ਜਲੰਧਰ: ਕਮਿਸ਼ਨਰੇਟ ਪੁਲੀਸ ਵੱਲੋਂ ‘ਮਿਸ਼ਨ ਫ਼ਤਿਹ’ ਤਹਿਤ ਮਾਸਕ ਨਾ ਪਾਉਣ ਵਾਲੇ ਹੁਣ ਤੱਕ 36,540 ਲੋਕਾਂ ਦੇ ਚਲਾਨ ਕਰਕੇ 1.76 ਕਰੋੜ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹੋਮ ਕੁਆਰੰਟੀਨ ਦੀ ਉਲੰਘਣਾ ਕਰਨ ਵਾਲੇ 46 ਵਿਅਕਤੀਆਂ ਨੂੰ 86,000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਜਨਤਕ ਥਾਵਾਂ ’ਤੇ ਥੁੱਕਣ ਵਾਲੇ 454 ਵਿਅਕਤੀਆਂ ਨੂੰ 1,16,600 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। 57,015 ਟਰੈਫਿਕ ਚਲਾਨ ਕਰ ਕੇ 2,398 ਵਾਹਨਾਂ ਨੂੰ ਜ਼ਬਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 237 ਲੋਕਾਂ ਨੂੰ ਸਮਾਜਿਕ ਦੂਰੀ ਦੇ ਨਿਯਮ ਦੀ ਉਲੰਘਣਾ ਕਰਨ ’ਤੇ 4.86 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।
ਅੱਜ ਪੁਲੀਸ ਕਮਿਸ਼ਨਰੇਟ ਵਲੋਂ 147 ਟਰੈਫਿਕ ਚਲਾਨ ਕੀਤੇ ਗਏ ਹਨ ਤੇ 191 ਲੋਕਾਂ ਨੂੰ ਮਾਸਕ ਨਾ ਪਾਉਣ ’ਤੇ 95,500 ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ