ਪੱਤਰ ਪ੍ਰੇਰਕ
ਨਵੀਂ ਦਿੱਲੀ, 7 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜਿੱਦ ਛੱਡ ਕਿਸਾਨਾਂ ਨਾਲ ਗੱਲਬਾਤ ਕਰਕੇ ਵਿਸ਼ੇਸ਼ ਹੱਲ ਕੱਢਣ ’ਤੇ ਧਿਆਨ ਦੇਣਾ ਚਾਹੀਦਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਵੱਲੋਂ ਖੇਤੀ ਸਬੰਧੀ ਪਾਸ ਕੀਤੇ ਕਾਨੂੰਨਾਂ ਨੂੰ ਲੈ ਕੇ ਦੇਸ਼ ਦੇ ਕਿਸਾਨਾਂ ਪ੍ਰਤੀ ਅਪਣਾਇਆ ਜਾ ਰਿਹਾ ਸਖ਼ਤ ਵਤੀਰਾ ਦੇਸ਼ ਦੀ ਆਰਥਿਕਤਾ ਲਈ ਵੱਡਾ ਨੁਕਸਾਨਦਾਇਕ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦਾ ਕਿਸਾਨਾਂ ਨਾਲ ਟਕਰਾਓ ਵਾਲਾ ਸਟੈਂਡ ਦੇਸ਼ ਦੇ ਹਿੱਤ ਵਿੱਚ ਨਹੀਂ।
ਚੰਦੂਮਾਜਰਾ ਨੇ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਵਿੱਚ ਮਾਲ ਗੱਡੀਆਂ ਬੰਦ ਕਰਨ ਅਤੇ ਆਰਡੀਐੱਫ਼ ’ਤੇ ਸਵਾਲ ਖੜ੍ਹੇ ਕਰਕੇ ਸੂਬੇ ਦੀ ਕੀਤੀ ਗਈ ਆਰਥਿਕ ਘੇਰਾਬੰਦੀ ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ’ਤੇ ਕਿਸਾਨਾਂ ਨੂੰ ਇੱਕ ਕਰੋੜ ਰੁਪਏ ਤੱਕ ਦਾ ਜੁਰਮਾਨਾ ਲਗਾਉਣ ਜਿਹੇ ਕਾਨੂੰਨ ਪੰਜਾਬੀਆਂ ਨੂੰ ਡਰਾਉਣ ਅਤੇ ਬਦਨਾਮ ਕਰਨ ਵਾਲੇ ਜਾਪ ਰਹੇ ਹਨ।
ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਦੇ ਕਿਸਾਨਾਂ ਵੱਲੋਂ ਸ਼ੁਰੂ ਕੀਤੇ ਸ਼ੰਘਰਸ ਹੁਣ ਸੂਬੇ ਤੋਂ ਬਾਹਰ ਨਿਕਲ ਕੇ ਦੇਸ਼ ਵਿਆਪੀ ਬਣ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਇਨ੍ਹਾਂ ਸ਼ੰਘਰਸਾਂ ਵਿੱਚੋਂ ਸੂਬਿਆਂ ਨੂੰ ਵੱਧ ਅਧਿਕਾਰ ਦੇਣ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਵੀ ਸੁਰ ਉੱਠੀ ਹੈ।