ਹਰਦੀਪ ਸਿੰਘ ਸੋਢੀ
ਧੂਰੀ, 16 ਫ਼ਰਵਰੀ
ਦਿੱਲੀ ਸਰਕਾਰ ਦੇ ਡੀਐਸਆਈਆਈਡੀ ਵਿਭਾਗ ਦੇ ਸ਼ਰਾਬ ਦੇ ਠੇਕਿਆਂ ਦੇ ਫਾਰਗ ਕੀਤੇ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਦੇ ਹਲਕਾ ਧੂਰੀ ਤੋਂ ਉਮੀਦਵਾਰ ਅਤੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ ਦੇ ਸਥਾਨਕ ਚੋਣ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਕੇਜਰੀਵਾਲ ਦੀ ਆਪ ਸਰਕਾਰ ਦੇ ਖਿਲਾਫ਼ ਨਾਅਰੇਬਾਜੀ ਕੀਤੀ। ਉਨਾਂ ਕਿਹਾ ਕਿ ਆਪ ਸਰਕਾਰ ਨੇ ਦਿੱਲੀ ਵਿੱਚ ਸ਼ਰਾਬ ਦੇ ਸਰਕਾਰੀ ਠੇਕੇ ਬੰਦ ਕਰਕੇ ਸ਼ਰਾਬ ਦੀ ਵਿੱਕਰੀ ਨਿੱਜੀ ਹੱਥਾਂ ਵਿੱਚ ਦੇ ਕੇ 194 ਮੁਲਾਜ਼ਮਾਂ ਦੀ ਇੱਕਦਮ ਛਾਂਟੀ ਕਰਕੇ ਉਨ੍ਹਾਂ ਦੇ ਚੁੱਲ੍ਹੇ ਠੰਡੇ ਕਰ ਦਿੱਤੇ ਹਨ। ਉਨਾਂ ਦੱਸਿਆ ਕਿ ਉਹ 16 ਨਵੰਬਰ ਤੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਠੋਕਰਾਂ ਖਾ; ਰਹੇ ਹਨ, ਪਰ ਅੱਜ ਤੱਕ ਕੇਜਰੀਵਾਲ ਨੇ ਉਨਾਂ ਨੂੰ ਮਿਲਣ ਦਾ ਸਮਾਂ ਤੱਕ ਨਹੀਂ ਦਿੱਤਾ। ਫਾਰਗ ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਿਆ ਸੀ ਕਿ ਕੇਜਰੀਵਾਲ ਪੰਜਾਬ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ, ਜਿਸ ਕਾਰਨ ਅੱਜ ਉਨਾਂ ਨੂੰ ਮੁੱਖ ਮੰਤਰੀ ਚਿਹਰੇ ਦੇ ਉਮੀਦਵਾਰ ਦੇ ਦਫ਼ਤਰ ਅੱਗੇ ਧਰਨਾ ਦੇਣਾ ਪਿਆ ਹੈ।