ਨਵੀਂ ਦਿੱਲੀ, 3 ਨਵੰਬਰ
ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਰਾਜ ਕੁਮਾਰ ਆਨੰਦ ਨੂੰ ਇਥੇ ਰਾਜਨਿਵਾਸ ’ਚ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਸਰਕਾਰ ਦੇ ਮੰਤਰੀ ਵਜੋਂ ਸਹੁੰ ਚੁਕਾਈ। ਆਨੰਦ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਸਕੱਤਰ ਨਰੇਸ਼ ਕੁਮਾਰ ਦੀ ਮੌਜੂਦਗੀ ਵਿੱਚ ਸਹੁੰ ਚੁੱਕੀ। ਸਹੁੰ ਚੁੱਕ ਸਮਾਗਮ ਮਗਰੋਂ ਸਕਸੈਨੇ ਨੇ ਟਵੀਟ ਕੀਤਾ, ‘‘ਮੈਂ ਰਾਜ ਕੁਮਾਰ ਆਨੰਦ ਨੂੰ ਕੌਮੀ ਰਾਜਧਾਨੀ ਦੀ ਦਿੱਲੀ ਸਰਕਾਰ ਦੇ ਮੰਤਰੀ ਵਜੋਂ ਸਹੁੰ ਚੁਕਾਈ ਹੈ। ਮੈਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਦਿੱਲੀ ਅਤੇ ਇਥੋਂ ਦੇ ਲੋਕਾਂ ਦੀ ਬਿਹਤਰੀ ਲਈ ਕੰਮ ਕਰਨਗੇ।’’
ਆਨੰਦ ਨੂੰ ਵਧਾਈ ਦਿੰਦਿਆਂ ਕੇਜਰੀਵਾਲ ਨੇ ਟਵੀਟ ਕੀਤਾ, ‘‘ਰਾਜ ਕੁਮਾਰ ਜੀ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਬਹੁਤ-ਬਹੁਤ ਵਧਾਈਆਂ ਅਤੇ ਸ਼ੁੱਭਕਾਮਨਾਵਾਂ। ਸਖ਼ਤ ਮਿਹਨਤ ਤੇ ਇਮਾਨਦਾਰੀ ਨਾਲ ਦਿੱਲੀ ਦੇ ਲੋਕਾਂ ਦੀ ਸੇਵਾ ਕਰੋ।’’ ਆਨੰਦ ਨੇ ਦਿੱਲੀ ਸਕੱਤਰੇਤ ਵਿੱਚ ਆਪਣਾ ਕਾਰਜਭਾਰ ਸੰਭਾਲ ਲਿਆ ਹੈ ਅਤੇ ਇਹ ਜ਼ਿੰਮੇਵਾਰੀ ਦੇਣ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਰਾਜਿੰਦਰ ਪਾਲ ਗੌਤਮ ਦੇ ਅਸਤੀਫ਼ੇ ਤੋਂ ਬਾਅਦ ਕੇਜਰੀਵਾਲ ਨੇ ਪਟੇਲ ਨਗਰ ਦੇ ਵਿਧਾਇਕ ਆਨੰਦ ਨੂੰ ਆਪਣੀ ਕੈਬਨਿਟ ਵਿੱਚ ਸ਼ਾਮਲ ਕੀਤਾ ਹੈ। ਗੌਤਮ ਨੇ ਇੱਕ ਧਰਮ ਪਰਿਵਰਤਨ ਪ੍ਰੋਗਰਾਮ ਵਿੱਚ ਆਪਣੀ ਮੌਜੂਦਗੀ ਨੂੰ ਲੈ ਕੇ ਹੋਏ ਵਿਵਾਦ ਕਾਰਨ ਪਿਛਲੇ ਮਹੀਨੇ ਸਮਾਜ ਕਲਿਆਣ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। -ਪੀਟੀਆਈ