ਨਵੀਂ ਦਿੱਲੀ, 29 ਜੁਲਾਈ
ਦੇਸ਼ ਦੀ ਸਰਵਉਚ ਅਦਾਲਤ ਵੱਲੋਂ ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਦੀ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਜ਼ਮਾਨਤ ਪਟੀਸ਼ਨ ’ਤੇ ਅੱਜ ਸੁਣਵਾਈ ਕੀਤੀ ਗਈ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਇਹ ਦਲੀਲ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਹੈ ਕਿ ਉਹ ਪਿਛਲੇ 16 ਮਹੀਨਿਆਂ ਤੋਂ ਹਿਰਾਸਤ ਵਿਚ ਹਨ ਅਤੇ ਪਿਛਲੇ ਸਾਲ ਅਕਤੂਬਰ ਤੋਂ ਉਸ ਵਿਰੁੱਧ ਕੇਸ ਵਿਚ ਕੋਈ ਪ੍ਰਗਤੀ ਨਹੀਂ ਹੋਈ। ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ਮਨੀ ਲਾਂਡਰਿੰਗ ਮਾਮਲੇ ਵਿਚ ਸੁਣਵਾਈ 5 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਨੇ ਐਨਫ਼ੋਰਸਮੈਂਟ ਡਾਇਰੈਕਟੋਰੇਟ ਨੂੰ ਪਹਿਲੀ ਅਗਸਤ ਤੱਕ ਜਵਾਬ ਦੇਣ ਲਈ ਕਿਹਾ ਹੈ। ਇਸ ਦੌਰਾਨ ਸੀਬੀਆਈ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਵਲੋਂ ਜਵਾਬ ਦਾਇਰ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਨੇ ਸੀਬੀਆਈ ਦਾ ਜਵਾਬ ਰਿਕਾਰਡ ’ਤੇ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।