ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 6 ਨਵੰਬਰ
ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਅੱਜ ਦਿੱਲੀ ਸਕੱਤਰੇਤ ਦੇ ਬਾਹਰ ਧੂੜ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਣੀ ਦੇ ਛਿੜਕਾਅ ਲਈ ਟੈਂਕਰਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਗੋਪਾਲ ਰਾਏ ਨੇ ਕਿਹਾ ਕਿ ਪ੍ਰਦੂਸ਼ਣ ’ਤੇ ਕਾਬੂ ਪਾਉਣ ਲਈ ਦਿੱਲੀ ਵਿੱਚ ਕਈ ਥਾਵਾਂ ‘ਤੇ ਵੱਡੀਆਂ ‘ਸਮੋਗ ਗਨ’ ਲਗਾਈਆਂ ਗਈਆਂ ਹਨ ਤੇ ਦਿੱਲੀ ਭਰ ਦੀਆਂ ਸੜਕਾਂ ’ਤੇ ਪਾਣੀ ਛਿੜਕਣ ਲਈ 114 ਟੈਂਕਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਨਾਲ ਹੀ ਨਿਯਮਾਂ ਦੀ ਉਲੰਘਣਾ ਹੋਣ ’ਤੇ 92 ਉਸਾਰੀ ਵਾਲੀਆਂ ਥਾਵਾਂ ਨੂੰ ਸੀਲ ਕਰਨ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇ ਪੰਜਾਬ ਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਧਦੀਆਂ ਹਨ ਤਾਂ ਨਿਸ਼ਚਿਤ ਤੌਰ ’ਤੇ ਇਸ ਦਾ ਅਸਰ ਦਿੱਲੀ ਵਿੱਚ ਵੀ ਦੇਖਣ ਨੂੰ ਮਿਲੇਗਾ। ਦਿੱਲੀ ਸਕੱਤਰੇਤ ਦੇ ਬਾਹਰ ਟੈਂਕਰਾਂ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਅੰਦਰ ਹਵਾ ਪ੍ਰਦੂਸ਼ਣ ਵਿਰੁੱਧ ਲੜਾਈ ਨੂੰ ਮਜ਼ਬੂਤੀ ਨਾਲ ਲੜਨ ਲਈ ਮਹੀਨਾ ਪਹਿਲਾਂ ‘ਵਿੰਟਰ ਐਕਸ਼ਨ ਪਲਾਨ’ ਸ਼ੁਰੂ ਕੀਤਾ ਸੀ। ਉਦੋਂ ਤੋਂ ਦਿੱਲੀ ਸਰਕਾਰ ਦਿੱਲੀ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਦਿੱਲੀ ਦੇ ਲੋਕਾਂ ਨਾਲ ਮਿਲ ਕੇ ਕੰਮ ਕਰ ਰਹੀ ਹੈ। ਸ੍ਰੀ ਰਾਏ ਨੇ ਦੱਸਿਆ ਕਿ ਬੀਤੇ ਕੱਲ੍ਹ ਪਰਾਲੀ ਸਾੜਨ ਦੀਆਂ 3500 ਦੇ ਕਰੀਬ ਘਟਨਾਵਾਂ ਦਰਜ ਕੀਤੀਆਂ ਗਈਆਂ ਸਨ ਅਤੇ ਅੱਜ ਤੱਕ ਰਿਪੋਰਟ ਇਹ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ 4 ਹਜ਼ਾਰ ਨੂੰ ਪਾਰ ਕਰ ਚੁੱਕੀਆਂ ਹਨ। ਸ੍ਰੀ ਰਾਏ ਨੇ ਕਿਹਾ ਕਿ ਪ੍ਰਾਪਤ ਰਿਪੋਰਟਾਂ ਅਨੁਸਾਰ ਪੰਜਾਬ ਵਿੱਚ ਸਭ ਤੋਂ ਵੱਧ ਪਰਾਲੀ ਸਾੜੀ ਜਾ ਰਹੀ ਹੈ। ਉਸ ਤੋਂ ਬਾਅਦ ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਪਰਾਲੀ ਸਾੜੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਅਗਲੇ ਇੱਕ-ਦੋ ਦਿਨਾਂ ਵਿੱਚ ਹਵਾ ਪ੍ਰਦੂਸ਼ਣ ਵਿੱਚ ਕੁਝ ਸੁਧਾਰ ਹੋਵੇਗਾ ਪਰ ਜਿਸ ਤਰ੍ਹਾਂ ਪੰਜਾਬ ਅਤੇ ਹਰਿਆਣਾ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜੇ ਇਹ ਵਧਦੀਆਂ ਹਨ ਤਾਂ ਯਕੀਨਨ ਇਸ ਦਾ ਅਸਰ ਦਿੱਲੀ ’ਤੇ ਵੀ ਦੇਖਣ ਨੂੰ ਮਿਲੇਗਾ।