ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਸਤੰਬਰ
ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦਾ ਮਾਲੀਆ ਘਾਟਾ ਅਤੇ ਸੂਬੇ ਦੀ ਵਿੱਤੀ ਹਾਲਤ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਪੂਲ ਲਈ ਕਣਕ ਅਤੇ ਚੌਲਾਂ ਦੀ ਖਰੀਦ ਲਈ ਸੀਸੀਐੱਲ ਵਿਆਜ ਦਰਾਂ ਕਾਰਨ ਪੰਜਾਬ ਨੂੰ ਸਾਲਾਨਾ 650 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕੇਂਦਰ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਇਸ ਵਿੱਤੀ ਸੰਕਟ ਅਤੇ ਕਰਜ਼ੇ ਦੇ ਜਾਲ ’ਚੋਂ ਕੱਢਣ ਲਈ ਸਹਾਇਤਾ ਕਰੇ। ਪੰਜਾਬ ਦੇ ਕਰੀਬ 8500 ਕਰੋੜ ਰੁਪਏ ਦੇ ਫੰਡ ਕੇਂਦਰ ਸਰਕਾਰ ਕੋਲ ਬਕਾਇਆ ਪਏ ਹਨ, ਜਿਸ ਵਿੱਚ 5658 ਕਰੋੜ ਰੁਪਏ ਪੇਂਡੂ ਵਿਕਾਸ ਫੰਡ, 1000 ਕਰੋੜ ਰੁਪਏ ਨੈਸ਼ਨਲ ਹੈਲਥ ਮਿਸ਼ਨ ਅਤੇ 1837 ਕਰੋੜ ਰੁਪਏ ਰਾਜ ਨੂੰ ਪੂੰਜੀ ਨਿਵੇਸ਼ ਲਈ ਵਿਸ਼ੇਸ਼ ਸਹਾਇਤਾ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਹੋਰ ਕਰਜ਼ਾ ਚੁੱਕਣਾ ਕੋਈ ਸਥਾਈ ਹੱਲ ਨਹੀਂ ਹੈ।