ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 8 ਸਤੰਬਰ
ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਤੇ ਸੌਰਭ ਭਾਰਦਵਾਜ ਨੇ ਅੱਜ ਇੱਥੇ ਕਿਹਾ ਕਿ ਮੱਧ ਪ੍ਰਦੇਸ਼ ਸਰਕਾਰ ਨੇ ਲੜਕੀਆਂ ਤੇ ਔਰਤਾਂ ਨੂੰ ਦਿੱਤੇ ਜਾਣ ਵਾਲੇ ਰਾਸ਼ਨ ਵਿੱਚ 2.5 ਹਜ਼ਾਰ ਕਰੋੜ ਰੁਪਏ ਦਾ ਕਥਿਤ ਘਪਲਾ ਕੀਤਾ ਹੈ। ਇਸ ਘੁਟਾਲੇ ਤੋਂ ਬਾਅਦ ਮੱਧ ਪ੍ਰਦੇਸ਼ ਦੇ ਇਤਿਹਾਸ ਵਿੱਚ ਇਹ ਦੂਜਾ ਸਭ ਤੋਂ ਵੱਡਾ ਭ੍ਰਿਸ਼ਟਾਚਾਰ ਹੈ। ‘ਆਪ’ ਵਿਧਾਇਕ ਤੇ ਹੋਰ ਆਗੂ ਇਸ ਘੁਟਾਲੇ ਸਬੰਧੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਖ਼ਿਲਾਫ਼ ਸੀਬੀਆਈ ਨੂੰ ਸ਼ਿਕਾਇਤ ਦੇਣ ਲਈ ਸੀਬੀਆਈ ਹੈੱਡਕੁਆਰਟਰ ਵੀ ਪਹੁੰਚੇ।
‘ਆਪ’ ਆਗੂਆਂ ਨੇ ਕਿ ਮੱਧ ਪ੍ਰਦੇਸ਼ ਦੇਸ਼ ਦੇ ਸਭ ਤੋਂ ਵੱਧ ਕੁਪੋਸ਼ਿਤ ਆਬਾਦੀ ਵਾਲੇ ਰਾਜਾਂ ਵਿੱਚ ਤੀਜੇ ਨੰਬਰ ’ਤੇ ਆਉਂਦਾ ਹੈ, ਇਸ ਲਈ ਸਰਕਾਰ ਨੇ ਲੜਕੀਆਂ ਅਤੇ ਔਰਤਾਂ ਨੂੰ ਰਾਸ਼ਨ ਵੰਡਣ ਦੀ ਯੋਜਨਾ ਬਣਾਈ ਸੀ। ਮੱਧ ਪ੍ਰਦੇਸ਼ ਸਰਕਾਰ ਦਾ ਕਹਿਣਾ ਹੈ ਕਿ 36.08 ਲੱਖ ਲੜਕੀਆਂ ਨੂੰ ਰਾਸ਼ਨ ਵੰਡਿਆ ਗਿਆ ਹੈ, ਜਦਕਿ ਸਕੂਲਾਂ ਦਾ ਕਹਿਣਾ ਹੈ ਕਿ ਇੱਥੇ ਸਿਰਫ਼ 9 ਹਜ਼ਾਰ ਬੱਚੇ ਪੜ੍ਹਦੇ ਹਨ। ਜਦੋਂ ਕੇਂਦਰ ਦਾ ਸਰਵੇਖਣ ਕੀਤਾ ਗਿਆ ਤਾਂ ਉਨ੍ਹਾਂ ਦੱਸਿਆ ਕਿ 49 ਆਂਗਣਵਾੜੀਆਂ ਵਿੱਚ ਕਰੀਬ 29 ਹਜ਼ਾਰ ਔਰਤਾਂ ਨੂੰ ਰਾਸ਼ਨ ਵੰਡਿਆ ਗਿਆ ਹੈ। ਸਰਕਾਰ ਦੇ ਆਪਣੇ ਆਡੀਟਰ ਦੀ ਰਿਪੋਰਟ ਵਿੱਚ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਇਆ ਹੈ। ਸਾਰੇ ਅੰਕੜੇ ਫ਼ਰਜ਼ੀ ਹਨ, ਰਾਸ਼ਨ ਵੰਡਣ ਵਾਲੀਆਂ ਕੰਪਨੀਆਂ ਫਰਜ਼ੀ ਹਨ ਅਤੇ ਜਿਨ੍ਹਾਂ ਵਾਹਨਾਂ ਰਾਹੀਂ ਰਾਸ਼ਨ ਵੰਡਿਆ ਗਿਆ ਸੀ, ਉਹ ਵੀ ਫਰਜ਼ੀ ਨਿਕਲੇ ਹਨ। ਇਹ ਪੂਰਾ ਵਿਭਾਗ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਅਧੀਨ ਆਉਂਦਾ ਹੈ। ‘ਆਪ’ ਆਗੂਆਂ ਨੇ ਕਿਹਾ ਕਿ ਇਹ ਸੰਭਵ ਨਹੀਂ ਹੈ ਕਿ ਉਨ੍ਹਾਂ ਨੂੰ ਇਸ ਘੁਟਾਲੇ ਬਾਰੇ ਜਾਣਕਾਰੀ ਨਾ ਹੋਵੇ। ਜੇਕਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਿੱਚ ਥੋੜੀ ਜਿਹੀ ਵੀ ਇਨਸਾਨੀਅਤ ਬਚੀ ਹੈ ਤਾਂ ਸ਼ਿਵਰਾਜ ਸਿੰਘ ਚੌਹਾਨ ਨੂੰ ਤੁਰੰਤ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ। ਇਸ ਸਾਰੇ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਇਸ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
‘ਆਪ’ ਵਿਧਾਇਕ ਦੁਰਗੇਸ਼ ਪਾਠਕ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਹੇਠ ਵਿਆਪਮ ਘੁਟਾਲੇ ਤੋਂ ਬਾਅਦ ਮੱਧ ਪ੍ਰਦੇਸ਼ ਦੇ ਇਤਿਹਾਸ ਵਿੱਚ ਸ਼ਾਇਦ ਇਹ ਦੂਜਾ ਸਭ ਤੋਂ ਵੱਡਾ ਘੁਟਾਲਾ ਹੋਵੇਗਾ। ਇਹ ਘੁਟਾਲਾ ਐਨਾ ਸਪੱਸ਼ਟ ਹੈ ਕਿ ਇਸ ਵਿੱਚ ਬਹੁਤਾ ਦਿਮਾਗ ਲਗਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਭ੍ਰਿਸ਼ਟਾਚਾਰ ਸਕੂਲ ’ਚ ਪੜ੍ਹਦੀਆਂ ਵਿਦਿਆਰਥਣਾਂ ਅਤੇ ਗਰਭਵਤੀ ਔਰਤਾਂ ਦੇ ਰਾਸ਼ਨ ਨਾਲ ਸਬੰਧਤ ਹੈ।
ਪ੍ਰੈੱਸ ਕਾਨਫ਼ਰੰਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਿਧਾਇਕ ਦੁਰਗੇਸ਼ ਪਾਠਕ ਅਤੇ ਸੌਰਭ ਭਾਰਦਵਾਜ ਤੋਂ ਇਲਾਵਾ ਹੋਰ ਆਗੂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਖ਼ਿਲਾਫ਼ ਸ਼ਿਕਾਇਤ ਦੇਣ ਲਈ ਸੀਬੀਆਈ ਦੇ ਹੈੱਡਕੁਆਰਟਰ ਪਹੁੰਚੇ ਹੋਏ ਸਨ।