ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਜੂਨ
ਆਮ ਆਦਮੀ ਪਾਰਟੀ (ਆਪ) ਨੀਟ ਪ੍ਰੀਖਿਆ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਮੰਗਲਵਾਰ ਨੂੰ ਇੱਥੇ ਜੰਤਰ-ਮੰਤਰ ’ਤੇ ਕੇਂਦਰ ਖ਼ਿਲਾਫ਼ ਪ੍ਰਦਰਸ਼ਨ ਕਰੇਗੀ। ਪਾਰਟੀ ਦੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਅੱਜ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਨੀਟ ਪ੍ਰੀਖਿਆ ’ਚ ਕਈ ਤਰ੍ਹਾਂ ਦੀਆਂ ਬੇਨਿਯਮੀਆਂ ਸਾਹਮਣੇ ਆਈਆਂ ਹਨ। ਮੋਦੀ ਸਰਕਾਰ ਦੇ ਅਜਿਹੇ ਘਪਲਿਆਂ ਨੂੰ ਦੇਸ਼ ਬਰਦਾਸ਼ਤ ਨਹੀਂ ਕਰੇਗਾ। ਇਸ ਘਪਲੇ ਖ਼ਿਲਾਫ਼ 18 ਜੂਨ ਨੂੰ ਸਵੇਰੇ 10 ਵਜੇ ਜੰਤਰ-ਮੰਤਰ ’ਤੇ ਆਮ ਆਦਮੀ ਪਾਰਟੀ ਦੇ ਸਾਰੇ ਸੰਸਦ ਮੈਂਬਰ ਅਤੇ ਕੌਂਸਲਰ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ। ਇਸੇ ਤਰ੍ਹਾਂ ‘ਆਪ’ ਵੱਲੋਂ ਦੇਸ਼ ਭਰ ਦੇ ਸਾਰੇ ਸੂਬਿਆਂ ਵਿੱਟ ਕੇਂਦਰ ਖ਼ਿਲਾਫ਼ ਮੁਜ਼ਾਹਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਉਹ ਲੱਖਾਂ ਬੱਚਿਆਂ ਦੀ ਮਹਿਨਤ ਨੂੰ ਇਸ ਤਰ੍ਹਾਂ ਬੇਕਾਰ ਨਹੀਂ ਜਾਣ ਦੇਣਗੇ।