ਹਰਪ੍ਰੀਤ ਕੌਰ
ਹੁਸ਼ਿਆਰਪੁਰ, 15 ਨਵੰਬਰ
ਸੰਯੁਕਤ ਕਿਸਾਨ ਮੋਰਚੇ ਦੀਆਂ ਤਿੰਨ ਕਿਸਾਨ ਜਥੇਬੰਦੀਆਂ ਕਿਸਾਨ ਕਮੇਟੀ ਦੋਆਬਾ, ਕਿਰਤੀ ਕਿਸਾਨ ਯੂਨੀਅਨ ਅਤੇ ਜਮਹੂਰੀ ਕਿਸਾਨ ਸਭਾ ਦਾ ਇਕ ਵਫ਼ਦ ਵਧੀਕ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤਾ। ਵਫ਼ਦ ਨੇ ਮੰਗ ਕੀਤੀ ਕਿ ਝੋਨੇ ਦੀ ਅਦਾਇਗੀ ਸਮੇਂ ਜੋ ਜਬਰੀ ਕੱਟ ਲਗਾਇਆ ਜਾ ਰਿਹਾ ਹੈ, ਪ੍ਰਸ਼ਾਸਨ ਉਸ ਵਿੱਚ ਦਖਲ ਦੇ ਕੇ ਪੂਰੀ ਅਦਾਇਗੀ ਕਰਵਾਏ। ਉਨ੍ਹਾਂ ਮੰਗ ਕੀਤੀ ਕਿ ਕਣਕ ਦੀ ਬਿਜਾਈ ਵਾਸਤੇ ਡੀਏਪੀ ਖਾਦ ਦਾ ਪ੍ਰਬੰਧ ਕੀਤਾ ਜਾਵੇ ਅਤੇ ਖਾਦ ਨਾਲ ਵਾਧੂ ਸਮਾਨ ਦੇਣਾ ਬੰਦ ਕਰਵਾਇਆ ਜਾਵੇ। ਵਧੀਕ ਡਿਪਟੀ ਕਮਿਸ਼ਨਰ ਨੇ ਸਾਰੇ ਮਾਮਲੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਦੀ ਝੋਨੇ ਦੀ ਅਦਾਇਗੀ ਵਿਚ ਕੱਟ ਲਗਾਇਆ ਗਿਆ ਹੈ, ਉਹ ਅਧਿਕਾਰੀਆਂ ਨੂੰ ਸ਼ਿਕਾਇਤ ਜ਼ਰੂਰ ਕਰਨ ਤਾਂ ਜੋ ਪੜਤਾਲ ਕੀਤੀ ਜਾ ਸਕੇ। ਕਿਸਾਨ ਆਗੂਆਂ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੀੜਤ ਕਿਸਾਨ ਇਲਾਕੇ ਦੇ ਆਗੂਆਂ ਰਾਹੀਂ ਆਪਣੀਆਂ ਸ਼ਿਕਾਇਤਾਂ ਦਵਿੰਦਰ ਸਿੰਘ ਕੱਕੋਂ, ਜਗਤਾਰ ਸਿੰਘ ਭਿੰਡਰ ਅਤੇ ਹਰਬੰਸ ਸਿੰਘ ਸੰਘਾ ਨੂੰ ਪਹੁੰਚਾ ਦੇਣ ਤਾਂ ਜੋ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਮਸਲੇ ਹੱਲ ਕਰਵਾਏ ਜਾ ਸਕਣ।