ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਸਾਹਿਬਾਨ ਦੇ ਸ਼ਸਤਰ ਤੇ ਹੋਰ ਨਿਸ਼ਾਨੀਆਂ ਦਿੱਲੀ ਦੀ ਸੰਗਤ ਦੇ ਦਰਸ਼ਨਾਂ ਵਾਸਤੇ ਨਾ ਭੇਜਣ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। ਉਨ੍ਹਾਂ ਐਲਾਨ ਕੀਤਾ ਕਿ ਉਹ ਇਹ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਚੁੱਕਣਗੇ। ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਲਕਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਦਿੱਲੀ ਫਤਿਹ ਦਿਵਸ ਅਤੇ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੇ ਜਾ ਰਹੇ ਪ੍ਰੋਗਰਾਮਾਂ ਲਈ ਗੁਰੂ ਸਾਹਿਬ ਦੇ ਸਸ਼ਤਰ ਤੇ ਨਿਸ਼ਾਨੀਆਂ ਬੱਸ ਵਿਚ ਦਿੱਲੀ ਭੇਜਣ ਦੀ ਬੇਨਤੀ ਸ਼੍ਰੋਮਣੀ ਕਮੇਟੀ ਨੂੰ ਕੀਤੀ ਸੀ ਤਾਂ ਜੋ ਦਿੱਲੀ ਦੀਆਂ ਸੰਗਤਾਂ ਇਨ੍ਹਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਦੋ ਸਾਲ ਪਹਿਲਾਂ ਵੀ ਦਿੱਲੀ ਦੀ ਸੰਗਤ ਨੂੰ ਗੁਰੂ ਸਾਹਿਬਾਨ ਦੀਆਂ ਇਨ੍ਹਾਂ ਨਿਸ਼ਾਨੀਆਂ ਦੇ ਦਰਸ਼ਨ ਕਰਵਾਏ ਗਏ ਸਨ ਪਰ ਹੈਰਾਨੀ ਵਾਲੀ ਗੱਲ ਹੈ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਨੇ ਇਹ ਨਿਸ਼ਾਨੀਆਂ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ। ਕਾਲਕਾ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਤੋਂ ਇਕ ਪੱਤਰ ਪ੍ਰਾਪਤ ਹੋਇਆ ਹੈ ਜਿਸ ਵਿਚ 2018 ਦੇ ਮਤੇ ਦਾ ਜ਼ਿਕਰ ਕਰ ਕੇ ਨਿਸ਼ਾਨੀਆਂ ਭੇਜਣ ਤੋਂ ਇਨਕਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸ਼੍ਰੋਮਣੀ ਕਮੇਟੀ ‘ਤੇ ਕਾਬਜ਼ ਧਿਰ ਨੂ ਲੱਗਦਾ ਹੈ ਕਿ ਹਰ ਚੀਜ਼ ‘ਤੇ ਉਸ ਦਾ ਕਬਜ਼ਾ ਹੈ ਜਦੋਂ ਕਿ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਇਨਕਾਰ ਦਿੱਲੀ ਦੀਆਂ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਨਿਸ਼ਾਨੀਆਂ ਤੋਂ ਦੂਰ ਰੱਖਣ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ ਜਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਧਿਆਨ ਵਿਚ ਲਿਆਉਣਗੇ ਤੇ ਉਨ੍ਹਾਂ ਤੋਂ ਮੰਗ ਕਰਨਗੇ ਕਿ ਇਸ ਦਾ ਨੋਟਿਸ ਲੈ ਕੇ ਸ਼੍ਰੋਮਣੀ ਕਮੇਟੀ ਦੇ ਖਿਲਾਫ ਕਾਰਵਾਈ ਕੀਤੀ ਜਾਵੇ।