ਨਵੀਂ ਦਿੱਲੀ, 2 ਦਸੰਬਰ
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜੰਗਲਾਤ ਵਿਭਾਗ ਦੇ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਪੰਜਾਬ ਦੇ ਦੋ ਸਾਬਕਾ ਜੰਗਲਾਤ ਮੰਤਰੀ ਅਤੇ ਕਾਂਗਰਸ ਨੇਤਾਵਾਂ ਸਾਧੂ ਸਿੰਘ ਧਰਮਸੋਤ ਅਤੇ ਸੰਗਤ ਸਿੰਘ ਗਿਲਜੀਆਂ ਅਤੇ ਹੋਰਾਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰਕੇ ‘ਇਤਰਾਜ਼ਯੋਗ’ ਦਸਤਾਵੇਜ਼, ਮੋਬਾਈਲ ਫੋਨ ਅਤੇ ਹੋਰ ਇਲੈਕਟ੍ਰਾਨਿਕ ਉਪਕਰਨ ਜ਼ਬਤ ਕੀਤੇ ਹਨ। ਸੰਘੀ ਜਾਂਚ ਏਜੰਸੀ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਉਸ ਦੀ ਜਾਂਚ ਸੂਬੇ ਦੇ ਜੰਗਲਾਤ ਵਿਭਾਗ ਵਿਚ ਦਰੱਖਤਾਂ ਦੀ ਕਟਾਈ ਦੀ ਮਨਜ਼ੂਰੀ ਦੇਣ ਅਤੇ ਵਿਭਾਗ ਵਿਚ ਤਬਾਦਲੇ ਅਤੇ ਤਾਇਨਾਤੀ ਲਈ ਰਿਸ਼ਵਤ ਲੈਣ ਅਤੇ ਕੁਝ ਹੋਰ ਦੋਸ਼ਾਂ ਨਾਲ ਸਬੰਧਤ ਹੈ। ਈਡੀ ਨੇ ਕਿਹਾ ਕਿ 30 ਨਵੰਬਰ ਨੂੰ ਧਰਮਸੋਤ, ਗਿਲਜੀਆਂ, ਉਨ੍ਹਾਂ ਦੇ ਸਾਥੀਆਂ, ਜੰਗਲਾਤ ਵਿਭਾਗ ਦੇ ਅਧਿਕਾਰੀਆਂ ਅਤੇ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਸਥਿਤ ਕੁਝ ਹੋਰ ਵਿਅਕਤੀਆਂ ਦੇ ਰਿਹਾਇਸ਼ੀ ਸਥਾਨਾਂ ‘ਤੇ ਛਾਪੇਮਾਰੀ ਕੀਤੀ ਗਈ ਸੀ।