ਪੱਤਰ ਪ੍ਰੇਰਕ
ਨਵੀਂ ਦਿੱਲੀ, 2 ਦਸੰਬਰ
ਕੇਂਦਰ ਸਰਕਾਰ ਨੇ ਖੇਤੀਬਾੜੀ ਨੂੰ ਨਵੇਂ ਕਾਨੂੰਨਾਂ ਰਾਹੀਂ ਪੂੰਜੀਵਾਦੀ ਕਾਰੋਬਾਰ ਦੇ ਹਵਾਲੇ ਕਰ ਦਿੱਤਾ ਹੈ। ਨਤੀਜੇ ਵਜੋਂ, ਦੇਸ਼ ਦੇ 86 ਫ਼ੀਸਦ ਕਿਸਾਨ ਡਰਦੇ ਹਨ ਕਿ ਸਰਕਾਰ ਸਾਨੂੰ ਖੇਤੀਬਾੜੀ ਤੋਂ ਬਾਹਰ ਕੱਢ ਕੇ ਪਿੰਡਾਂ ਨੂੰ ਖੰਡਰਾਂ ਵਿੱਚ ਬਦਲਣਾ ਚਾਹੁੰਦੀ ਹੈ । ਪੰਜਾਬ ਦੇ ਕਿਸਾਨਾਂ ਦੀ ਅਗਵਾਈ ਹੇਠ, ਕਿਸਾਨਾਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਨੂੰ ਖ਼ਤਮ ਕਰਾਉਣ ਲਈ ਸੰਘਰਸ਼ ਦਾ ਰਾਹ ਚੁਣਿਆ ਹੋਇਆ ਹੈ। ਵੱਖ-ਵੱਖ ਰਾਜਾਂ ਤੋਂ ਆਏ ਹੋਏ ਅੰਦੋਲਨਕਾਰੀ ਕਿਸਾਨਾਂ ਲਈ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਪਿਛਲੇ 5 ਦਿਨਾਂ ਤੋਂ ਲੰਗਰ ਸੇਵਾ ਕਰ ਰਿਹਾ ਹੈ, ਜਿਸ ਵਿੱਚ ਅੱਜ ਬਾਬਾ ਜਗਤਾਰ ਸਿੰਘ ਕਾਰ ਸੇਵਾ ਵਾਲਿਆਂ ਨੇ ਵੀ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵੱਲੋਂ ਲੰਗਰ ਦੀ ਸੇਵਾ ਨਿਭਾ ਰਹੇ ਸਮੂਹ ਟੀਮ ਦੀ ਸ਼ਲਾਘਾ ਕਰਦਿਆਂ ਅਸ਼ੀਰਵਾਦ ਦਿੱਤਾ ਅਤੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਨੂੰ ਆਪਣਾ ਸਮਰਥਨ ਦਿੱਤਾ। ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਜਨਰਲ ਸਕਤਰ ਸਰਦਾਰ ਹਰਵਿੰਦਰ ਸਿੰਘ ਸਰਨਾ, ਯੂਥ ਵਿੰਗ ਦੇ ਪ੍ਰਧਾਨ ਰਮਨਦੀਪ ਸਿੰਘ ਸੋਨੂੰ ਅਤੇ ਮੀਤ ਪ੍ਰਧਾਨ ਜਸਮੀਤ ਸਿੰਘ ਪੀਤਮਪੁਰਾ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨੇ ਕਿਸਾਨ ਵਿਰੋਧੀ ਬਿੱਲਾਂ ਨੂੰ ਵਾਪਸ ਲੈਂਦਿਆਂ ਅੰਦੋਲਨ ਦੇ ਰਾਹ ’ਤੇ ਤੁਰੇ ਹੋਏ ਕਿਸਾਨਾਂ ਨੂੰ ਰਾਹਤ ਦੇਣ ਦੀ ਮੰਗ ਕੀਤੀ। ਯੂਥ ਵਿੰਗ ਦੇ ਪ੍ਰਧਾਨ ਰਮਨਦੀਪ ਸਿੰਘ ਸੋਨੂੰ ਨੇ ਦੱਸਿਆ ਸਾਡੇ ਮੈਂਬਰ ਗੁਰਪ੍ਰੀਤ ਸਿੰਘ ਰਿੰਟਾ ਅਤੇ ਹੋਰ ਪਿਛਲੇ 5 ਦਿਨਾਂ ਤੋਂ ਚੌਵੀ ਘੰਟੇ ਕਿਸਾਨ ਵੀਰਾਂ ਅਤੇ ਭੈਣਾਂ ਦੀ ਸੇਵਾ ਵਿਚ ਲੱਗੇ ਹੋਏ ਹਨ ਤੇ ਆਪਣੇ ਹੱਥੀਂ ਚਾਹ, ਪਕੌੜੇ ਅਤੇ ਹੋਰ ਲੰਗਰ ਬਣਾ ਰਹੇ ਹਨ ਇਸ ਦੇ ਨਾਲ ਨਾਲ ਜ਼ਰੂਰਤਮੰਦਾਂ ਲਈ ਦਵਾਈਆਂ ਦੀ ਵੀ ਨਿਸ਼ਕਾਮ ਸੇਵਾ ਕੀਤੀ ਜਾ ਰਹੀ ਹੈ ।