ਪੱਤਰ ਪ੍ਰੇਰਕ
ਨਵੀਂ ਦਿੱਲੀ, 9 ਜਨਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਸਾਹਿਬ-ਏ-ਕਮਾਲ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਕਮੇਟੀ ਦੇ ਵੱਖ-ਵੱਖ ਗੁਰਦੁਆਰਿਆਂ ਤੇ ਵੱਡਾ ਗੁਰਮਤਿ ਸਮਾਗਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੋਇਆ। ਇਸ ਮੌਕੇ ਗੁਰਦੁਆਰਿਆਂ ਵਿਚ ਧਾਰਿਮਕ ਦੀਵਾਨ ਸਜਾਏ ਗਏ ਤੇ ਰਾਗੀ ਸਿੰਘਾਂ ਨੇ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਦਿੱਲੀ ਕਮੇਟੀ ਵੱਲੋਂ ਅੰਮ੍ਰਿਤ ਸੰਚਾਰ ਲਹਿਰ ਵੀ ਚਲਾਈ ਗਈ। ਗੁਰਦੁਆਰਾ ਬੰਗਲਾ ਸਾਹਿਬ ਵਿਖੇ ਮੁੱਖ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਾਹਿਬ-ਏ-ਕਮਾਲ ਨੇ ਕੌਮ ਪਿੱਛੇ ਆਪਣਾ ਸਾਰਾ ਪਰਿਵਾਰ ਹੀ ਕੁਰਬਾਨ ਕਰ ਦਿੱਤਾ ਤੇ ਇਸ ਅਦੁੱਤੀ ਕੁਰਬਾਨੀ ਦੀ ਕੋਈ ਹੋਰ ਮਿਸਾਲ ਸਾਰੀ ਦੁਨੀਆਂ ਵਿਚ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਖੰਡੇ ਬਾਟੇ ਦਾ ਪਾਹੁਲ ਛਕਾਈਏ ਤੇ ਖਾਲਸਾ ਸਜਾਈਏ। ਉਨ੍ਹਾਂ ਕਿਹਾ ਕਿ ਆਪਦੇ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਤੋਂ ਜਾਣੂ ਕਰਵਾਉਣਾ ਤੇ ਗੁਰੂ ਸਾਹਿਬ ਨਾਲ ਜੋੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਖ਼ਿਲਾਫ਼ ਤਾਂ ਹੁਣ ਵੀ ਹਰ ਪਾਸੋਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ ਤੇ ਪਿਛਲੇ ਦਿਨਾਂ ਵਿਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਅੰਦਰ ਬੇਅਦਬੀ ਦੀ ਕੀਤੀ ਗਈ ਕੋਸ਼ਿਸ਼ ਇਸਦਾ ਸਬੂਤ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਅਸੀਂ ਸਿਰਫ ਇਕ ਹਫਤਾ ਸ਼ਹੀਦੀ ਦਿਹਾੜਾ ਮਨਾਉਦੇ ਹਾਂ ਤੇ 31 ਦਸੰਬਰ ਤੋਂ ਖੁਸ਼ੀਆਂ ਦੀ ਲਹਿਰ ਸ਼ੁਰੂ ਹੋ ਜਾਂਦੀ ਹੈ ਤੇ ਅਸੀਂ ਭੁੱਲ ਜਾਂਦੇ ਹਾਂ ਕਿ ਕਿਵੇਂ ਗੁਰੂ ਸਾਹਿਬ ਨੇ ਸ਼ਹਾਦਤਾਂ ਦਿੱਤੀਆਂ।
ਸ਼ਾਹਬਾਦ ਮਾਰਕੰਡਾ (ਪੱਤਰ ਪ੍ਰੇਰਕ): ਇਤਿਹਾਸਕ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਵਿਖੇ ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਮਸਤਗੜ੍ਹ ਸਹਬਿ ਦੇ ਹੈੱਡ ਗ੍ਰੰਥੀ ਗਿਆਨੀ ਪਤਵੰਤ ਸਿੰਘ ਨੇ ਦੱਸਿਆ ਕਿ ਸਵੇਰੇ ਵੇਲੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਸਰੂਪ ਸਿੰਘ ਜੀ ਹਜੂਰੀ ਰਾਗੀ ਗੁਰਦੁਆਰਾ ਸਾਹਿਬ, ਭਾਈ ਲਖਵਿੰਦਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਭਾਈ ਅਰਵਿੰਦਰ ਸਿੰਘ ਹਜੂਰੀ ਰਾਗੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਅਮਿਤਪਾਲ ਸਿੰਘ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਦਾ ਜੱਸ ਸੁਣਾ ਨਿਹਾਲ ਕੀਤਾ। ਗਿਆਨੀ ਪਤਵੰਤ ਸਿੰਘ ਨੇ ਗੁਰ ਇਤਿਹਾਸ ’ਤੇ ਚਾਨਣਾ ਪਾਇਆ। ਉਨ੍ਹਾਂ ਨੇ ਨੌਜਵਾਨ ਵਰਗ ਨੂੰ ਵੱਧ ਰਹੇ ਨਸ਼ੇ ਤੇ ਹੋਰ ਸਮਾਜਿਕ ਬੁਰਾਈਆਂ ਤਿਆਗ ਕੇ ਗੁਰੂਆਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਪ੍ਰਣ ਲੈਣ ਲਈ ਕਿਹਾ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ। ਗੁਰੂ ਦਾ ਲੰਗਰ ਅਤੁੱਟ ਵਰਤਿਆ।
ਗੁਰਪੁਰਬ ਮੌਕੇ ਨਗਰ ਕੀਰਤਨ ਸਜਾਇਆ
ਜੀਂਦ (ਪੱਤਰ ਪ੍ਰੇਰਕ): ਕਲਗੀਧਰ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਨਗਰ ਕੀਰਤਨ ਵਿੱਚ ਸੰਗਤ ਨੇ ਗੁਰੂ ਗ੍ਰੰਥ ਸਾਹਿਬ ਦੀ ਪਾਲਕੀ ਸਾਹਿਬ ਦੇ ਅੱਗੇ ਮੱਥਾ ਟੇਕਿਆ। ਨਗਰ ਕੀਰਤਨ ਵਿੱਚ ਗੁਰੂ ਗ੍ਰੰਥ ਸਾਹਿਬ ਨੂੰ ਫੁੱਲਾਂ ਨਾਲ ਸਜੀ ਹੋਈ ਪਾਲਕੀ ਵਿੱਚ ਸੁਸ਼ੋਭਿਤ ਕੀਤਾ ਗਿਆ ਸੀ ਅਤੇ ਪਾਲਕੀ ਸਾਹਿਬ ਦੀ ਅਗਵਾਈ ਪੰਜਾਬ ਤੋਂ ਬੁਲਾਏ ਗਏ ਮਿਲਟਰੀ ਬੈਂਡ ਦੇ ਨਾਲ-ਨਾਲ ਗੁਰੂ ਦੇ ਪੰਜ ਪਿਆਰਿਆਂ ਨੇ ਕੀਤੀ। ਗੁਰੂ ਘਰ ਦੇ ਬੁਲਾਰੇ ਬਲਵਿੰਦਰ ਸਿੰਘ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਤੇਗ਼ ਬਹਾਦਰ ਸਾਹਿਬ ਤੋਂ ਸ਼ੁਰੂ ਹੋ ਕੇ ਪੁਰਾਣੀ ਕਚਹਿਰੀ ਰੋਡ, ਸਿਟੀ ਥਾਣਾ, ਮੁੱਖ ਬਾਜ਼ਾਰ, ਤਾਂਗਾ ਚੌਕ, ਪੰਜਾਬੀ ਬਾਜ਼ਾਰ, ਸਾਸ਼ਤਰੀ ਮਾਰਕੀਟ, ਝਾਂਜ ਗੇਟ ਅਤੇ ਬੈਂਡ ਮਾਰਕੀਟ ਹੁੰਦੇ ਹੋਏ ਗੁਰੂ ਦੇ ਸ਼ਬਦ ਕੀਰਤਨ ਦਾ ਗਾਇਨ ਕਰਦਾ ਹੋਇਆ ਸਿੰਘ ਸਭਾ ਗੁਰਦੁਆਰਾ ਸਾਹਿਬ ਪੁੱਜਿਆ। ਬਲਵਿੰਦਰ ਸਿੰਘ ਨੇ ਦੱਸਿਆ ਕਿ ਕੜਾਕੇ ਦੀ ਠੰਢ ਦੇ ਵਿਚਕਾਰ ਵੀ ਨਗਰ ਕੀਰਤਨ ਵਿੱਚ ਸ਼ਰਧਾਲੂਆਂ ਦੀ ਭਾਰੀ ਭੀੜ ਹਾਜ਼ਰ ਰਹੀ।