ਨਵੀਂ ਦਿੱਲੀ (ਪੱਤਰ ਪ੍ਰੇਰਕ): ਸਫ਼ਾਈ ਕਰਮਚਾਰੀ ਯੂਨੀਅਨ (ਐੱਸਕੇਯੂ) ਦੀ ਅਗਵਾਈ ਹੇਠ ਬੁਰਾੜੀ ਹਸਪਤਾਲ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਹਸਪਤਾਲ ਵਿੱਚ ਸ਼ੁਰੂ ਕੀਤੀ ਹੜਤਾਲ ਅੱਜ ਵੀ ਜਾਰੀ ਰਹੀ। ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਨੂੰ ਪਿਛਲੇ ਕੁਝ ਮਹੀਨੇ ਪਹਿਲਾਂ ਘੱਟੋ-ਘੱਟ ਉਜਰਤ ’ਤੇ ਕੰਮ ’ਤੇ ਰੱਖਿਆ ਸੀ। ਉਨ੍ਹਾਂ ਤੋਂ ਪਿਛਲੇ ਡੇਢ ਮਹੀਨੇ ਤੋਂ ਬਿਨਾਂ ਤਨਖਾਹ ਦੇ ਕੰਮ ਕਰਵਾਇਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਾਇਆ ਕਿ ਇਥੇ ਮਹਿਲਾ ਸੈਨੀਟੇਸ਼ਨ ਵਰਕਰਾਂ ਦਾ ਜਿਨਸੀ ਸ਼ੋਸ਼ਣ ਕੀਤਾ ਜਾਂਦਾ ਰਿਹਾ ਹੈ ਤੇ ਉਨ੍ਹਾਂ ਦੀ ਆਰਥਿਕ ਤੰਗੀ ਦਾ ਫਾਇਦਾ ਉਠਾਉਂਦੇ ਹੋਏ ਉਨ੍ਹਾਂ ਨੂੰ ਸਰੀਰਕ ਸਬੰਧ ਬਣਾਉਣ ਲਈ ਕਿਹਾ ਜਾਂਦਾ ਸੀ। ਸਫਾਈ ਕਰਮਚਾਰੀਆਂ ਨਾਲ ਜਾਤੀਸੂਚਕ ਸ਼ਬਦ ਤੇ ਦੁਰਵਿਹਾਰ ਕੀਤਾ ਗਿਆ ਤੇ ਹਸਪਤਾਲ ਵਿਚ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਅਤੇ ਤਨਖਾਹ ਘਪਲਾ ਚੱਲ ਰਿਹਾ ਹੈ ਪਰ ਹਸਪਤਾਲ ਪ੍ਰਸ਼ਾਸਨ ਕਰਮਚਾਰੀਆਂ ਨੂੰ ਡਰਾ ਧਮਕਾ ਕੇ ਉਨ੍ਹਾਂ ਦੀ ਹੜਤਾਲ ਖ਼ਤਮ ਕਰਵਾਉਣ ਲਈ ਸਰਗਰਮ ਹੈ।