ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 26 ਅਗਸਤ
ਉੱਤਰ-ਪੂਰਬੀ ਦਿੱਲੀ ਦੇ ਸ਼ਾਸਤਰੀ ਪਾਰਕ ਖੇਤਰ ਵਿੱਚ ਅੱਜ ਤੜਕੇ ਸੜਕ ਦੇ ਕਿਨਾਰੇ ਫੁੱਟਪਾਥ ’ਤੇ ਸੁੱਤੇ ਪਏ ਪੰਜ ਵਿਅਕਤੀਆਂ ਨੂੰ ਇਕ ਕੈਂਟਰ ਨੇ ਦਰੜ ਦਿੱਤਾ। ਇਸ ਹਾਦਸੇ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਜਦੋਂ ਕਿ ਦੋ ਜਣੇ ਗੰਭੀਰ ਜ਼ਖ਼ਮੀ ਹੋ ਗਏ। ਪੁਲੀਸ ਅਨੁਸਾਰ ਇਹ ਹਾਦਸਾ ਸ਼ਾਸਤਰੀ ਪਾਰਕ ਖੇਤਰ ਵਿੱਚ ਮੈਟਰੋ ਸਟੇਸ਼ਨ ਨੇੜੇ ਤਰਬੂਜ਼ ਬਾਜ਼ਾਰ ਵਿੱਚ ਵਾਪਰਿਆ। ਉਨ੍ਹਾਂ ਦੱਸਿਆ ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਅਨੁਸਾਰ ਕੈਂਟਰ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਦੋਂ ਕਿ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪੁਲੀਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਸਾਰੇ ਬੇਘਰ ਸਨ ਤੇ ਫੁੱਟਪਾਥ ’ਤੇ ਸੌਂ ਰਹੇ ਸਨ। ਇਕ ਅਧਿਕਾਰੀ ਨੇ ਦੱਸਿਆ ਕਿ ਇਕ ਕੈਂਟਰ ਸੀਲਮਪੁਰ ਤੋਂ ਆਇਰਨ ਪੁਲ ਵੱਲ ਆ ਰਿਹਾ ਸੀ ਤੇ ਇਹ ਪੁਲ ਵਿਚਕਾਰ ਡਿਵਾਈਡਰ ’ਤੇ ਚੜ੍ਹ ਗਿਆ ਅਤੇ ਪੰਜ ਜਣਿਆਂ ਨੂੰ ਦਰੜ ਦਿੱਤਾ। ਉਨ੍ਹਾਂ ਦੱਸਿਆ ਕਿ ਹਾਦਸੇ ਮਗਰੋਂ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਤੇ ਜ਼ਖ਼ਮੀਆਂ ਨੂੰ ਜਗ ਪ੍ਰਵੇਸ਼ ਚੰਦਰ ਹਸਪਤਾਲ ਲਿਜਾਇਆ ਗਿਆ ਜਿੱਥੇ ਤਿੰਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਦੋ ਹੋਰਾਂ ਨੂੰ ਜੀਟੀਬੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ਦੀ ਹਾਲੇ ਤੱਕ ਪਛਾਣ ਨਹੀਂ ਹੋਈ ਸਕੀ। ਪੁਲੀਸ ਅਨੁਸਾਰ ਟਰੱਕ ਡਰਾਈਵਰ ਨੂੰ ਫੜਨ ਲਈ ਟੀਮਾਂ ਬਣਾਈਆਂ ਗਈਆਂ ਹਨ ਅਤੇ ਮ੍ਰਿਤਕਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਸੀਸੀਟੀਵੀ ਕੈਮਰਿਆਂ ਨੂੰ ਘੋਖਿਆ ਜਾ ਰਿਹਾ ਹੈ। ਪੁਲੀਸ ਨੇ ਦਾਅਵਾ ਕੀਤਾ ਕਿ ਮੁਲਜ਼ਮ ਨੂੰ ਛੇਤੀ ਫੜ ਲਿਆ ਜਾਵੇਗਾ।