ਪੱਤਰ ਪ੍ਰੇਰਕ
ਗੜ੍ਹਸ਼ੰਕਰ, 6 ਸਤੰਬਰ
ਗੜ੍ਹਸ਼ੰਕਰ ਦੇ ਪਿੰਡ ਅਲੀਪੁਰ ਵਿੱਚ ਕੱਲ੍ਹ ਹੋਈ ਛਿੰਝ ਮੌਕੇ ਪੁਰਾਣੀ ਰੰਜਿਸ਼ ਕਾਰਨ ਦੇਰ ਰਾਤ ਦੋ ਧਿਰਾਂ ਵਿਚਾਲੇ ਹੋਏ ਝਗੜੇ ਵਿੱਚ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਜਦਕਿ ਉਸ ਦਾ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਕ ਪਿੰਡ ਅਲੀਪੁਰ ਦੇ ਖੇਡ ਮੈਦਾਨ ਵਿੱਚ ਕੱਲ੍ਹ ਛਿੰਝ ਉਪਰੰਤ ਦੇਰ ਰਾਤ ਦੋ ਧਿਰਾਂ ਵਿੱਚ ਆਪਸੀ ਰੰਜਿਸ਼ ਕਾਰਨ ਝਗੜਾ ਹੋ ਗਿਆ। ਇਸ ਦੌਰਾਨ ਇਕ ਧਿਰ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਦੂਜੀ ਧਿਰ ਦੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਨਿਤਿਨ ਕੁਮਾਰ (21) ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਚਣਕੋਈ, ਤਹਿਸੀਲ ਬਲਾਚੌਰ ਵਜੋਂ ਹੋਈ ਹੈ ਜਦਕਿ ਉਸ ਦਾ ਸਾਥੀ ਸ਼ਮੀ ਕਪੂਰ ਪੁੱਤਰ ਬਲਵੀਰ ਸਿੰਘ ਵਾਸੀ ਅਲੀਪੁਰ ਗੰਭੀਰ ਜ਼ਖ਼ਮੀ ਹੋ ਗਿਆ, ਜਿਹੜਾ ਕਿ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਇਸ ਸਬੰਧੀ ਅੱਜ ਥਾਣਾ ਗੜ੍ਹਸ਼ੰਕਰ ਵਿੱਚ ਨਿਤਿਨ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੇ ਲਿਖਤੀ ਸ਼ਿਕਾਇਤ ਦੇ ਕੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਮਾਤਾ ਪਰਮਜੀਤ ਕੌਰ ਪਤਨੀ ਪਰਮਜੀਤ ਸਿੰਘ ਪਿੰਡ ਚਣਕੋਈ (ਬਲਾਚੌਰ) ਨੇ ਵਿਰਲਾਪ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਨਿਤਿਨ ਕੁਮਾਰ ਦਾ ਯੋਜਨਾਬੱਧ ਢੰਗ ਨਾਲ ਕਤਲ ਹੋਇਆ ਹੈ। ਉਨ੍ਹਾਂ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਇਸ ਮਾਮਲੇ ਬਾਰੇ ਥਾਣਾ ਗੜ੍ਹਸ਼ੰਕਰ ਦੇ ਮੁਖੀ ਬਲਜਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ਅਤੇ ਪੀੜਤ ਧਿਰਾਂ ਦੇ ਬਿਆਨਾਂ ਦੇ ਅਧਾਰ ’ਤੇ ਕਾਰਵਾਈ ਕੀਤੀ ਜਾਵੇਗੀ।