਪੰਜਾਬ ਪੁਲੀਸ ਖਾਲਿਸਤਾਨੀ ਗਤੀਵਿਧੀਆਂ ਨੂੰ ਰੋਕਣ ਦੀ ਬਜਾਏ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਸੁਰੱਖਿਆ ਵਿੱਚ ਲੱਗੀ ਹੋਈ ਹੈ।