ਪੱਤਰ ਪ੍ਰੇਰਕ
ਨਵੀਂ ਦਿੱਲੀ 26 ਜੁਲਾਈ
ਇੱਥੇ ਅੱਜ ਟਿਕਰੀ ਬਾਰਡਰ ’ਤੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਾਏ ਮੋਰਚੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਖੇਤੀ ਕਾਨੂੰਨਾਂ ਦੇ ਖ਼ਿਲਾਫ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਸੰਘਰਸ਼ ਨੇ ਪੰਜਾਬ ਤੋਂ ਸ਼ੁਰੂ ਕਰਕੇ ਹਰਿਆਣਾ, ਯੂਪੀ, ਉੱਤਰਾਖੰਡ ਅਤੇ ਤਕਰੀਬਨ ਸਾਰੇ ਭਾਰਤ ਦੇ ਸੂਬਿਆਂ ਵਿੱਚ ਤੇ ਵਿਦੇਸ਼ਾਂ ਤੱਕ ਕਿਰਤੀ ਲੋਕਾਂ ਨੂੰ ਝੰਜੋੜਿਆ ਹੈ ਅਤੇ ਭਾਰਤ ਦੇ ਕਿਰਤੀਆਂ ਨੂੰ ਲੜਨ ਦਾ ਰਾਹ ਦਿਖਾਇਆ। ਹੁਣ ਤੱਕ ਦਿੱਲੀ ਦੇ ਵੱਖ-ਵੱਖ ਬਾਰਡਰਾਂ ’ਤੇ ਲੱਗੇ ਮੋਰਚਿਆਂ ਤੋਂ ਪ੍ਰਭਾਵਿਤ ਹੋ ਕੇ ਸਾਰੇ ਸੂਬਿਆਂ ਦੇ ਕਿਸਾਨਾਂ ਨੇ ਘੋਲਾਂ ਵਿੱਚ ਆਪਣਾ ਬਣਦਾ ਯੋਗਦਾਨ ਪਾ ਕੇ ਨਵੀਂ ਮਿਸਾਲ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 73 ਸਾਲਾਂ ਦੇ ਇਤਿਹਾਸ ਵਿੱਚ ਇੱਕ ਨਿਵੇਕਲੀ ਕਿਸਮ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਵੱਲੋਂ ਜੋ ਦਿੱਲੀ ਵਿੱਚ ਆਪਣਾ ਵੱਖਰਾ ਕਿਸਾਨ ਸੰਸਦ ਸੈਸ਼ਨ ਚਲਾਇਆ ਹੋਇਆ ਹੈ ਉਸ ਵਿੱਚ ਕੇਰਲਾ ਤੋਂ ਆਏ ਐੱਮਪੀ’ਜ਼ ਨੇ ਬੈਠ ਕੇ ਸਾਰੀ ਕਾਰਵਾਈ ਨੂੰ ਧਿਆਨ ਨਾਲ ਸੁਣਿਆ। ਇਹ ਕਿਸਾਨਾਂ ਦੇ ਘੋਲ ਦੀ ਇਹ ਇੱਕ ਬਹੁਤ ਵੱਡੀ ਪ੍ਰਾਪਤੀ ਹੈ। ਹਰਿਆਣਾ ਦੇ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਵਿਕਾਸ ਸੀਸਰ ਨੇ ਕਿਹਾ ਕਿ ਪਿਛਲੇ ਮਹੀਨੇ ਹਿਸਾਰ ਜ਼ਿਲ੍ਹੇ ਵਿਚ ਕਰੋਨਾ ਦੇ ਨਾਂ ’ਤੇ ਹਸਪਤਾਲ ਦਾ ਉਦਘਾਟਨ ਕਰਨ ਦਾ ਬਹਾਨਾ ਬਣਾ ਕੇ ਹਰਿਆਣੇ ਦੇ ਮੁੱਖ ਮੰਤਰੀ ਵੱਲੋਂ ਆਉਣ ਦੀ ਕੋਸ਼ਿਸ਼ ਕੀਤੀ ਗਈ। ਕਿਸਾਨਾਂ ਵੱਲੋਂ ਉਸ ਦਾ ਵਿਰੋਧ ਕੀਤਾ ਗਿਆ ਤਾਂ ਉਸ ਸਮੇਂ ਹਿਸਾਰ ਦੇ ਪੁਲੀਸ ਪ੍ਰਸ਼ਾਸਨ ਵੱਲੋਂ ਡੇਢ ਸੌ ਦੇ ਕਰੀਬ ਕਿਸਾਨਾਂ ਨੂੰ ਝੂਠੇ ਕੇਸ ਬਣਾ ਕੇ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ। ਉਸੇ ਸਮੇਂ ਹਰਿਆਣਾ ਦੇ ਕਿਸਾਨਾਂ ਨੇ ਥਾਣੇ ਮੂਹਰੇ ਧਰਨਾ ਲਾਇਆ ਤੇ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਹਰਿਆਣੇ ਦੇ ਕਿਸਾਨਾਂ ਦੀ ਹਮਾਇਤ ਕਰਨ ਸਦਕਾ ਪਾਏ ਦਬਾਅ ਹੇਠ ਝੂਠੇ ਪਰਚੇ ਰੱਦ ਕਰਨ ਦੀ ਮੰਗ ਮੰਨ ਲਈ ਗਈ । ਜ਼ਿਲ੍ਹਾ ਪਟਿਆਲਾ ਦੀਆਂ ਆਗੂ ਗੁਰਪ੍ਰੀਤ ਕੌਰ ਬਰਾਸ ਨੇ ਅੱਜ ਕਿਸਾਨ ਸੰਸਦ ਵਿੱਚ ਸਿਰਫ਼ ਔਰਤਾਂ ਨੂੰ ਵਿਸ਼ੇਸ਼ ਦਿਨ ਤੇ ਸ਼ਪੈਸਲ ਭੇਜਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਔਰਤਾਂ ਦੇ ਹੌਸਲੇ ਹੋਰ ਬੁਲੰਦ ਹੋਣਗੇ ਅਤੇ ਮੋਰਚੇ ਵਿਚ ਔਰਤਾਂ ਦੀ ਸ਼ਮੂਲੀਅਤ ਦੀ ਵਧੇਗੀ ।