ਪੱਤਰ ਪ੍ਰੇਰਕ
ਨਵੀਂ ਦਿੱਲੀ, 26 ਅਗਸਤ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਆਮ ਆਦਮੀ ਪਾਰਟੀ ਵੱਲੋਂ ਭਾਜਪਾ ’ਤੇ ਲਗਾਏ ਗਏ ਦੋਸ਼ਾਂ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਦਿੱਲੀ ਹਾਈ ਕੋਰਟ ’ਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਹੈ। ਦਿੱਲੀ ਦੇ ਇੱਕ ਵਕੀਲ ਨੇ ਦਿੱਲੀ ਹਾਈ ਕੋਰਟ ਵਿੱਚ ਇੱਕ ਜਨਹਿਤ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਮੁੱਖ ਮੰਤਰੀ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਭਾਜਪਾ ਖ਼ਿਲਾਫ਼ ਲਾਏ ਗਏ ਦੋਸ਼ਾਂ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ। ਪਾਰਟੀ ਦੇ ਆਗੂਆਂ ਨੇ ਦੋਸ਼ ਲਗਾਇਆ ਸੀ ਕਿ ਭਾਜਪਾ ‘ਆਪ’ ਵਿਧਾਇਕਾਂ ਨੂੰ 800 ਕਰੋੜ ਰੁਪਏ ਦੀ ਪੇਸ਼ਕਸ਼ ਕਰਕੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਰਹੀ ਹੈ। ਐਡਵੋਕੇਟ ਨਵੀਨ ਜਿੰਦਲ ਨੇ ਸੀਬੀਆਈ ਡਾਇਰੈਕਟਰ ਸੁਬੋਧ ਜੈਸਵਾਲ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਕੁਝ ਵਿਧਾਇਕਾਂ ਨੇ ਵੀ ਮੀਡੀਆ ਵਿੱਚ ਕਿਹਾ ਸੀ ਕਿ ਉਨ੍ਹਾਂ ਕੋਲ ਅਜਿਹੇ ਸਬੂਤ ਹਨ ਜੋ ਸਾਬਤ ਕਰਦੇ ਹਨ ਕਿ ਭਾਜਪਾ ਨੇ ਉਨ੍ਹਾਂ ਨੂੰ ਖਰੀਦਣ ਦੀ ਕੋਸ਼ਿਸ਼ ਕੀਤੀ ਸੀ ਪਰ ਕੁਝ ਵੀ ਸਾਂਝਾ ਕਰਨ ਤੋਂ ਇਨਕਾਰ ਕਰ ਦਿੱਤਾ। ਵਕੀਲ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਕਿ ਭਾਜਪਾ ’ਤੇ ਅਜਿਹੇ ਦੋਸ਼ ਲਾਏ ਗਏ ਹਨ। ਇਸ ਤੋਂ ਪਹਿਲਾਂ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਾਜਪਾ ’ਤੇ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦਾ ਦੋਸ਼ ਲਗਾ ਚੁੱਕੇ ਹਨ। ਵਕੀਲ ਨੇ ਕਿਹਾ, ‘‘ਦਿੱਲੀ ਦੇ ਇੱਕ ਸਮਾਜ ਸੇਵੀ ਅਤੇ ਵੋਟਰ ਹੋਣ ਦੇ ਨਾਤੇ ਇਸ ਲਈ ਮੈਂ ਤੁਹਾਨੂੰ ਮੌਜੂਦਾ ਮਾਮਲੇ ਦੀ ਜਾਂਚ ਕਰਨ ਦੀ ਬੇਨਤੀ ਕਰਦਾ ਹਾਂ ਤਾਂ ਜੋ ਹਰੇਕ ਵੋਟਰ ਦੇ ਅਧਿਕਾਰਾਂ ਦੀ ਰੱਖਿਆ ਅਤੇ ਯਕੀਨੀ ਬਣਾਇਆ ਜਾ ਸਕੇ।’’