ਪੱਤਰ ਪ੍ਰੇਰਕ
ਨਵੀਂ ਦਿੱਲੀ, 12 ਅਪਰੈਲ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਗੁਰਦੁਆਰਿਆਂ ਵਿੱਚ ਵੀਡੀਓ ਰੀਲ, ਮਿਊਜ਼ਿਕ ਵੀਡੀਓ ਬਣਾਉਣਾ ਮਰਿਆਦਾ ਦੀ ਉਲੰਘਣਾ ਹੈ ਕਿਉਂਕਿ ਗੁਰਦੁਆਰੇ ਪਵਿੱਤਰ ਇਬਾਦਤ ਦੀ ਥਾਂ ਹਨ, ਇਸ ਲਈ ਅਜਿਹਾ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਇਕ ਪੋਸਟ ਉਨ੍ਹਾਂ ਦੇ ਧਿਆਨ ਵਿੱਚ ਆਈ ਹੈ, ਜਿਸ ਵਿੱਚ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਬਣੇ ਸਰੋਵਰ ਕੰਢੇ ਕੁਝ ਲੜਕੀਆਂ ਵੀਡੀਓ ਰੀਲ ਬਣਾ ਰਹੀਆਂ ਹਨ ਤੇ ਪਿੱਛੋਂ ਮਨੋਰੰਜਕ ਗੀਤ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਬੰਗਲਾ ਸਾਹਿਬ ਇੱਕ ਪਵਿੱਤਰ ਧਾਰਮਿਕ ਅਸਥਾਨ ਹੈ, ਜਿੱਥੇ ਸੰਗਤਾਂ ਆ ਕੇ ਮੱਥਾ ਟੇਕਦੀਆਂ ਹਨ ਅਤੇ ਗੁਰਬਾਣੀ ਕੀਰਤਨ ਸਰਵਣ ਕਰਦੀਆਂ ਹਨ ਪਰ ਕੁਝ ਨਾਸਮਝ ਨੌਜਵਾਨ ਮੁੰਡੇ-ਕੁੜੀਆਂ ਗੁਰੂ ਮਰਿਆਦਾ ਦੇ ਉਲਟ ਵੀਡੀਓ ਰੀਲ ਬਣਾਉਂਦੇ ਹਨ, ਜੋ ਕਿ ਸਖ਼ਤ ਇਤਰਾਜ਼ਯੋਗ ਹੈ। ਕਰਮਸਰ ਨੇ ਕਿਹਾ ਕਿ ਅਜਿਹੀਆਂ ਪੋਸਟਾਂ ਬਣਾਉਣ ਦਾ ਪ੍ਰਚਲਨ ਲਗਾਤਾਰ ਵਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕਾਂ ਦੇ ਅਜਿਹਾ ਕਰਨ ਨਾਲ ਉਨ੍ਹਾਂ ਸੰਗਤਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜੋ ਸਰੋਵਰ ਵਿੱਚ ਇਸ਼ਨਾਨ ਕਰਦੀਆਂ ਹਨ ਜਾਂ ਪਰਿਕਰਮਾ ਵਿਚ ਬੈਠ ਕੇ ਪਾਠ ਕਰਦੇ ਹਨ। ਉਨ੍ਹਾਂ ਕਿਹਾ ਕਿ ਹਾਲਾਂਕਿ ਕਮੇਟੀ ਵੱਲੋਂ ਮੁਲਾਜ਼ਮਾਂ ਦੀ ਤਾਇਨਾਤੀ ਵਧਾਈ ਗਈ ਹੈ ਤਾਂ ਜੋ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਜਾ ਸਕੇ ਪਰ ਉਹ ਸਾਰੀ ਸੰਗਤ ਨੂੰ ਨਿਮਰਤਾ ਸਹਿਤ ਅਪੀਲ ਕਰਦੇ ਹਨ ਕਿ ਅਜਿਹੀਆਂ ਪੋਸਟਾਂ ਬਣਾਉਣ ਤੇ ਪੋਸਟ ਕਰਨ ਤੋਂ ਗੁਰੇਜ਼ ਕੀਤਾ ਜਾਵੇ।