ਨਿੱਜੀ ਪੱਤਰ ਪ੍ਰੇਰਕ
ਬਲਾਚੌਰ, 31 ਅਕਤੂਬਰ
ਇੱਥੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਨੇ ਹਲਕਾ ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ ਨੂੰ ਅੱਜ ਮੰਗ ਪੱਤਰ ਦਿੱਤਾ। ਉਨ੍ਹਾਂ ਮੁੱਖ ਮੰਤਰੀ ਵੱਲੋਂ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਫੈਸਲੇ ਦਾ ਸੁਆਗਤ ਕਰਦਿਆਂ ਇਹ ਮੰਗ ਕੀਤੀ ਹੈ ਕਿ ਇਸ ਸਬੰਧੀ ਨੋਟੀਫਿਕੇਸ਼ਨ ਵਿਚ ਸ਼ਾਮਲ ਕੀਤੇ ਜਾਣ ਵਾਲੇ ਅਹਿਮ ਤੱਤਾਂ ਨੂੰ ਵਿਚਾਰਨ ਲਈ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਾਵਾਈ ਜਾਵੇ। ਇਸ ਮੌਕੇ ਗੁਰਦਿਆਲ ਮਾਨ ਜ਼ਿਲ੍ਹਾ ਕਨਵੀਨਰ ਪੁਰਾਣੀ ਪੈਨਸ਼ਨ ਬਹਾਲੀ ਸ਼ੰਘਰਸ਼ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਮੰਗ ਪੱਤਰ ਰਾਹੀਂ ਜੋ ਮੁਲਾਜ਼ਮ ਐੱਨਪੀਐੱਸ ਤਹਿਤ ਕੁਝ ਸਾਲ ਪਹਿਲਾਂ ਸੇਵਾਮੁਕਤ ਹੋ ਚੁੱਕੇ ਹਨ ਉਨ੍ਹਾਂ ਨੂੰ ਵੀ ਨੋਟੀਫਿਕੇਸ਼ਨ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮੌਕੇ ਹਲਕਾ ਬਲਾਚੌਰ ਦੇ ਵਿਧਾਇਕ ਸ੍ਰੀਮਤੀ ਸੰਤੋਸ਼ ਕਟਾਰੀਆ ਨੇ ਭਰੋਸਾ ਦਿਵਾਇਆ ਕਿ ਉਸ ਵੱਲੋਂ ਮੁਲਾਜ਼ਮ ਆਗੂਆਂ ਦੀ ਮੀਟਿੰਗ ਮੁੱਖ ਮੰਤਰੀ ਨਾਲ ਕਰਵਾਉਣ ਦੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਅੰਮਿਤ ਜਗੋਤਾ, ਸੁਰਜੀਤ ਹੈਪੀ, ਨਾਗੇਸ਼ ਕੁਮਾਰ, ਸੁਸ਼ੀਲ ਕੁਮਾਰ, ਗਿਆਨ ਕਟਾਰੀਆ, ਧਰਮਪਾਲ, ਮਦਨਪਾਲ ਸਿੰਘ, ਜਸ਼ਨਦੀਪ ਸਿੰਘ, ਸੁੱਚਾ ਸਿੰਘ ਸਤਨਾਮ ਧੌਲ ਹਾਜ਼ਰ ਸਨ।