ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਅਕਤੂਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਕਾਲ ਤਖ਼ਤ ’ਤੇ ਪੁੱਜੇ ਮੁੱਦਿਆਂ ਦੇ ਸਰਲੀਕਰਨ ਲਈ 11 ਮੈਂਬਰੀ ਸਲਾਹਕਾਰ ਬੋਰਡ ਬਣਾਉਣ ਦਾ ਪੁਰਜ਼ੋਰ ਵਿਰੋਧ ਕੀਤਾ ਹੈ। ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਸਮੁੱਚਾ ਸਿੱਖ ਜਗਤ ਇਹ ਦੇਖ ਕੇ ਹੈਰਾਨ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਚੌਥੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ਉਪਰੰਤ ਸਭ ਤੋਂ ਪਹਿਲਾ ਫੈਸਲਾ ਇਹ ਲਿਆ ਹੈ। ਇਸ ਦਾ ਮਕਸਦ ਅਕਾਲ ਤਖ਼ਤ ਦੇ ਜਥੇਦਾਰ ਤੇ ਹੋਰ ਜਥੇਦਾਰਾਂ ਦੇ ਫੈਸਲਿਆਂ ਨੂੰ ਖੋਰਾ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਫੈਸਲਾ ਹੈ ਜੋ ਕਿ ਅਜਿਹੇ ਸਮੇਂ ਆਇਆ ਹੈ ਜਦੋਂ ਪੰਜਾਂ ਤਖ਼ਤਾਂ ਦੇ ਜਥੇਦਾਰ ਹੁਣ ਇਕ ਪਰਿਵਾਰ ਦੇ ਗਲਬੇ ਹੇਠੋਂ ਮੁਕਤ ਹੋ ਕੇ ਫੈਸਲੇ ਲੈ ਰਹੇ ਹਨ।