ਨਵੀਂ ਦਿੱਲੀ (ਪੱਤਰ ਪ੍ਰੇਰਕ): ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸਮੁੱਚੀ ਦਿੱਲੀ ਵਿਚ ਪੋਸਟਰ ਅਤੇ ਹੋਰਡਿੰਗ ਲਗਾਏ ਜਾਣਗੇ। ਇਸ ਦੇ ਨਾਲ ਹੀ ਦਿੱਲੀ ਦੀ ਸੰਗਤ ਨਾਲ ਮਿਲ ਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੁਹਿੰਮ ਵਿੱਢੀ ਜਾਵੇਗੀ। ਦਿੱਲੀ ਦੇ ਪ੍ਰਧਾਨ ਅਵਤਾਰ ਸਿੰਘ ਹਿਤ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲੰਮੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਆਵਾਜ਼ ਬੁਲੰਦ ਕਰਦਾ ਆ ਰਿਹਾ ਹੈ ਪਰ ਸਰਕਾਰਾਂ ਵੱਲੋਂ ਸਿੱਖਾਂ ਦੀਆਂ ਮੰਗਾਂ ਨੂੰ ਹਮੇਸ਼ਾ ਅਣਗੌਲਿਆ ਕੀਤਾ ਜਾਂਦਾ ਰਿਹਾ। ਕਾਂਗਰਸ ਤੋਂ ਕੋਈ ਉਮੀਦ ਨਹੀਂ ਸੀ ਕਿਉਂਕਿ ਇਸ ਨੇ ਹਮੇਸ਼ਾ ਹੀ ਸਿੱਖਾਂ ਨਾਲ ਮਤਰੇਆ ਸਲੂਕ ਕੀਤਾ ਤੇ ਮੋਦੀ ਸਰਕਾਰ ਦੇ ਆਉਣ ਨਾਲ ਸਿੱਖਾਂ ਨੂੰ ਆਸ ਬੱਝੀ ਸੀ ਪਰ ਹੁਣ ਲੱਗਦਾ ਹੈ ਕਿ ਮੋਦੀ ਸਰਕਾਰ ਵੀ ਇਸ ਪਾਸੇ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਦੂਜੇ ਪਾਸੇ ਦਿੱਲੀ ਦੀ ਕੇਜਰੀਵਾਲ ਸਰਕਾਰ ਤਾਂ ਹੈ ਹੀ ਸਿੱਖ ਵਿਰੋਧੀ ਇਸ ਲਈ ਹੁਣ ਫ਼ੈਸਲਾ ਲਿਆ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੁਹਿਮ ਨੂੰ ਤੇਜ਼ ਕੀਤਾ ਜਾਵੇਗਾ। ਹੋਰਡਿੰਗ ਦੀ ਸ਼ੁਰੂਆਤ ਸੰਤਗੜ੍ਹ ਗੁਰਦੁਆਰਾ ਤੋਂ ਕੀਤੀ ਗਈ ਹੈ।