ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਦਸੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਅੱਜ ਵਾਪਰੀ ਮੰਦਭਾਗੀ ਘਟਨਾ ਪਿੱਛੇ ਸਾਜ਼ਿਸ਼ ਬੇਨਕਾਬ ਕਰਨ ਵਾਸਤੇ ਇਸ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਸ੍ਰੀ ਕਾਲਕਾ ਨੇ ਕਿਹਾ ਕਿ ਬੇਅਦਬੀ ਦੀਆਂ ਇਹ ਘਟਨਾਵਾਂ ਨਿਰੰਤਰ ਵਾਪਰ ਰਹੀਆਂ ਹਨ ਜੋ ਸਿੱਖ ਕੌਮ ਨੂੰ ਕਮਜ਼ੋਰ ਕਰਨ ਦਾ ਯਤਨ ਹਨ। ਉਨ੍ਹਾਂ ਕਿਹਾ ਕਿ ਇਹ ਵੱਡੀ ਸਾਜ਼ਿਸ਼ ਦਾ ਹਿੱਸਾ ਹਨ ਜਿਸ ਪ੍ਰਤੀ ਸਭ ਨੂੰ ਸੁਚੇਤ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ‘ਜਿਥੇ ਮੈਂ ਅੱਜ ਵਾਪਰੀ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਾ ਹਾਂ, ਉਥੇ ਹੀ ਦਿੱਲੀ ਦੀਆਂ ਸੰਗਤਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਗੁਰੂ ਸਾਹਿਬ ਦੀ ਬੇਅਦਬੀ ਕਰਨ ਦੀਆਂ ਇਹ ਵੱਡੀਆਂ ਸਾਜ਼ਿਸ਼ਾਂ ਫੇਲ੍ਹ ਕਰਨ ਵਾਸਤੇ ਗੁਰੂ ਘਰਾਂ ਵਿੱਚ ਸਖ਼ਤ ਪਹਿਰੇ ਰੱਖੇ ਜਾਣ, ਸੀਸੀਵੀਟੀ ਕੈਮਰੇ ਵੱਧ ਤੋਂ ਵੱਧ ਲਗਵਾਏ ਜਾਣ।’’