ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਸਤੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ ਸਰਕਾਰ ਵੱਲੋਂ ਹਰਿਆਣਾ ਵਿੱਚ ਸਿੱਖਿਆਵਾਂ ਲਈ ਧਾਰਮਿਕ ਕਕਾਰ ਲਿਜਾਣ ‘ਤੇ ਲਾਈ ਪਾਬੰਦੀ ਦਾ ਗੰਭੀਰ ਨੋਟਿਸ ਲੈਂਦਿਆਂ ਫੈਸਲੇ ਦਾ ਵਿਰੋਧ ਕੀਤਾ ਹੈ। ਇਥੇ ਜਾਰੀ ਬਿਆਨ ਵਿੱਚ ਸਿਰਸਾ ਨੇ ਹੈਰਾਨੀ ਪ੍ਰਗਟ ਕੀਤੀ ਕਿ ਹਰਿਆਣਾ ਵਿਚ 12 ਸਤੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਵਿਚ ਧਾਰਮਿਕ ਕੱਕਾਰ ਧਾਰਨ ਕਰਨ ‘ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਗੈਰ ਸੰਵਿਧਾਨਿਕ ਫੈਸਲਾ ਹੈ ਜੋ ਸਿੱਖਾਂ ਦੇ ਕੜੇ ਅਤੇ ਸ੍ਰੀ ਸਾਹਿਬ ਵਰਗੇ ਧਾਰਮਿਕ ਕੱਕਾਰਾਂ ਦੇ ਖਿਲਾਫ ਹੈ ਕਿਉਂਕਿ ਅੰਮ੍ਰਿਤਧਾਰੀ ਸਿੰਘਾਂ ਨੇ ਇਹ ਕੱਕਾਰ ਧਾਰਨ ਕਰਨੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦਾ ਮੌਜੂਦਾ ਹੁਕਮ ਪੂਰੀ ਤਰ੍ਹਾਂ ਗੈਰ ਸੰਵਿਧਾਨਕ ਹੈ।