ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਅਪਰੈਲ
ਯੂਕਰੇਨ ਤੋਂ ਪਰਤੇ ਮੈਡੀਕਲ ਵਿਦਿਆਰਥੀਆਂ ਦੇ ਮਾਪੇ ਐਤਵਾਰ ਨੂੰ ਦਿੱਲੀ ਦੇ ਜੰਤਰ-ਮੰਤਰ ’ਤੇ ਇਕੱਠੇ ਹੋਏ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਮੈਡੀਕਲ ਕਾਲਜਾਂ ਵਿੱਚ ਦਾਖ਼ਲਾ ਦਿਵਾਉਣ ਲਈ ਸਰਕਾਰ ਦੇ ਦਖ਼ਲ ਦੀ ਮੰਗ ਕੀਤੀ।
ਇਸ ਦੌਰਾਨ ਪੇਰੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਆਰ.ਬੀ. ਗੁਪਤਾ ਨੇ ਦੱਸਿਆ ਕਿ ਉਨ੍ਹਾਂ ਦਾ ਬੱਚਾ ਐਮਬੀਬੀਐਸ ਦੇ ਦੂਜੇ ਸਾਲ ਦਾ ਵਿਦਿਆਰਥੀ ਹੈ ਜੋ ਇਵਾਨੋ ਵਿੱਚ ਪੜ੍ਹਦਾ ਸੀ ਪਰ ਜੰਗ ਕਾਰਨ ਉਨ੍ਹਾਂ ਦੇ ਪੁੱਤਰ ਦਾ ਭਵਿੱਖ ਧੁੰਦਲਾ ਪੈ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਮਸਲਾ ਇੱਕ ਜਾਂ ਦੋ ਜਣਿਆਂ ਦਾ ਨਹੀਂ ਬਲਕਿ ਮੁਲਕ ਦੇ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪੈ ਗਿਆ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਕਿ ਸਰਕਾਰ ਨੇ ਜਿਸ ਤਰ੍ਹਾਂ ਬੱਚਿਆਂ ਨੂੰ ਜੰਗ ਵਿੱਚੋਂ ਬਚਾਇਆ ਹੈ, ਇਸੇ ਤਰ੍ਹਾਂ ਉਸ ਨੂੰ ਬੱਚਿਆਂ ਦਾ ਭਵਿੱਖ ਵੀ ਸੁਰੱਖਿਅਤ ਕਰਨਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਸਾਰੇ ਮਾਪੇ ਆਪਣੇ ਬੱਚਿਆਂ ਨੂੰ ਭਾਰਤੀ ਮੈਡੀਕਲ ਕਾਲਜਾਂ ਵਿੱਚ ਦਾਖ਼ਲਾ ਦੇਣ ਲਈ ਸਰਕਾਰ ਨੂੰ ਬੇਨਤੀ ਕਰਨ ਲਈ ਦਿੱਲੀ ਆਏ ਹਨ।
ਹਿਮਾਚਲ ਪ੍ਰਦੇਸ਼ ਦੇ ਡਾ. ਰਾਜੇਸ਼ ਕੁਮਾਰ ਚੰਦੇਲ ਨੇ ਦੱਸਿਆ ਕਿ ਉਹ ਮੁੱਖ ਮੰਤਰੀ, ਕੇਂਦਰੀ ਮੰਤਰੀ ਅਨੁਰਾਗ ਠਾਕੁਰ ਤੇ ਹੋਰ ਆਗੂਆਂ ਨੂੰ ਮਿਲ ਚੁੱਕੇ ਹਨ ਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਨਾਲ ਵੀ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਹੈ। ਭਾਜਪਾ ਪ੍ਰਧਾਨ ਨੇ ਭਰੋਸਾ ਦਿੱਤਾ ਹੈ ਕਿ ਇਸ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਯੂਕਰੇਨ ਸੰਕਟ ਨਾਲ ਬਹੁਤ ਸਾਰੇ ਵਿਦਿਆਰਥੀ ਪ੍ਰਭਾਵਿਤ ਹੋਏ ਹਨ। ਡਾ. ਚੰਦੇਲ ਨੇ ਕਿਹਾ ਕਿ ਉਹ ਵਿਰੋਧ ਨਹੀਂ ਕਰ ਰਹੇ, ਸਰਕਾਰ ਨੂੰ ਬੇਨਤੀ ਹੈ ਕਿ ਉਨ੍ਹਾਂ ਬੱਚਿਆਂ ਨੂੰ ਦੇਸ਼ ਦੇ ਮੈਡੀਕਲ ਕਾਲਜਾਂ ਵਿੱਚ ਦਾਖ਼ਲਾ ਦਿੱਤਾ ਜਾਵੇ।