ਪੱਤਰ ਪ੍ਰੇਰਕ
ਹੁਸ਼ਿਆਰਪੁਰ, 14 ਅਪਰੈਲ
ਪਿੱਪਲਾਂਵਾਲਾ ਵਿੱਚ ਬਣੇ ਡੰਪ ਵਿੱਚ ਕੂੜੇ ਕਰਕਟ ਨੂੰ ਅੱਗ ਲੱਗਣ ਕਾਰਨ ਆਸਪਾਸ ਦੇ ਇਲਾਕਿਆਂ ਕੀਰਤੀ ਨਗਰ, ਪਿੱਪਲਾਂਵਾਲਾ, ਪੁਰਹੀਰਾਂ, ਇੰਡਸਟ੍ਰੀਅਲ ਏਰੀਆ, ਗੁਰੂ ਗੋਬਿੰਦ ਸਿੰਘ ਨਗਰ ਆਦਿ ’ਚ ਰਹਿੰਦੇ ਲੋਕਾਂ ਨੂੰ ਸਾਹ ਲੈਣਾ ਮੁਸ਼ਕਿਲ ਹੋ ਗਿਆ ਹੈ। ਕੂੜੇ ਕਰਕਟ ਦੇ ਨਾਲ ਬਾਇਓ ਮੈਡੀਕਲ ਵੇਸਟ, ਨਾਈਲੋਨ ਦੇ ਕੱਪੜੇ, ਥਰਮੋਕੋਲ ਆਦਿ ਦੇ ਜਲਣ ਕਾਰਨ ਨਿਕਲ ਰਹੇ ਜ਼ਹਿਰੀਲੇ ਧੂੰਏਂ ਨਾਲ ਲੋਕਾਂ ਦਾ ਦਮ ਘੁਟ ਰਿਹਾ ਹੈ।
ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਤੰਦਰੁਸਤ ਪੰਜਾਬ ਤੇ ਕੇਂਦਰ ਸਰਕਾਰ ਦੀ ਸਵੱਛਤਾ ਮੁਹਿੰਮ ਕੇਵਲ ਕਾਗਜ਼ਾਂ ਤੱਕ ਹੀ ਸੀਮਤ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਕੰਟਰੋਲ ਬੋਰਡ, ਸਿਹਤ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀ ਮੂਕ ਦਰਸ਼ਕ ਬਣ ਕੇ ਲੋਕਾਂ ਦੀ ਸਿਹਤ ਨਾਲ ਹੋ ਰਹੇ ਖਿਲਵਾੜ ਨੂੰ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਨਰਕ ਭਰਿਆ ਜੀਵਨ ਬਤੀਤ ਕਰਨ ਲਈ ਮਜਬੂਰ ਹਨ ਅਤੇ ਲੋਕਾਂ ਨੂੰ ਹਰ ਸਮੇਂ ਕਿਸੇ ਨਾ ਕਿਸੇ ਗੰਭੀਰ ਬਿਮਾਰੀ ਦੇ ਫ਼ੈਲਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਧੀਮਾਨ ਨੇ ਕਿਹਾ ਕਿ ਜੇਕਰ ਲੋਕਾਂ ਦੀ ਸਮੱਸਿਆ ਨੂੰ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਗ੍ਰੀਨ ਟ੍ਰਿਬਿਊਨਲ ਦਾ ਦਰਵਾਜ਼ਾ ਖੜਕਾਇਆ ਜਾਵੇਗਾ।