ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਜਨਵਰੀ
ਸਰਬ ਭਾਰਤ ਨੌਜਵਾਨ ਸਭਾ ਪੰਜਾਬ ਨੇ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਰੁਜ਼ਗਾਰ ਦੇ ਮੁੱਦੇ ਤੋਂ ਭਗੌੜੀਆਂ ਰਾਜਨੀਤਕ ਪਾਰਟੀਆਂ ਨੂੰ ਨਕਾਰਨ ਦਾ ਸੱਦਾ ਦਿੱਤਾ ਹੈ। ਜਥੇਬੰਦੀ ਦੀ ਹੈਦਰਾਬਾਦ ਵਿੱਚ ਹੋ ਰਹੀ ਕੌਮੀ ਕਾਨਫਰੰਸ ਲਈ ਰਵਾਨਾ ਹੋਣ ਤੋਂ ਪਹਿਲਾਂ ਦਿੱਲੀ ਵਿੱਚ ਇਕੱਠੀ ਹੋਈ ਸੂਬਾਈ ਲੀਡਰਸ਼ਿਪ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਚੋਣ ਮੁੱਦਿਆਂ ਵਜੋਂ ਰੁਜ਼ਗਾਰ ਦੇ ਮੁੱਦੇ ਨੂੰ ਯੋਜਨਾਬੱਧ ਤਰੀਕੇ ਨਾਲ ਸਿਆਸਤਦਾਨ ਅਣਗੌਲਿਆ ਕਰ ਰਹੇ ਹਨ। ਇਸ ਮੌਕੇ ਸਰਬ ਭਾਰਤ ਨੌਜਵਾਨ ਸਭਾ ਦੇ ਪੰਜਾਬ ਪ੍ਰਧਾਨ ਪਰਮਜੀਤ ਸਿੰਘ ਢਾਬਾਂ, ਸੀਨੀਅਰ ਮੀਤ ਪ੍ਰਧਾਨ ਚਰਨਜੀਤ ਸਿੰਘ ਛਾਂਗਾ ਰਾਏ ਅਤੇ ਸੂਬਾ ਸਕੱਤਰ ਸੁਖਜਿੰਦਰ ਮਹੇਸਰੀ ਨੇ ਕਿਹਾ ਕਿ ਪੰਜਾਬ ਬੇਰੁਜ਼ਗਾਰੀ ਦੀ ਭੱਠੀ ਵਿੱਚ ਝੁਲਸ ਰਿਹਾ ਹੈ, ਪੰਜਾਬ ਦੀ ਜਵਾਨੀ ਸੜਕਾਂ ਉੱਤੇ ਨਿੱਤ ਦਿਹਾੜੇ ਜ਼ਲੀਲ ਹੋ ਰਹੀ ਹੈ ਅਤੇ ਲੱਖਾਂ ਪੰਜਾਬੀਆਂ ਨੂੰ ਪਰਵਾਸ ਲਈ ਮਜਬੂਰ ਕਰਕੇ, ਆਰਥਿਕ ਪੱਖੋਂ ਵੀ ਲੁੱਟਿਆ ਜਾ ਰਿਹਾ ਹੈ। ਰੁਜ਼ਗਾਰ ਦੇ ਪ੍ਰਮੁੱਖ ਮੁੱਦੇ ਨੂੰ ਨਜ਼ਰਅੰਦਾਜ਼ ਕਰਕੇ ਲੋਕਾਂ ਨੂੰ ਮੰਗਤੇ ਬਣਾਉਣ ਵਾਲੀ ਸਿਆਸਤ ਦੇ ਸੋਹਲੇ ਗਾਏ ਜਾ ਰਹੇ ਹਨ ਅਤੇ ਇਸ਼ਤਿਹਾਰਬਾਜ਼ੀ ਕੀਤੀ ਜਾ ਰਹੀ ਹੈ। ਮਹੇਸਰੀ ਨੇ ਕਿਹਾ ਕਿ ਅਸੀਂ ਇਨ੍ਹਾਂ ਮੁੱਦਿਆਂ ਬਾਰੇ ਪਿਛਲੇ ਸਾਲਾਂ ਤੋਂ ‘ਰੁਜ਼ਗਾਰ ਪ੍ਰਾਪਤੀ ਮੁਹਿੰਮ’ ਵਿੱਢੀ ਹੈ ਅਤੇ ਹੁਣ ਚੋਣਾਂ ਦੌਰਾਨ ਵੀ ਇਹ ਮੁੱਦੇ ਲੋਕਾਂ ਵਿੱਚ ਲੈ ਕੇ ਜਾਵਾਂਗੇ। ਇਸ ਮੌਕੇ ਉਨ੍ਹਾਂ ਨਾਲ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਲੜਕੀਆਂ ਦੇ ਕੌਮੀ ਕਨਵੀਨਰ ਕਰਮਵੀਰ ਕੌਰ ਬੱਧਨੀ, ਸਰਬ ਭਾਰਤ ਨੌਜਵਾਨ ਸਭਾ ਦੇ ਸੂਬਾ ਮੀਤ ਸਕੱਤਰ ਹਰਭਜਨ ਛਪੜੀ ਵਾਲਾ ਆਦਿ ਵੀ ਹਾਜ਼ਰ ਸਨ।