ਪੱਤਰ ਪ੍ਰੇਰਕ
ਦਸੂਹਾ, 5 ਫਰਵਰੀ
ਇਥੇ ਸਕੂਲੀ ਬੱਚਿਆਂ ਦੇ ਮਾਂਪਿਆਂ ਵੱਲੋਂ ਪੰਜਾਬ ਦੇ ਸਰਕਾਰੀ ਤੇ ਗੈਰਸਰਕਾਰੀ ਸਕੂਲਾਂ ਨੂੰ ਖੁੱਲ੍ਹਵਾਉਣ ਦੀ ਮੰਗ ਨੂੰ ਲੈ ਕੇ ਨੋ ਸਕੂਲ-ਨੋ ਵੋਟ ਦਾ ਨਾਅਰਾ ਬੁਲੰਦ ਕੀਤਾ ਗਿਆ ਹੈ। ਸੁਖ ਸਾਗਰ ਇੰਟਰਨੈਸ਼ਨਲ ਸਕੂਲ ਸੈਦੋਵਾਲ ਵਿੱਚ ਇਕੱਠੇ ਹੋਏ ਸਕੂਲੀ ਬੱਚਿਆਂ ਦੇ ਮਾਪਿਆਂ ਨੇ ਸਰਕਾਰ ਪ੍ਰਤੀ ਰੋਸ ਜ਼ਾਹਰ ਕਰਦਿਆ ਕਿਹਾ ਕਿ ਕਰੋਨਾ ਮਹਾਂਮਾਰੀ ਦੀ ਆੜ ਹੇਠ ਸਕੂਲ ਬੰਦ ਕਰਨ ਦੇ ਫੈਸਲੇ ਨਾਲ ਬੱਚਿਆਂ ਦੀ ਪੜ੍ਹਾਈ ਵੱਡੇ ਪੱਧਰ ’ਤੇ ਪ੍ਰਭਾਵਿਤ ਹੋ ਰਹੀ ਹੈ। ਇਸ ਕਾਰਨ ਬੱਚੇ ਮਾਨਸਿਕ ਅਤੇ ਬੋਧਿਕ ਵਿਕਾਸ ਪੱਖੋਂ ਪੱਛੜ ਰਹੇ ਹਨ, ਉਥੇ ਹੀ ਉਨ੍ਹਾਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੀ ਚਿੰਤਾ ਸਤਾ ਰਹੀ ਹੈ। ਸਰਕਾਰ ਪਾਸੋਂ ਸਕੂਲ ਖੋਲ੍ਹਣ ਦੀ ਮੰਗ ਕਰਦਿਆ ਬੱਚਿਆਂ ਦੇ ਮਾਪਿਆਂ ਨੇ ਚਿਤਾਵਨੀ ਦਿੱਤੀ ਕਿ ਜੇ ਜਲਦ ਸਕੂਲ ਨਾ ਖੋਲ੍ਹੇ ਗਏ ਤਾਂ ਚੋਣਾਂ ਦਾ ਬਾਈਕਾਟ ਕਰਕੇ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਤਿੱਖਾ ਸੰਘਰਸ਼ ਵਿੱਢਣਗੇ।