ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਅਕਤੂਬਰ
ਹੁਣ ਲੋਕ ਦਿੱਲੀ ਵਿੱਚ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਵਿੱਚ ਜਾਇਦਾਦ ਦੀ ਰਜਿਸਟਰੇਸ਼ਨ ਕਰਵਾ ਸਕਣਗੇ। ਇਸ ਸਬੰਧ ਵਿੱਚ ਮੁੱਖ ਮੰਤਰੀ ਆਤਿਸ਼ੀ ਨੇ ‘ਐਨੀ ਵੇਅਰ ਰਜਿਸਟ੍ਰੇਸ਼ਨ’ ਨੀਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤਹਿਤ ਲੋਕਾਂ ਦੀ ਰਜਿਸਟ੍ਰੇਸ਼ਨ ਲਈ ਕਿਸੇ ਵਿਸ਼ੇਸ਼ ਸਬ-ਰਜਿਸਟਰਾਰ ਦਫ਼ਤਰ ਜਾਣ ਦੀ ਮਜਬੂਰੀ ਖ਼ਤਮ ਹੋ ਜਾਵੇਗੀ ਤੇ ਲੋਕ ਆਪਣੀ ਸਹੂਲਤ ਅਨੁਸਾਰ ਦਿੱਲੀ ਦੇ 22 ਸਬ-ਰਜਿਸਟਰਾਰ ਦਫ਼ਤਰਾਂ ਵਿੱਚੋਂ ਕਿਸੇ ਵੀ ਦਫ਼ਤਰ ਵਿੱਚ ਆਨਲਾਈਨ ਅਪੁਆਇੰਟਮੈਂਟ ਲੈ ਸਕਣਗੇ। ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਜਾਇਦਾਦ ਦੀ ਖਰੀਦੋ-ਫਰੋਖਤ ਲਈ ਲੋਕਾਂ ਨੂੰ ਸਬ-ਰਜਿਸਟਰਾਰ ਦਫ਼ਤਰ ਜਾਣਾ ਪੈਂਦਾ ਹੈ। ਭਾਵੇਂ ਕੋਈ ਪ੍ਰਾਪਰਟੀ ਖਰੀਦਣ ਦੀ ਪ੍ਰਕਿਰਿਆ ਵਿੱਚ ਹੋ ਜਾਂ ਕਿਸੇ ਹੋਰ ਤਰੀਕੇ ਨਾਲ ਪ੍ਰਾਪਰਟੀ ਰਜਿਸਟਰ ਕਰਵਾਉਣਾ ਚਾਹੁੰਦੇ ਹੋ, ਸਬ-ਰਜਿਸਟਰਾਰ ਦਫ਼ਤਰ ਜਾਣਾ ਪਵੇਗਾ। ਸਬ-ਰਜਿਸਟਰਾਰ ਦਫ਼ਤਰ ਨੂੰ ਲੈ ਕੇ ਅਕਸਰ ਕਈ ਤਰ੍ਹਾਂ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਕਈ ਸਬ-ਰਜਿਸਟਰਾਰ ਦਫ਼ਤਰ ਅਜਿਹੇ ਹਨ ਜਿੱਥੇ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ, ਜਿੱਥੇ ਅਪਾਇੰਟਮੈਂਟ ਬੁੱਕ ਕਰਨ ਵਿੱਚ ਲੰਬਾ ਸਮਾਂ ਲੱਗਦਾ ਹੈ ਤੇ ਕਈ ਸਬ-ਰਜਿਸਟਰਾਰ ਦਫ਼ਤਰ ਅਜਿਹੇ ਹਨ ਜਿੱਥੇ ਜ਼ਿਆਦਾ ਭੀੜ ਨਹੀਂ ਹੈ।
ਆਤਿਸ਼ੀ ਨੇ ਦੱਸਿਆ ਕਿ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਨਵੀਂ ਪਾਲਿਸੀ ‘ਐਨੀ ਵੀਅਰ ਰਜਿਸਟ੍ਰੇਸ਼ਨ’ ਨੀਤੀ ਸ਼ੁਰੂ ਕੀਤੀ ਜਾ ਰਹੀ ਹੈ। ਇਸ ਨੀਤੀ ਤਹਿਤ ਜੇ ਲੋਕ ਆਪਣੀ ਜਾਇਦਾਦ ਦੀ ਰਜਿਸਟਰੇਸ਼ਨ ਕਰਵਾਉਣਾ ਚਾਹੁੰਦੇ ਹਨ ਤਾਂ ਉਹ ਦਿੱਲੀ ਦੇ ਕਿਸੇ ਵੀ ਸਬ-ਰਜਿਸਟਰਾਰ ਦਫ਼ਤਰ ਜਾ ਸਕਦੇ ਹਨ। ਹੁਣ ਲੋਕਾਂ ਨੂੰ ਜਾਇਦਾਦ ਦੀ ਰਜਿਸਟ੍ਰੇਸ਼ਨ ਲਈ ਸਿਰਫ਼ ਇੱਕ ਸਬ-ਰਜਿਸਟਰਾਰ ਦਫ਼ਤਰ ਤੱਕ ਸੀਮਤ ਨਹੀਂ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਾਰੇ ਸਬ ਰਜਿਸਟਰਾਰ ਹੁਣ ਸੰਯੁਕਤ ਸਬ ਰਜਿਸਟਰਾਰ ਵਜੋਂ ਕੰਮ ਕਰਨਗੇ ਅਤੇ ਉਨ੍ਹਾਂ ਦਾ ਅਧਿਕਾਰ ਖੇਤਰ ਪੂਰੀ ਦਿੱਲੀ ਵਿੱਚ ਹੋਵੇਗਾ। ਇਸ ਲਈ ਜੇ ਦਿੱਲੀ ਵਿੱਚ ਰਹਿਣ ਵਾਲਾ ਕੋਈ ਵੀ ਵਿਅਕਤੀ ਸਬ-ਰਜਿਸਟਰਾਰ ਦਫ਼ਤਰ ਵਿੱਚ ਆਪਣੀ ਜਾਇਦਾਦ ਦੀ ਰਜਿਸਟਰੀ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਦਿੱਲੀ ਦੇ 22 ਸਬ-ਰਜਿਸਟਰਾਰ ਦਫ਼ਤਰਾਂ ਵਿੱਚੋਂ ਕਿਸੇ ਵੀ ਦਫ਼ਤਰ ਵਿੱਚ ਆਨਲਾਈਨ ਅਪੁਆਇੰਟਮੈਂਟ ਲੈ ਸਕਦਾ ਹੈ।