ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ 28 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਟਿਕਰੀ ਬਾਰਡਰ ’ਤੇ ਚੱਲ ਰਹੇ ਮੋਰਚੇ ’ਚ ਸ਼ਾਮਲ ਕਿਸਾਨਾਂ ਦੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਉਗਰਾਹਾਂ ਨੇ ਕਿਹਾ ਕਿ ਮੋਰਚੇ ਨੂੰ ਫੇਲ੍ਹ ਕਰਨ ਲਈ ਭਾਜਪਾ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਹੁਣ ਮੋਰਚੇ ਦੇ ਨੇੜਲੇ ਹਰਿਆਣਾ ਦੇ ਪਿੰਡਾਂ ਦੇ ਕਿਸਾਨਾਂ ਨੂੰ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਭੜਕਾਇਆ ਜਾ ਰਿਹਾ ਹੈ ਕਿ ਕਿਸਾਨਾਂ ਵੱਲੋਂ ਸੜਕਾਂ ਜਾਮ ਕਰਨ ਨਾਲ ਉਨ੍ਹਾਂ ਨੂੰ ਰੋਜ਼ਾਨਾ ਆਉਣ-ਜਾਣ ਵਿਚ ਦਿੱਕਤਾਂ ਆਉਂਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਮੇਤ ਹਰਿਆਣਾ ਰਾਜਸਥਾਨ ਦੇ ਕਿਸਾਨ ਸੱਤ ਮਹੀਨਿਆਂ ਤੋਂ ਆਪਣੇ ਘਰ ਬਾਰ ਛੱਡ ਕੇ ਦਿੱਲੀ ਦੇ ਬਾਰਡਰਾਂ ’ਤੇ ਬੈਠੇ ਹਨ ਕਿਉਂਕਿ ਇਨ੍ਹਾਂ ਨਵੇਂ ਕਾਨੂੰਨਾਂ ਦੇ ਲਾਗੂ ਹੋਣ ਨਾਲ ਕਿਸਾਨਾਂ ਤੋਂ ਉਨ੍ਹਾਂ ਦੀਆਂ ਫ਼ਸਲਾਂ ਕੌਡੀਆਂ ਦੇ ਭਾਅ ਲੁੱਟੀਆਂ ਜਾਣੀਆਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਕਿਸਾਨਾਂ ਨਾਲ ਕਿਸਾਨ ਅੰਦੋਲਨ ਦੀ ਸਾਂਝ ਹੋਰ ਵਧਾਉਂਦਿਆਂ ਹੋਇਆਂ ਕੱਲ੍ਹ ਨੂੰ ਸਾਂਪਲਾ ਨੇੜੇ ਟੌਲ ਪਲਾਜ਼ੇ ਤੇ ਚੱਲ ਰਹੇ ਮੋਰਚੇ ਵਿੱਚ ਟਿਕਰੀ ਬਾਰਡਰ ਤੋਂ ਕਿਸਾਨਾਂ ਅਤੇ ਔਰਤਾਂ ਦਾ ਵੱਡਾ ਕਾਫਲਾ ਸ਼ਾਮਲ ਹੋਵੇਗਾ।
ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਵੱਲੋਂ ਇਹ ਫ਼ਸਲਾਂ ਖਰੀਦ ਕੇ ਮੁੜ ਖਪਤਕਾਰਾਂ ਨੂੰ ਮਨਮਰਜ਼ੀ ਦੀ ਭਾਅ ’ਤੇ ਵੇਚਣੀਆਂ ਹਨ, ਜਿਸ ਨਾਲ ਕਿਸਾਨਾਂ ਸਮੇਤ ਸਭ ਕਿਰਤੀ ਲੋਕਾਂ, ਦੁਕਾਨਦਾਰਾਂ ’ਤੇ ਇਸ ਮਹਿੰਗਾਈ ਦੀ ਮਾਰ ਪੈਣੀ ਹੈ। ਹੁਣ ਵੀ ਕਿਰਤੀ ਲੋਕ ਆਰਥਿਕ ਤੰਗੀਆਂ ਕਾਰਨ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹੈ। ਇਹ ਕਾਨੂੰਨ ਲਾਗੂ ਹੋਣ ਤੋਂ ਬਾਅਦ ਅੰਨ ਦੀ ਸੁਰੱਖਿਆ ਦਾ ਸੰਕਟ ਖੜ੍ਹਾ ਹੋ ਜਾਵੇਗਾ ਤੇ ਵੱਡੇ ਪੱਧਰ ’ਤੇ ਭੁੱਖਮਰੀ ਫੈ਼ਲ ਜਾਵੇਗੀ। ਇਸ ਲਈ ਇਹ ਸੰਘਰਸ਼ ਸਾਡੇ ਸਾਰੇ ਲੋਕਾਂ ਦਾ ਸਾਂਝਾ ਸੰਘਰਸ਼ ਹੈ। ਉਨ੍ਹਾਂ ਮੋਰਚੇ ਨੇੜਲੇ ਹਰਿਆਣਾ ਦੇ ਪਿੰਡਾਂ ਤੇ ਸਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੀਆਂ ਇਨ੍ਹਾਂ ਚਾਲਾਂ ਤੋਂ ਸੁਚੇਤ ਹੁੰਦੇ ਹੋਏ ਕਿਸਾਨ ਅੰਦੋਲਨ ਦਾ ਵੱਧ ਤੋਂ ਵੱਧ ਸਾਥ ਦੇਣ। ਉਨ੍ਹਾਂ ਅੰਦੋਲਨਕਾਰੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਪਿੰਡ ਸ਼ਹਿਰ ਵਾਸੀ ਨਾਲ ਬਹਿਸਬਾਜ਼ੀ ਝਗੜਾ ਨਾ ਕਰਨ ਅਤੇ ਨਿਮਰਤਾ ਨਾਲ ਪੇਸ਼ ਆਉਂਦੇ ਹੋਏ ਉਨ੍ਹਾਂ ਨਾਲ ਹੋਰ ਨੇੜਤਾ ਵਧਾਉਣ ਦੀ ਕੋਸ਼ਿਸ਼ ਕਰਨ। ਸ੍ਰੀ ਉਗਰਾਹਾਂ ਨੇ ਹਰਿਆਣਾ ਦੇ ਕਿਸਾਨਾਂ ਵੱਲੋਂ ਕਿਸਾਨ ਅੰਦੋਲਨ ਨੂੰ ਦਿੱਤੇ ਜਾ ਰਹੇ ਪੂਰਨ ਸਮਰਥਨ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਉਹ ਹੁਣ ਪਹਿਲਾਂ ਤੋਂ ਵੀ ਵੱਧ ਸਮਰਥਨ ਦੇਣਗੇ।
ਕਿਸਾਨਾਂ ’ਤੇ ਪਰਚੇ ਦਰਜ ਕਰਨ ਦੀ ਨਿਖੇਧੀ
ਨਵੀਂ ਦਿੱਲੀ (ਪੱਤਰ ਪ੍ਰੇਰਕ): ਖੇਤੀ ਕਨੂੰਨਾ ਵਿਰੁੱਧ ਸੰਘਰਸ਼ ਨੂੰ ਤੇਜ਼ ਕਰਦਿਆਂ ਸਯੁਕਤ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿੱਚ ਰਾਜਪਾਲ ਨੂੰ ਮੰਗ ਪੱਤਰ ਦੇਣ ਜਾਂਦੇ ਹੋਏ ਕਿਸਾਨਾਂ ਦੇ ਰਸਤੇ ਵਿੱਚ ਰੋਕਾ ਖੜ੍ਹੀਆਂ ਕਰਕੇ ਪਾਣੀ ਦੀਆ ਬੁਛਾੜਾਂ ਮਾਰਨ ਤੇ ਕਿਸਾਨ ਆਗੂਆਂ ਖ਼ਿਲਾਫ਼ ਪਰਚੇ ਦਰਜ ਕਰਨ ਦੀ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪਰਧਾਨ ਡਾ. ਸਤਨਾਮ ਸਿੰਘ ਅਜਨਾਲਾ ਤੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਨੇ ਜ਼ੋਰਦਾਰ ਸਬਦਾਂ ਵਿੱਚ ਨਿਖੇਧੀ ਕੀਤੀ ਹੈ। ਪਰਗਟ ਸਿੰਘ ਜਾਮਾਰਾਏ ਨੇ ਕਿਹਾ ਕੇ ਹਜ਼ਾਰਾਂ ਲੋਕ ਆਪਣੇ ਜ਼ਮਹੂਰੀ ਹੱਕ ਦੀ ਵਰਤੋਂ ਕਰਦਿਆਂ ਸਾਂਤਮਈ ਤਰੀਕੇ ਨਾਲ ਰਾਸਟਰਪਤੀ ਦੇ ਨਾਮ ਮੰਗ ਪੱਤਰ ਦੇਣ ਜਾ ਰਹੇ ਸਨ। ਪਰ ਚੰਡੀਗੜ੍ਹ ਪੁਲੀਸ ਨੇ ਮੋਦੀ ਸਰਕਾਰ ਦੀ ਅਣਐਲਾਨੀ ਐਮਰਜੈਂਸੀ ਤਹਿਤ ਪਹਿਲਾਂ ਰੋਕਾਂ ਲਾ ਕੇ ਰੋਕਣ ਦਾ ਕੋਝਾ ਯਤਨ ਕੀਤਾ ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਇਸ ਮਗਰੋਂ ਕਿਸਾਨ ਆਗੂਆਂ ’ਤੇ ਕੇਸ ਦਰਜ ਕੀਤੇ ਗਏ।