ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 22 ਮਈ
ਗਰਮੀ ਵਧਣ ਦੇ ਨਾਲ ਹੀ ਦਿੱਲੀ ਵਿੱਚ ਪਾਣੀ ’ਤੇ ਸਿਆਸਤ ਭਖਣ ਲੱਗ ਗਈ ਹੈ। ਸੱਤਾਧਾਰੀ ਆਮ ਆਦਮੀ ਪਾਰਟੀ ਅਤੇ ਵਿਰੋਧੀ ਧਿਰ ਭਾਜਪਾ ਪਾਣੀ ਦੇ ਮੁੱਦੇ ਨੂੰ ਲੈ ਕੇ ਇੱਕ-ਦੂਜੇ ’ਤੇ ਸਾਜ਼ਿਸ਼ਾਂ ਘੜਨ ਦੇ ਦੋਸ਼ ਲਾ ਰਹੀਆਂ ਹਨ। ‘ਆਪ’ ਨੇ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੇ ‘ਸਾਜ਼ਿਸ਼’ ਤਹਿਤ ਦਿੱਲੀ ਨੂੰ ਯਮੁਨਾ ਨਹਿਰ ਤੋਂ ਪਾਣੀ ਦੀ ਸਪਲਾਈ ਘਟਾ ਦਿੱਤੀ ਹੈ।
‘ਆਪ’ ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੇ ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਦੋਸ਼ ਲਾਇਆ ਕਿ ਭਾਜਪਾ ਨੇ ਦਿੱਲੀ ਵਿੱਚ ਵੋਟਾਂ ਤੋਂ ਪਹਿਲਾਂ ਪਾਣੀ ਦਾ ਸੰਕਟ ਖੜ੍ਹਾ ਕਰਨ ਦੀ ਨਵੀਂ ਸਾਜ਼ਿਸ਼ ਘੜੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ 25 ਮਈ ਨੂੰ ਵੋਟਾਂ ਪੈਣੀਆਂ ਹਨ। ਇਸ ਤੋਂ ਪਹਿਲਾਂ ਪਾਣੀ ਨੂੰ ਲੈ ਕੇ ਦਹਿਸ਼ਤ ਪੈਦਾ ਕਰਨ ਲਈ ਭਾਜਪਾ ਆਪਣੀ ਹਰਿਆਣਾ ਸਰਕਾਰ ਰਾਹੀਂ ਦਿੱਲੀ ਨੂੰ ਸਪਲਾਈ ਹੋਣ ਵਾਲਾ ਪਾਣੀ ਬੰਦ ਕਰ ਰਹੀ ਹੈ। ਉਨ੍ਹਾਂ ਦਿੱਲੀ ਵਾਸੀਆਂ ਨੂੰ ਭਾਜਪਾ ਦੀ ਇਸ ਸਾਜ਼ਿਸ਼ ਵਿੱਚ ਨਾ ਫਸਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਜਪਾ ਨੇ ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ਹਾਰਦੇ ਦੇਖ ਕੇ ‘ਆਪ’ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਘੜੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ 11 ਮਈ ਤੋਂ ਘੱਟ ਪਾਣੀ ਦੇ ਰਿਹਾ ਹੈ। ਇਸ ਕਾਰਨ ਯਮੁਨਾ ਦੇ ਪਾਣੀ ਦਾ ਪੱਧਰ 670.9 ਫੁੱਟ ’ਤੇ ਆ ਗਿਆ ਹੈ, ਜਦਕਿ ਇਹ 674 ਫੁੱਟ ਹੋਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ, ‘‘ਅਸੀਂ ਭਾਜਪਾ ਦੀ ਸਾਜ਼ਿਸ਼ ਨਾਲ ਨਜਿੱਠਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਡੀਜੇਬੀ (ਦਿੱਲੀ ਜਲ ਬੋਰਡ) ਨੂੰ ਟੈਂਕਰਾਂ ਦੀ ਗਿਣਤੀ ਅਤੇ ਬੋਰਵੈੱਲਾਂ ਦੇ ਚੱਲਣ ਦਾ ਸਮਾਂ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਲੋੜ ਪੈਣ ’ਤੇ ਅਸੀਂ ਅਦਾਲਤ ਵਿੱਚ ਅਰਜ਼ੀ ਵੀ ਦਾਇਰ ਕਰਾਂਗੇ।’’
ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੇ ਕਿਹਾ ਕਿ ਯਮੁਨਾ ਵਿੱਚ ਘੱਟ ਪਾਣੀ ਛੱਡਣ ਨੂੰ ਲੈ ਕੇ ਉਹ ਹਰਿਆਣਾ ਸਰਕਾਰ ਨੂੰ ਪੱਤਰ ਵੀ ਲਿਖ ਰਹੇ ਹਨ ਅਤੇ ਲੋੜ ਪੈਣ ’ਤੇ ਅਦਾਲਤ ਦਾ ਦਰਵਾਜ਼ਾ ਵੀ ਖੜਕਾਵਾਂਗੇ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਦੇ ਐਲਾਨ ਮਗਰੋਂ ਭਾਜਪਾ ਲਗਾਤਾਰ ਸਾਜ਼ਿਸ਼ ਰਚ ਰਹੀ ਹੈ, ਪਹਿਲਾਂ ਕੇਜਰੀਵਾਲ ਨੂੰ ਜੇਲ੍ਹ ਭੇਜਿਆ, ‘ਆਪ’ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੂੰ ‘ਵਰਤਿਆ’, ਫਿਰ ਵਿਦੇਸ਼ੀ ਫੰਡਿੰਗ ਦੇ ਦੋਸ਼ ਤੱਕ ਲਾਏ। ਉਨ੍ਹਾਂ ਕਿਹਾ ਕਿ ਦਿੱਲੀ ਵਾਲਿਆਂ ਨੇ ਦੇਖਿਆ ਹੈ ਕਿ ਪਿਛਲੇ 10 ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਅਦੇ ਜੁਮਲਾ ਬਣ ਕੇ ਰਹਿ ਗਏ ਹਨ, ਜਦੋਂਕਿ ਕੇਜਰੀਵਾਲ ਨੇ ਆਪਣੇ ਵਾਅਦਿਆਂ ਤੋਂ ਕਿਤੇ ਵੱਧ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਭਾਜਪਾ ਦਿੱਲੀ ਦੇ ਲੋਕਾਂ ਨੂੰ ਮੂਰਖ ਨਹੀਂ ਬਣਾ ਸਕਦੀ, ਦਿੱਲੀ ਦੇ ਲੋਕ ‘ਇੰਡੀਆ’ ਗੱਠਜੋੜ ਨੂੰ ਸਾਰੀਆਂ ਸੱਤ ਸੀਟਾਂ ਦੇਣ ਜਾ ਰਹੇ ਹਨ।