ਪੱਤਰ ਪ੍ਰੇਰਕ
ਨਵੀਂ ਦਿੱਲੀ, 8 ਦਸੰਬਰ
ਦਿੱਲੀ ਦੀਆਂ ਬਰੂਹਾਂ ਉਪਰ ਕਿਸਾਨਾਂ ਵੱਲੋਂ ਲਾਏ ਹੋਏ ਮੋਰਚਿਆਂ ਵਿੱਚ ਗੁਰੂ ਤੇਗ਼ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਿੰਘੂ, ਟਿਕਰੀ ਤੇ ਗਾਜ਼ੀਪੁਰ ਦੇ ਮੋਰਚਿਆਂ ਉਪਰ ਵੱਖ-ਵੱਖ ਬੁਲਾਰਿਆਂ ਨੇ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹਾਦਤ ਦਾ ਜ਼ਿਕਰ ਕਰਦੇ ਹੋਏ ਧਰਮ ਦੀ ਖ਼ਾਤਰ ਦਿੱਤੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਕੇ ਕਿਸਾਨਾਂ ਵਿੱਚ ਜੋਸ਼ ਭਰਿਆ। ਬੁਲਾਰਿਆਂ ਨੇ ਕਿਸਾਨਾਂ ਦੇ ਸੰਘਰਸ਼ ਨੂੰ ਲੋਕਾਈ ਦੀ ਮਦਦ ਵਾਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਲੜਨ ਦਾ ਜਜ਼ਬਾ ਕੌਮਾਂ ਨੂੰ ਜਿੰਦਾ ਰੱਖਦਾ ਹੈ। ਅੱਜ ਦਾ ਦਿਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਟਿਕਰੀ ਬਾਰਡਰ ਤੇ ਗ਼ਦਰੀ ਗੁਲਾਬ ਕੌਰ ਨਗਰ ਦੀ ਸਟੇਜ ਤੋਂ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਦੇ 346ਵੇਂ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਸ਼ਹਾਦਤ ਨੂੰ ਸਮਰਪਿਤ ਰਿਹਾ ਅਤੇ ਸਾਰੇ ਪੰਡਾਲ ਨੇ ਖੜ੍ਹੇ ਹੋ ਕੇ ਸ਼ਹੀਦਾਂ ਨੂੰ ਸਮਰਪਿਤ ਨਾਅਰਿਆਂ ਦੀ ਗੂੰਜ ਵਿਚ ਉਨ੍ਹਾਂ ਦੀ ਘਾਲਣਾ ਨੂੰ ਸਿਜਦਾ ਕੀਤਾ। ਸਟੇਜ ਦੀ ਕਾਰਵਾਈ ਨੌਜਵਾਨਾਂ ਨੇ ਸੰਭਾਲੀ। ਬੁਲਾਰਿਆਂ ਨੇ ਕਿਹਾ ਕਿ ਅੱਜ ਤੋਂ 350 ਸਾਲ ਪਹਿਲਾਂ ਜਦੋਂ ਭਾਰਤ ’ਤੇ ਮੁਗਲ ਸਾਮਰਾਜ ਦਾ ਕਬਜ਼ਾ ਸੀ ਤਾਂ ਹਿੰਦੂਆਂ ਦਾ ਜਬਰੀ ਧਰਮ ਤਬਦੀਲ ਕਰਨ ਵਿਰੁੱਧ ਸ੍ਰੀ ਗੁਰੂ ਤੇਗ ਬਹਾਦਰ ਨੇ ਅਗਵਾਈ ਕੀਤੀ ਅਤੇ ਸੰਨ 1675 ਵਿੱਚ ਦਿੱਲੀ ਦੀ ਜਾਬਰ ਹਕੂਮਤ ਨਾਲ ਟੱਕਰ ਲੈਂਦੇ ਹੋਏ ਚਾਂਦਨੀ ਚੌਕ ਅੰਦਰ ਜਬਰ ਦਾ ਮੁਕਾਬਲਾ ਸਬਰ ਨਾਲ ਕਰਦੇ ਹੋਏ ਸ਼ਹੀਦੀ ਜਾਮ ਪੀ ਗਏ। ਅੱਜ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਚੱਲਣ ਦੀ ਲੋੜ ਹੈ ਕਿਉਂਕਿ ਕੇਂਦਰ ਦੀ ਫਾਸ਼ੀਵਾਦੀ ਭਾਜਪਾ ਹਕੂਮਤ ਵੱਲੋਂ ਹਿੰਦੂ ਰਾਸ਼ਟਰਵਾਦ ਦੇ ਨਾਅਰੇ ਹੇਠ ਘੱਟ ਗਿਣਤੀ ਧਰਮ ਦੇ ਲੋਕਾਂ ’ਤੇ ਜਬਰ ਕੀਤਾ ਜਾ ਰਿਹਾ ਹੈ।
ਦਿੱਲੀ ਕਮੇਟੀ ਨੇ ਮਨਾਇਆ ਸ਼ਹੀਦੀ ਦਿਹਾੜਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 346ਵਾਂ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਮੇਟੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਧਾਰਮਿਕ ਦੀਵਾਨ ਸਜਾਏ ਗਏ ਤੇ ਗੁਰਮਤਿ ਸਮਾਗਮ ਕਰਵਾਏ ਗਏ। ਮੁੱਖ ਸਮਾਗਮ ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਹੋਇਆ। ਇਥੇ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਿੱਖ ਕੌਮ ਦੁਨੀਆਂ ਦੀ ਇਕਲੌਤੀ ਕੌਮ ਹੈ, ਜਿਸਨੂੰ ਸ਼ਹਾਦਤਾਂ ਗੁਰੂ ਸਾਹਿਬਾਨਾਂ ਵੱਲੋਂ ਵਿਰਸੇ ਵਿਚ ਮਿਲੀਆਂ ਹਨ। ਕਾਲਕਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਮੰਨ ਚੁੱਕੇ ਹਨ ਕਿ ਜੇਕਰ ਗੁਰੂ ਤੇਗ ਬਹਾਦਰ ਸਾਹਿਬ ਨੇ ਸ਼ਹਾਦਤ ਨਾ ਦਿੱਤੀ ਹੁੰਦੀ ਤਾਂ ਅੱਜ ਦੇਸ਼ ਦਾ ਸਰੂਪ ਕੁਝ ਹੋਰ ਹੀ ਹੁੰਦਾ।