ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਅਪਰੈਲ
ਯੂਥ ਕਾਂਗਰਸ ਦੇ ਵਰਕਰਾਂ ਨੇ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ਬਾਹਰ ਪ੍ਰਦਰਸ਼ਨ ਕੀਤਾ ਅਤੇ ਕਰਨਾਟਕ ਦੇ ਪੇਂਡੂ ਵਿਕਾਸ ਤੇ ਪੰਚਾਇਤ ਰਾਜ ਮੰਤਰੀ ਕੇਐੱਸ ਈਸ਼ਵਰੱਪਾ ਨੂੰ ਇੱਕ ਠੇਕੇਦਾਰ ਦੀ ਖੁਦਕੁਸ਼ੀ ਮਾਮਲੇ ਵਿੱਚ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ।
ਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਬੀ.ਵੀ. ਦੀ ਅਗਵਾਈ ਹੇਠ ਇਹ ਮਾਰਚ ਇੱਥੋਂ ਦੇ ਸੁਨਿਹਰੀ ਬਾਗ ਸਰਕਲ ਤੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਸ਼ੁਰੂ ਹੋਇਆ। ਪ੍ਰਦਰਸ਼ਨਕਾਰੀਆਂ ਨੇ ਸੂਬੇ ਵਿੱਚ ਅਰਾਜਕਤਾ ਦੇ ਮਾਹੌਲ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨ ਦੌਰਾਨ ਸ੍ਰੀਨਿਵਾਸ ਨੇ ਈਸ਼ਵਰੱਪਾ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਉਣ ਵਾਲੇ ਠੇਕੇਦਾਰ ਸੰਤੋਸ਼ ਪਾਟਿਲ ਦੀ ਮੌਤ ਨੂੰ ਲੈ ਕੇ ਭਾਜਪਾ ’ਤੇ ਨਿਸ਼ਾਨਾ ਸੇਧਿਆ ਹੈ।
ਹਾਲਾਂਕਿ, ਮਾਰਚ ਦੌਰਾਨ ਦਿੱਲੀ ਪੁਲੀਸ ਨੇ ਸੜਕ ’ਤੇ ਰੋਕ ਲਗਾ ਦਿੱਤੀ ਅਤੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਕਈਆਂ ਨੂੰ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਪ੍ਰਦਰਸ਼ਨ ਦੌਰਾਨ 25 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ।
ਜਾਣਕਾਰੀ ਅਨੁਸਾਰ ਠੇਕੇਦਾਰ ਪਾਟਿਲ ਬੀਤੇ ਦਿਨ ਮੰਗਲਵਾਰ ਨੂੰ ਉਡੁਪੀ ਦੇ ਇੱਕ ਹੋਟਲ ਦੇ ਕਮਰੇ ਵਿੱਚ ਮ੍ਰਿਤਕ ਪਾਇਆ ਗਿਆ। ਉਸ ਨੇ ਇਸ ਤੋਂ ਪਹਿਲਾਂ ਈਸ਼ਵਰੱਪਾ ਖ਼ਿਲਾਫ਼ ਉਸ ਦੁਆਰਾ ਕੀਤੇ ਗਏ ਜਨਤਕ ਕੰਮਾਂ ’ਚ 40 ਫ਼ੀਸਦੀ ਕਮਿਸ਼ਨ ਦੀ ਮੰਗ ਕਰਨ ਦਾ ਦੋਸ਼ ਲਗਾਇਆ ਸੀ। ਮੰਤਰੀ ਨੇ ਨਾ ਸਿਰਫ ਉਸ ਦੇ ਦੋਸ਼ਾਂ ਨੂੰ ਖਾਰਜ ਕੀਤਾ, ਸਗੋਂ ਉਸ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਵੀ ਦਾਇਰ ਕੀਤਾ।
ਸ੍ਰੀਨਿਵਾਸ ਨੇ ਇਸ ਮਾਮਲੇ ’ਤੇ ਕਰਨਾਟਕ ਦੇ ਮੁੱਖ ਮੰਤਰੀ ਦੀ ਚੁੱਪ ’ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਈਸ਼ਵਰੱਪਾ ਨੂੰ ਤੁਰੰਤ ਬਰਖਾਸਤ ਕਰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਦੀ ਪ੍ਰਧਾਨਗੀ ਹੇਠ ਜਾਂਚ ਹੋਣੀ ਚਾਹੀਦੀ ਹੈ। ਸਿਵਲ ਠੇਕੇਦਾਰ ਦੀ ਮੌਤ ’ਤੇ ਅਸਤੀਫੇ ਲਈ ਵਿਰੋਧੀ ਧਿਰ ਦੇ ਵਧਦੇ ਦਬਾਅ ਦੇ ਵਿਚਕਾਰ, ਈਸ਼ਵਰੱਪਾ ਨੇ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ।