ਕੁਲਵਿੰਦਰ ਕੌਰ ਦਿਓਲ
ਫਰੀਦਾਬਾਦ, 15 ਫਰਵਰੀ
ਹਰਿਆਣਾ ਦੇ ਰਾਜ ਵਿਜੀਲੈਂਸ ਬਿਊਰੋ ਦੀ ਟੀਮ ਨੇ ਨਗਰ ਨਿਗਮ ਦੇ ਸੁਪਰਡੈਂਟ ਇੰਜੀਨੀਅਰ ਰਵੀ ਸ਼ਰਮਾ ਅਤੇ ਲੇਖਾ ਵਿਭਾਗ ਦੇ ਕਲਰਕ ਰਵੀ ਸ਼ੰਕਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਦੱਸਿਆ ਜਾਂਦਾ ਹੈ ਕਿ ਅਦਾਇਗੀ ਕਰਨ ਦੇ ਬਦਲੇ ਇੱਕ ਠੇਕੇਦਾਰ ਤੋਂ ਕਰੀਬ 1 ਲੱਖ 40 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਠੇਕੇਦਾਰ ਨੇ ਇਸ ਦੀ ਸ਼ਿਕਾਇਤ ਵਿਜੀਲੈਂਸ ਵਿਭਾਗ ਨੂੰ ਕੀਤੀ। ਇਸ ਤੋਂ ਬਾਅਦ ਵਿਜੀਲੈਂਸ ਵਿਭਾਗ ਦੀ ਟੀਮ ਨੇ ਨਗਰ ਨਿਗਮ ਦੇ ਮੁੱਖ ਦਫਤਰ ‘ਤੇ ਛਾਪਾ ਮਾਰ ਕੇ ਗ੍ਰਿਫਤਾਰ ਕਰ ਲਿਆ। ਸੂਤਰਾਂ ਅਨੁਸਾਰ ਸੁਪਰਡੈਂਟ ਇੰਜੀਨੀਅਰ ਤੋਂ ਪੰਜਾਹ ਹਜ਼ਾਰ ਰੁਪਏ ਅਤੇ ਕਲਰਕ ਤੋਂ 90 ਹਜ਼ਾਰ ਰੁਪਏ ਵਸੂਲੇ ਗਏ ਹਨ।